ਲਾਪਤਾ ਪਾਵਨ ਸਰੂਪ: ਵਿਸ਼ੇਸ਼ ਜਾਂਚ ਟੀਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਪੁੱਜੀ
ਟੀਮ ਨੇ ਜਾਂਚ ਲਈ ਲੋੜੀਂਦਾ ਰਿਕਾਰਡ ਮੰਗਿਆ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਅੱਜ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਪਹੁੰਚ ਕਰਕੇ ਲੋੜੀਂਦੇ ਰਿਕਾਰਡ ਦੀ ਮੰਗ ਕੀਤੀ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਦਫਤਰ ਵਿੱਚ ਵੀ ਦਸਤਕ ਦਿੱਤੀ ਗਈ ਹੈ। ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏਆਈਜੀ ਜਗਤਪ੍ਰੀਤ ਸਿੰਘ, ਮੈਂਬਰ ਹਰਪਾਲ ਸਿੰਘ ਤੇ ਹੋਰ ਅਧਿਕਾਰੀ ਸ਼੍ਰੋਮਣੀ ਕਮੇਟੀ ਦੇ ਦਫਤਰ ਪੁੱਜੇ, ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸਮੇਤ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।
ਜਾਂਚ ਅਧਿਕਾਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਰਿਕਾਰਡ ਚਾਹੀਦਾ ਹੈ, ਉਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਨੂੰ ਇੱਕ ਪੱਤਰ ਦੇ ਕੇ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖਤ ਦੇ ਇਸ ਸਬੰਧੀ ਹੋਏ ਆਦੇਸ਼ ਦੀ ਜਾਣਕਾਰੀ ਮਿਲਣ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਅੰਮ੍ਰਿਤਸਰ ਪੁੱਜੀ ਹੈ। ਉਨ੍ਹਾਂ ਆਖਿਆ ਕਿ ਰਿਕਾਰਡ ਮਿਲਣ ਤੋਂ ਬਾਅਦ ਸਾਰੇ ਮਾਮਲੇ ਨੂੰ ਘੋਖਿਆ ਜਾਵੇਗਾ। ਰਿਕਾਰਡ ਮਿਲਣ ਤੋਂ ਬਾਅਦ ਜਾਂਚ ਵਿੱਚ ਤੇਜ਼ੀ ਵੀ ਆਵੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦਾ ਮੁੱਖ ਕਾਰਜ ਪਾਵਨ ਸਰੂਪ ਜਿੰਨਾ ਬਾਰੇ ਹੁਣ ਤੱਕ ਪਤਾ ਨਹੀਂ ਲੱਗ ਰਿਹਾ ਹੈ, ਦਾ ਪਤਾ ਲਾਉਣਾ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਪੈਸਿਆਂ ਦੀ ਹੇਰਾਫੇਰੀ ਦਾ ਮਾਮਲਾ ਆਖਿਆ ਜਾ ਰਿਹਾ ਹੈ, ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਰਿਕਾਰਡ ਤੋਂ ਸਾਰਾ ਕੁਝ ਪਤਾ ਲੱਗ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਮੁਤਾਬਕ ਗ੍ਰਿਫਤਾਰ ਕੀਤੇ ਗਏ ਚਾਰਟਡ ਅਕਾਊਂਟੈਂਟ ਐਸਐਸ ਕੋਹਲੀ ਦਾ ਰਿਕਾਰਡ ਵੀ ਖੰਘਾਲਿਆ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਆਖਿਆ ਕਿ ਵਿਸ਼ੇਸ਼ ਜਾਂਚ ਟੀਮ ਚਾਹੁੰਦੀ ਹੈ ਕਿ ਇਸ ਸਬੰਧੀ ਰਿਕਾਰਡ ਅੰਮ੍ਰਿਤਸਰ ਵਿਖੇ ਹੀ ਉਪਲਬਧ ਕਰਵਾਇਆ ਜਾਵੇ ਕਿਉਂਕਿ ਇਹ ਮਾਮਲਾ ਅੰਮ੍ਰਿਤਸਰ ਵਿਖੇ ਹੀ ਦਰਜ ਹੈ।
