ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆ
ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਤੋਂ ਪਾਵਨ ਸਰੂਪ ਨੂੰ ਆਪਣੇ ਸਿਰ ’ਤੇ ਲੈ ਕੇ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਵਿੱਚ ਸਿੱਖ ਸ਼ਬਦੀ ਜਥੇ, ਬੈਂਡ ਅਤੇ ਗਤਕਾ ਜਥੇ ਤੇ ਹੋਰ ਸ਼ਾਮਲ ਸਨ।
ਇਸ ਤੋਂ ਪਹਿਲਾਂ ਖਾਲਸਾ ਕਾਲਜ ਦੀ ਪ੍ਰਬੰਧਕੀ ਕਮੇਟੀ ਗਵਰਨਰ ਕੌਂਸਲ ਵੱਲੋਂ ਇੱਕ ਨਗਰ ਕੀਰਤਨ ਸਜਾਇਆ ਗਿਆ, ਜੋ ਸ੍ਰੀ ਹਰਿਮੰਦਰ ਸਾਹਿਬ ਤੱਕ ਪੁੱਜਾ।
ਨਗਰ ਕੀਰਤਨ ਸ੍ਰੀ ਅਕਾਲ ਤਖਤ ਤੋਂ ਆਰੰਭ ਹੋਇਆ ਅਤੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਵਾਪਸ ਸ੍ਰੀ ਹਰਿਮੰਦਰ ਸਾਹਿਬ ਸਮੂਹ ਪੁੱਜ ਕੇ ਸਮਾਪਤ ਹੋਵੇਗਾ। ਨਗਰ ਕੀਰਤਨ ਵਿੱਚ ਸਿੱਖ ਸੰਗਤਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਭਗਵੰਤ ਸਿੰਘ ਧਗੇੜਾ ਤੇ ਹੋਰ ਵੱਡੀ ਗਿਣਤੀ ਵਿੱਚ ਅਧਿਕਾਰੀ ਦੇ ਕਰਮਚਾਰੀ ਸ਼ਾਮਲ ਸਨ।
ਬੁਲਾਰੇ ਨੇ ਦੱਸਿਆ ਕਿ ਭਲਕੇ ਪੰਜ ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਗੁਰਮਤਿ ਸਮਾਗਮ ਤੋਂ ਇਲਾਵਾ ਸਵੇਰੇ ਸੁੰਦਰ ਜਲੌ ਸਜਾਏ ਜਾਣਗੇ, ਸ਼ਾਮ ਨੂੰ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।
