ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਅਕਤੂਬਰ
328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਧਰਮ ਪ੍ਰਚਾਰ ਕਮੇਟੀ ਦੇ ਮਤੇ ’ਤੇ ਅਕਾਲ ਤਖਤ ਵਲੋਂ ਕੋਈ ਕਾਰਵਾਈ ਨਾ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਮੈਂਬਰ ਸੇਵਾ ਸਿੰਘ ਸੇਖਵਾਂ (ਅਕਾਲੀ ਦਲ ਡੈਮੋਕਰੈਟਿਕ), ਬੀਬੀ ਕਿਰਨਜੋਤ ਕੌਰ, ਹਰਬੰਸ ਸਿੰਘ ਮੰਝਪੁਰ, ਮਹਿੰਦਰ ਸਿੰਘ ਹੁਸੈਨਪੁਰ ਅਤੇ ਅਮਰੀਕ ਸਿੰਘ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਦਿੱਤਾ ਗਿਆ। ਇਸ ਪੱਤਰ ਵਿਚ ਉਨ੍ਹਾਂ ਆਖਿਆ ਕਿ ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਧਾਰਮਿਕ ਮਰਿਆਦਾ ਨਾਲ ਸਬੰਧਿਤ ਨਹੀਂ ਹੈ ਅਤੇ ਇਹ ਪ੍ਰਬੰਧਕੀ ਮਾਮਲਾ ਹੈ, ਜਿਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਖੁਦ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਧਰਮ ਪ੍ਰਚਾਰ ਕਮੇਟੀ ਰਾਹੀਂ ਸ਼੍ਰੋਮਣੀ ਕਮੇਟੀ ਵਲੋਂ ਇਹ ਮਾਮਲਾ ਅਕਾਲ ਤਖਤ ’ਤੇ ਭੇਜਿਆ ਗਿਆ ਹੈ। ਅਜਿਹਾ ਕਰਕੇ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਇਸੇ ਤਰ੍ਹਾਂ ਦੋਸ਼ੀਆਂ ਨੂੰ ਤਨਖਾਹ ਲਗਵਾ ਕੇ ਦੋਸ਼ ਮੁਕਤ ਕਰਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਮਤੇ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਸ਼੍ਰੋਮਣੀ ਕਮੇਟੀ ਅਜਿਹਾ ਕਰਕੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ।
ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਸਖਤ ਕਾਰਵਾਈ ਮੰਗੀ
ਗੁਰਦੁਆਰਾ ਯਾਦਗਾਰੇ ਸ਼ਹੀਦਾਂ ਦੇ ਮੁੱਖ ਪ੍ਰਬੰਧਕ ਭਾਈ ਸੁਖਵਿੰਦਰ ਸਿੰਘ ਅਗਵਾਨ, ਗੁਰਦੁਆਰਾ ਤਪ ਅਸਥਾਨ ਮਲਕਪੁਰ ਦੇ ਮੁੱਖ ਪ੍ਰਬੰਧਕ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਸਮੇਤ ਭਾਈ ਹਰਪਾਲ ਸਿੰਘ ਰਮਦਾਸ, ਯੋਧਬੀਰ ਸਿੰਘ, ਜਗਦੀਸ਼ ਸਿੰਘ ਤੇ ਹੋਰ ਸਿੱਖ ਸ਼ਖਸੀਅਤਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਸੌਂਪ ਕੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਖਿਲਾਫ ਸਖਤ ਅਤੇ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਭਵਿੱਖ ਵਿਚ ਅਜਿਹੀ ਕਾਰਵਾਈ ਨਾ ਹੋਵੇ। ਉਨ੍ਹਾਂ ਕਿਹਾ ਕਿ ਪੁਲੀਸ ਦੀ ਥਾਂ ਇਹ ਸੰਵੇਦਨਸ਼ੀਲ ਮਾਮਲਾ ਸ੍ਰੀ ਅਕਾਲ ਤਖ਼ਤ ’ਤੇ ਹੀ ਵਿਚਾਰਿਆ ਜਾਣਾ ਚਾਹੀਦਾ ਹੈ।