ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 7 ਅਕਤੂਬਰ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ, ਨਗਰ ਨਿਗਮ ਦੇ ਮੇਅਰ, ਸਿਵਲ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਸ਼ਹਿਰ ਵਿੱਚ ਸਾਫ਼ ਸਫਾਈ, ਟ੍ਰੈਫਿਕ ਸਮੇਤ ਹੋਰ ਪ੍ਰਬੰਧਾਂ ਦੇ ਮਾਮਲਿਆਂ ਨੂੰ ਵਿਚਾਰਿਆ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਹਨ। ਉਨ੍ਹਾਂ ਨੇ ਇਸ ਸ਼ਹਿਰ ਨੂੰ ਵਸਾਇਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਚੌਥੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕੀਤੇ ਜਾਂਦੇ ਹਨ ਅਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਇਤਿਹਾਸਕ ਦਿਹਾੜੇ ਮੌਕੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤੀ ਗੇਟ ਅਤੇ ਸਾਜ ਸਜਾਵਟ ਦਾ ਪ੍ਰਬੰਧ ਕਰੇਗੀ, ਉਥੇ ਹੀ ਨਗਰ ਨਿਗਮ ਨੂੰ ਵੀ ਨਗਰ ਕੀਰਤਨ ਦੇ ਰਸਤੇ ਦੀ ਲੋੜ ਅਨੁਸਾਰ ਮੁਰੰਮਤ ਅਤੇ ਸਾਫ ਸਫਾਈ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਵਿੱਚੋਂ ਦੁਕਾਨਾਂ ਦੇ ਬਾਹਰ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਿਹਾ, ਤਾਂ ਜੋ ਸੰਗਤਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾ ਸਕੇ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਮੇਅਰ ਕਰਮਜੀਤ ਸਿੰਘ ਰਿੰਟੂ ਨੇ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਮੇਅਰ, ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦਾ ਸੱਦਾ ਪੱਤਰ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ।ਮੀਟਿੰਗ ’ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ, ਡੀਸੀਪੀ ਪ੍ਰਮਿੰਦਰ ਸਿੰਘ ਭੰਡਾਲ, ਏਡੀਸੀਪੀ ਬੀਬੀ ਜਸਵੰਤ ਕੌਰ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਗੁਰਿੰਦਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਹੋਰ ਅਧਿਕਾਰੀ ਮੌਜੂਦ ਸਨ।