ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 17 ਅਪਰੈਲ

Advertisement

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਸ਼ਬਦ ਗਾਇਨ ਕਰਦਿਆਂ ਨਗਰ ਕੀਰਤਨ ਦੀ ਸ਼ੋਭਾ ਵਧਾਈ। ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 18 ਅਪਰੈਲ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਬੀਤੇ ਕੱਲ੍ਹ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਸ ਦੇ ਭੋਗ 18 ਅਪਰੈਲ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ ਮਹੀਨੇ ਵਿਚ ਮਨਾਈ ਜਾ ਰਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਆਰੰਭਤਾ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ।

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਜਾਣਗੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਮੇਤ ਸੰਗਤਾਂ ਮੌਜੂਦ ਸਨ।

Advertisement
Show comments