ਇਹ ਵੀ ਪੜ੍ਹੋ: 328 ਲਾਪਤਾ ਸਰੂਪ ਮਾਮਲਾ: ਸਿੱਟ ਦੀ ਟੀਮ ਐਸਜੀਪੀਸੀ ਦੇ ਚੰਡੀਗੜ੍ਹ ਦਫਤਰ ਪੁੱਜੀ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਗਏ ਆਦੇਸ਼ ਮੁਤਾਬਕ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵਿਸ਼ੇਸ਼ ਜਾਂਚ ਟੀਮ ਨੂੰ ਲੋੜੀਂਦਾ ਰਿਕਾਰਡ ਮੁਹੱਈਆ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲ ਤਖਤ ਵੱਲੋਂ ਇਸ ਸਬੰਧ ਵਿੱਚ ਜਿਸ ਤਰ੍ਹਾਂ ਦੇ ਵੀ ਆਦੇਸ਼ ਮਿਲੇ ਹਨ ਉਸ ਨੂੰ ਉਸੇ ਤਰ੍ਹਾਂ ਹੀ ਪੂਰਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਸਬੰਧੀ ਮਾਮਲੇ ਵਿੱਚ ਸਹਿਯੋਗ ਕੀਤਾ ਜਾਵੇਗਾ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲ ਤਖਤ ਵੱਲੋਂ ਕੀਤੇ ਗਏ ਆਦੇਸ਼ ਦੇ ਮੁਤਾਬਕ ਇਸ ਮਾਮਲੇ ਸਬੰਧੀ ਸਮੁੱਚਾ ਰਿਕਾਰਡ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਦਫਤਰ ਵਿਖੇ ਜਾਂਚ ਲਈ ਮੁਹੱਈਆ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਜੋ ਵੀ ਰਿਕਾਰਡ ਦੀ ਮੰਗ ਕੀਤੀ ਗਈ ਹੈ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਹੇਠ ਹੀ ਮੁਹੱਈਆ ਕੀਤਾ ਜਾਵੇਗਾ। ਸੰਸਥਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਸ੍ਰੀ ਅਕਾਲ ਤਖਤ ਵੱਲੋਂ ਕਰਵਾਈ ਗਈ ਜਾਂਚ ਦੀ ਸਮੁੱਚੀ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ’ਤੇ ਉਪਲਬਧ ਹੈ। ਇਸ ਵਿੱਚ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਬਿਆਨ ਵੀ ਕਲਮਬੱਧ ਹਨ।
ਜਾਣਕਾਰੀ ਮੁਤਾਬਕ ਵਿਸ਼ੇਸ਼ ਜਾਂਚ ਟੀਮ ਵੱਲੋਂ ਇਸ ਕੇਸ ਵਿੱਚ ਨਾਮਜ਼ਦ ਕੀਤੇ ਗਏ 16 ਕਰਮਚਾਰੀਆਂ, ਅਧਿਕਾਰੀਆਂ ਤੇ ਹੋਰਨਾਂ ਦੇ ਸਰਵਿਸ ਰਿਕਾਰਡ ਵੀ ਮੰਗੇ ਗਏ ਹਨ। ਜਿੰਨਾ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਸ਼੍ਰੋਮਣੀ ਕਮੇਟੀ ਦੇ ਕਈ ਸਾਬਕਾ ਅਧਿਕਾਰੀ ਅਤੇ ਕਰਮਚਾਰੀ ਹਨ। ਇਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਚੁੱਕੀ ਹੈ ਅਤੇ ਕੁਝ ਵਿਦੇਸ਼ ਵਿੱਚ ਹਨ।
ਸ਼੍ਰੋਮਣੀ ਕਮੇਟੀ ਦਾ ਦੋਸ਼ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ਵਿੱਚ ਰਾਜਨੀਤੀ ਕਰ ਰਹੀ ਹੈ। ਜਦੋਂ ਕਿ ਸ੍ਰੀ ਅਕਾਲ ਤਖਤ ਦੇ ਆਦੇਸ਼ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਜ਼ਿੰਮੇਵਾਰ ਠਹਿਰਾਏ ਗਏ 16 ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਇੱਕ ਸ਼੍ਰੋਮਣੀ ਕਮੇਟੀ ਦਾ ਚਾਰਟਰਡ ਅਕਾਊਂਟੈਂਟ ਅਤੇ ਦੂਜਾ ਸਾਬਕਾ ਕਰਮਚਾਰੀ ਹੈ।

