ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਵੱਲੋਂ ‘ਆਪ’ ਦੇ ਵਿਧਾਇਕ ਖਿਲਾਫ਼ ਸ੍ਰੀ ਅਕਾਲ ਤਖ਼ਤ ’ਤੇ ਸ਼ਿਕਾਇਤ !
ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਸੌਂਪ ਕੇ ਡੇਰਾ ਬਾਬਾ ਨਾਨਕ ਤੋਂ ‘ਆਪ’ ਦੇ ਵਿਧਾਇਕ ਦੇ ਖਿਲਾਫ਼ ਦਸਤਾਰ ਦੀ ਬੇਅਦਬੀ ਕਰਨ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ‘ਆਪ’ ਵਿਧਾਇਕ ਖਿਲਾਫ਼ ਸਿੱਖ ਪਰੰਪਰਾਵਾਂ ਮੁਤਾਬਕ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਹੈ।
ਇਸ ਦੌਰਾਨ ਭਾਜਪਾ ਆਗੂ ਸਰਚਾਂਦ ਸਿੰਘ ਖਿਆਲਾ ਨੇ ਵੀ ਇਸ ਮਾਮਲੇ ਵਿੱਚ ‘ਆਪ’ ਵਿਧਾਇਕ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਸੰਸਦ ਮੈਂਬਰ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਦਿੱਤੇ ਗਏ ਮੰਗ ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਬੀਤੇ ਕੱਲ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਵਾਸਤੇ ਨਾਮਜ਼ਦਗੀ ਪੱਤਰ ਭਰਨ ਸਮੇਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ‘ਆਪ’ ਵਰਕਰਾਂ ਵੱਲੋਂ ਕਾਂਗਰਸੀ ਆਗੂਆਂ ਨਾਲ ਵਧੀਕੀ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਦਸਤਾਰਾਂ ਦੀ ਬੇਅਦਬੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ‘ਆਪ’ ਵਿਧਾਇਕ ਨੇ ਕਿਹਾ ਕਿ ‘ਦਸਤਾਰਾਂ ਨੂੰ ਕਿਹੜੇ ਕਿੱਲ ਲੱਗੇ ਹੁੰਦੇ ਹਨ, ਇਹ ਤਾਂ ਲੱਥਦੀਆਂ ਹੀ ਹੁੰਦੀਆਂ ਹਨ।’ ਉਨ੍ਹਾਂ ਕਿਹਾ ਕਿ ਦਸਤਾਰ ਦੀ ਅਹਿਮੀਅਤ ਬਾਰੇ ਵਰਤੇ ਗਏ ਇਹ ਸ਼ਬਦ ਦਸਤਾਰ ਦੀ ਬੇਹੁਰਮਤੀ ਕਰਨ ਬਰਾਬਰ ਹਨ।
ਉਨ੍ਹਾਂ ਕਿਹਾ ਕਿ ‘ਆਪ’ ਵਿਧਾਇਕ ਦੀ ਇਹ ਕਾਰਵਾਈ ਸਿੱਖ ਸਿਧਾਂਤਾਂ ’ਤੇ ਹਮਲਾ ਹੈ। ਜਿਸ ਨਾਲ ਵੱਡੇ ਪੱਧਰ ’ਤੇ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਸਿੱਖ ਹਿਰਦੇ ਵਲੂੰਧਰੇ ਗਏ ਹਨ।
ਉਨ੍ਹਾਂ ਅਪੀਲ ਕੀਤੀ ਕਿ ਦਸਤਾਰ ਦੀ ਬੇਹੁਰਮਤੀ ਕਰਨ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ‘ਆਪ’ ਦੇ ਵਿਧਾਇਕ ਖਿਲਾਫ਼ ਸਿੱਖ ਪਰੰਪਰਾਵਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਬਾਹਰ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਹਾਕਮ ਧਿਰ ‘ਆਪ’ ਦੇ ਆਗੂਆਂ ਤੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਸਮੇਂ ਵਿਰੋਧੀ ਧਿਰ ਨੂੰ ਰੋਕਣ ਦੇ ਗੰਭੀਰ ਦੋਸ਼ ਵੀ ਲਾਏ ਹਨ।
ਇਸ ਦੌਰਾਨ ਭਾਜਪਾ ਆਗੂ ਸਰਚਾਂਦ ਸਿੰਘ ਖਿਆਲਾ ਨੇ ਡੀਜੀਪੀ ਨੂੰ ਭੇਜੇ ਇੱਕ ਪੱਤਰ ਵਿੱਚ ‘ਆਪ’ ਦੇ ਵਿਧਾਇਕ ਖਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਪੁਲੀਸ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
