ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਨਵੰਬਰ
ਬੇਰੁਜ਼ਗਾਰ ਮਲਟੀਪਰਜ਼ ਹੈਲਥ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਉਪ ਮੁੱਖ ਮੰਤਰੀ ਓ ਪੀ ਸੋਨੀ ਦੇ ਘਰ ਵੱਲ ਮਾਰਚ ਕੀਤਾ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਸਿਹਤ ਵਿਭਾਗ ਵਿੱਚ ਕੀਤੀਆਂ ਜਾ ਰਹੀਆਂ ਭਰਤੀਆਂ ਵਿੱਚ ਹੈਲਥ ਵਰਕਰ ਪੁਰਸ਼ ਅਤੇ ਮਹਿਲਾ ਲਈ ਪੰਜ ਸਾਲ ਦੀ ਉਮਰ ਹੱਦ ਦੀ ਛੋਟ ਦਿੱਤੀ ਜਾਵੇ। ਇਸੇ ਤਰ੍ਹਾਂ ਓਵਰਏਜ ਬੇਰੁਜ਼ਗਾਰ ਯੂਨੀਅਨ ਨੇ ਵੀ ਮੰਗ ਪੱਤਰ ਦੇ ਕੇ ਸਰਕਾਰੀ ਨੌਕਰੀਆਂ ਵਿੱਚ ਭਰਤੀ ਦੀ ਉਮਰ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ।
ਇਹ ਪ੍ਰਦਰਸ਼ਨਕਾਰੀ ਪਹਿਲਾਂ ਇੱਕ ਥਾਂ ’ਤੇ ਇਕੱਠੇ ਹੋਏ ਅਤੇ ਮਾਰਚ ਕਰਦੇ ਹੋਏ ਉੱਪ ਮੁੱਖ ਮੰਤਰੀ ਦੇ ਘਰ ਨੇੜੇ ਪੁੱਜੇ, ਜਿੱਥੇ ਪੁਲੀਸ ਵੱਲੋਂ ਪਹਿਲਾਂ ਹੀ ਬੈਰੀਕੇਡਿੰਗ ਕੀਤੀ ਹੋਈ ਸੀ ਅਤੇ ਪੁਲੀਸ ਨੇ ਉਨ੍ਹਾਂ ਨੂੰ ਅਗਾਂਹ ਜਾਣ ਤੋਂ ਰੋਕ ਦਿੱਤਾ। ਇਸ ਦੌਰਾਨ ਸ੍ਰੀ ਸੋਨੀ ਦੇ ਪੁੱਤਰ ਵਿਕਾਸ ਸੋਨੀ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਕੋਲੋਂ ਮੰਗ ਪੱਤਰ ਲਏ ਅਤੇ ਉਨ੍ਹਾਂ ਦਾ ਮਾਮਲਾ ਉੱਪ ਮੁਖ ਮੰਤਰੀ ਤੱਕ ਪੁੱਜਦਾ ਕਰਨ ਦਾ ਭਰੋਸਾ ਦਿੱਤਾ। ਜਥੇਬੰਦੀ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਦੇ ਨਾਂ ਹੇਠ ਦਿੱਤੇ ਇਸ ਮੰਗ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਮਲਟੀਪਰਪਰਜ਼ ਹੈਲਥ ਵਰਕਰ ਪੁਰਸ਼ਾਂ ਦੀਆਂ ਸੈਂਕੜੇ ਆਸਾਮੀਆਂ ਖਾਲੀ ਪਈਆਂ ਹਨ। ਇਸ ਸਬੰਧੀ ਕੋਰਸ ਕਰ ਚੁੱਕੇ ਵਿਅਕਤੀ ਪਹਿਲਾਂ ਨੌਕਰੀਆਂ ਨਾ ਦੇਣ ਕਾਰਨ ਯੋਗਤਾ ਲਈ ਨਿਰਧਾਰਤ ਉਮਰ ਤੋਂ ਵੱਧ ਉਮਰ ਦੇ ਹੋ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਵਿਭਾਗ ਵਿੱਚ ਖਾਲੀ ਪਈਆਂ ਆਸਾਮੀਆਂ ਨੂੰ ਉਮਰ ਹੱਦ ਵਿੱਚ ਛੋਟ ਦੇ ਕੇ ਭਰਤੀ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਵੀ ਲਟਕੀ ਹੋਈ ਹੈ, ਜਿਸਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਹੈਲਥ ਵਰਕਰਾਂ ਦੀਆਂ ਬਚੀਆਂ ਹੋਈਆਂ ਖਾਲੀ ਆਸਾਮੀਆਂ ਨੂੰ ਸਿਹਤ ਵਿਭਾਗ ਦੀ ਵੈੱਬਸਾਈਟ ’ਤੇ ਅਪਲੋਡ ਕਰਵਾਇਆ ਜਾਵੇ, ਪੰਜਾਬ ਵਿੱਚ ਖਾਲੀ ਪਈਆਂ ਹੈਲਥ ਵਰਕਰ ਪੁਰਸ਼ ਅਤੇ ਔਰਤਾਂ ਦੀਆਂ ਸਾਰੀਆਂ ਖਾਲੀ ਆਸਾਮੀਆਂ ਨੂੰ ਪੰਜ ਸਾਲ ਦੀ ਉਮਰ ਹੱਦ ਦੀ ਛੋਟ ਦੇ ਕੇ ਭਰਤੀ ਕੀਤਾ ਜਾਵੇ।