ਲਾਪਤਾ ਸਰੂਪ ਮਾਮਲਾ: ਅੰਤ੍ਰਿੰਗ ਕਮੇਟੀ ਵੱਲੋਂ ਸਰਕਾਰ ਦੀ ਕਾਰਵਾਈ ਧਾਰਮਿਕ ਮਾਮਲਿਆਂ ਵਿੱਚ ਦਖਲ ਕਰਾਰ
ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦਰਜ ਕੀਤੇ ਪੁਲੀਸ ਕੇਸ ਨੂੰ ਮੰਨਣ ਤੋਂ ਇੰਨਕਾਰ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਦੀ ਇਸ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਨੂੰ ਸਿੱਧੀ ਚੁਣੌਤੀ ਤੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ...
Advertisement
ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦਰਜ ਕੀਤੇ ਪੁਲੀਸ ਕੇਸ ਨੂੰ ਮੰਨਣ ਤੋਂ ਇੰਨਕਾਰ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਦੀ ਇਸ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਨੂੰ ਸਿੱਧੀ ਚੁਣੌਤੀ ਤੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰਾਰ ਦਿੱਤਾ ਹੈ।
ਅੱਜ ਇੱਥੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਰਕਾਰ ਵੱਲੋਂ ਦਰਜ ਕੀਤੇ ਗਏ ਕੇਸ ਅਤੇ ਮਾਮਲੇ ਨੂੰ ਵਿਚਾਰਨ ਲਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਸੀ, ਜਿਸ ਵਿੱਚ ਇਸ ਮਾਮਲੇ ਨੂੰ ਵਿਚਾਰਿਆ ਗਿਆ ਹੈ। ਉਨ੍ਹਾਂ ਸਰਕਾਰ ਦੀ ਇਸ ਕਾਰਵਾਈ ਨੂੰ ਸਿਆਸੀ ਹਿੱਤਾਂ ਨਾਲ ਪ੍ਰੇਰਿਤ ਕਾਰਵਾਈ ਕਰਾਰ ਦਿੱਤਾ।
ਧਾਮੀ ਨੇ ਆਖਿਆ ਕਿ ਇਹ ਮਾਮਲਾ ਪਾਵਨ ਸਰੂਪਾਂ ਦੀ ਬੇਅਦਬੀ ਦਾ ਨਹੀਂ ਸਗੋਂ ਹੇਰਾ ਫੇਰੀ ਨਾਲ ਸੰਬੰਧਿਤ ਹੈ। ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਇੱਕ ਮੈਂਬਰੀ ਜਾਂਚ ਕਮੇਟੀ ਵੱਲੋਂ ਇਸ ਦੀ ਜਾਂਚ ਕੀਤੀ ਗਈ ਸੀ ਅਤੇ ਜਾਂਚ ਰਿਪੋਰਟ ਵਿੱਚ 16 ਵਿਅਕਤੀਆਂ ਨੂੰ ਜਿੰਮੇਵਾਰ ਠਹਿਰਾਇਆ ਗਿਆ ਸੀ। ਉਨਾਂ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ਦੇ ਮੁਤਾਬਕ ਕਾਰਵਾਈ ਵੀ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਅੱਜ ਫੈਸਲਾ ਕੀਤਾ ਗਿਆ ਹੈ ਕਿ ਸਰਕਾਰ ਦੀ ਇਸ ਕਾਰਵਾਈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦਾ ਸਮੁੱਚਾ ਰਿਕਾਰਡ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਜਾਵੇਗਾ। ਇਸ ਮਾਮਲੇ ਚ ਅਗਲੇ ਦੀ ਕਾਰਵਾਈ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਹੀ ਹੋਵੇਗੀ।
ਐਡ. ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਨੂੰ ਅਣਡਿੱਠ ਕਰਕੇ ਇਹ ਕਾਰਵਾਈ ਕੀਤੀ ਗਈ ਹੈ, ਜੋ ਕਿ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ। ਇਸ ਮਾਮਲੇ ਵਿੱਚ ਇੱਕ ਵੇਲੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਪੁਲੀਸ ਕੇਸ ਦਰਜ ਕਰਾਉਣ ਬਾਰੇ ਵਿਚਾਰ ਕੀਤਾ ਗਿਆ ਸੀ ਪਰ ਸਿੱਖ ਵਿਦਵਾਨਾਂ ਨੇ ਅਜਿਹੀ ਕਾਰਵਾਈ ਕਰਨ ਤੋਂ ਮਨਾ ਕੀਤਾ ਸੀ ,ਸ੍ਰੀ ਅਕਾਲ ਤਖ਼ਤ ਵੱਲੋਂ ਵੀ ਇਸ ਸਬੰਧੀ ਕੋਈ ਆਦੇਸ਼ ਨਹੀਂ ਦਿੱਤੇ ਗਏ ਸਨ।
ਦੱਸਣ ਯੋਗ ਹੈ ਕਿ ਇਸ ਮਾਮਲੇ ਵਿੱਚ ਸਿੱਖ ਜਥੇਬੰਦੀ ਸਿੱਖ ਸਦਭਾਵਨਾ ਦਲ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਹੈਰੀਟੇਜ ਸਟ੍ਰੀਟ ਵਿੱਚ ਧਰਨਾ ਲਾਇਆ ਹੋਇਆ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸੇ ਤਹਿਤ ਹੀ ਬੀਤੇ ਦਿਨ ਮਹਾ ਪੰਚਾਇਤ ਕੀਤੀ ਗਈ ਸੀ, ਜਿਸ ਵਿੱਚ ਸਰਕਾਰ ਦੇ ਪ੍ਰਤਿਨਿਧ ਵਜੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ,ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ਨੇ ਵੀ ਸ਼ਮੂਲੀਅਤ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਦੀ ਮੰਗ ਤੇ ਇਸ ਮਾਮਲੇ ਵਿੱਚ ਪੁਲੀਸ ਕੇਸ ਦਰਜ ਕਰਨ ਦੀ ਹਦਾਇਤ ਕੀਤੀ। ਜਿਸ ਤੋਂ ਬਾਅਦ ਪੁਲੀਸ ਨੇ 16 ਵਿਅਕਤੀਆਂ ਨੂੰ ਨਾਮਜਦ ਕੀਤਾ ਅਤੇ ਪੁਲੀਸ ਕੇਸ ਦਰਜ ਕੀਤਾ।
Advertisement
Advertisement
