ਗੁਰਦੁਆਰਾ ਗੰਗਸਰ ਸਾਹਿਬ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ ‘ਮੀਰੀ-ਪੀਰੀ ਖਾਲਸਾ ਮਾਰਚ’
ਸੰਗਤਾਂ ’ਚ ਭਾਰੀ ਉਤਸ਼ਾਹ, ਪੰਥਕ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਅੱਜ ਆਪਣੇ ਅਗਲੇ ਪੜਾਅ ਵਜੋਂ ਗੁਰਦੁਆਰਾ ਗੰਗਸਰ ਸਾਹਿਬ, ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋ ਗਿਆ। ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ, ਖ਼ਾਲਸਾਈ ਰਵਾਇਤਾਂ ਨੂੰ ਅਪਣਾਉਣ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਧਰਮ ਦੀ ਵਿਲੱਖਣ ਪਛਾਣ ਹੈ, ਜੋ ਆਤਮਿਕਤਾ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੇ ਸੁਮੇਲ ਨੂੰ ਦਰਸਾਉਂਦਾ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਨਵਤੇਜ ਸਿੰਘ ਕਾਉਣੀ, ਅਵਤਾਰ ਸਿੰਘ ਵਣਵਾਲਾ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਬਾਬਾ ਹਰਜਿੰਦਰ ਸਿੰਘ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਗਿਆਨੀ ਬਲਦੇਵ ਸਿੰਘ, ਯੁਵਰਾਜ ਸਿੰਘ, ਸੰਦੀਪ ਸਿੰਘ ਕਲੋਤਾ ਅਤੇ ਸੁਖਵਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਖ਼ਾਲਸਾ ਮਾਰਚ ਦੀ ਰਵਾਨਗੀ ਮੌਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਜੈਕਾਰਿਆਂ ਨਾਲ ਮਾਹੌਲ ਗੂੰਜ ਉੱਠਿਆ। ਮਾਰਚ ਦੇ ਅਗਲੇ ਪੜਾਅ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣਗੇ।

