ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਮਾਰਚ
ਹੋਲੇ ਮਹੱਲੇ ਦੇ ਮੌਕੇ ਅੱਜ ਸ੍ਰੀ ਗੁਰੂ ਸਿੰਘ ਸਭਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੁਰਾਤਨ ਚੱਲੀ ਆ ਰਹੀ ਪ੍ਰੰਪਰਾ ਅਨੁਸਾਰ ਸੁਰਮਈ ਨਿਸ਼ਾਨ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਅਕਾਲ ਤਖਤ ਤੇ ਨਗਰ ਕੀਰਤਨ ਸਜਾਇਆ ਗਿਆ।
ਇਸ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਅਤੇ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਅਨੂਪ ਸਿੰਘ ਵਿਰਦੀ ਤੇ ਹੋਰ ਅਹੁਦੇਦਾਰਾਂ ਸਮੇਤ ਸੰਗਤ ਦੀ ਹਾਜ਼ਰੀ ਵਿੱਚ ਸ੍ਰੀ ਅਕਾਲ ਤਖਤ ’ਤੇ ਅਰਦਾਸ ਕੀਤੀ ਗਈ ਅਤੇ ਬਾਅਦ ਵਿੱਚ ਨਗਰ ਕੀਰਤਨ ਆਰੰਭ ਹੋਇਆ। ਇਹ ਨਗਰ ਕੀਰਤਨ ਸ਼ਹਿਰ ਦੇ ਪੁਰਾਤਨ ਬਾਜ਼ਾਰਾਂ ਵਿੱਚੋਂ ਲੰਘਦਾ ਹੋਇਆ ਗੁਰਦੁਆਰਾ ਸ਼ਹੀਦਾਂ ਤਰਨਤਾਰਨ ਰੋਡ, ਸੁਲਤਾਨਵਿੰਡ ਰੋਡ, ਬੁਰਜ ਅਕਾਲੀ ਫੂਲਾ ਸਿੰਘ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖਤ ’ਤੇ ਪੁੱਜ ਕੇ ਸਮਾਪਤ ਹੋਇਆ। ਸੁਰਮਈ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਸਜਾਉਣ ਦੀ ਪ੍ਰੰਪਰਾ ਗੁਰੂ ਕਾਲ ਵੇਲੇ ਤੋਂ ਹੀ ਚੱਲ ਰਹੀ ਹੈ। ਜੋ ਅੱਜ ਵੀ ਜਾਰੀ ਹੈ। ਇਸ ਮੌਕੇ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਵੀ ਸ਼ਾਮਲ ਸੀ। ਨਗਰ ਕੀਰਤਨ ਦੇ ਰਸਤੇ ਵਿਚ ਕਈ ਥਾਵਾਂ ’ਤੇ ਸਵਾਗਤ ਕੀਤਾ ਗਿਆ।
ਤਰਨ ਤਾਰਨ (ਪੱਤਰ ਪ੍ਰੇਰਕ) ਇਲਾਕੇ ਦੇ ਪਿੰਡ ਢੋਟੀਆਂ ਦੇ ਗੁਰਦੁਆਰਾ ਬਾਬਾ ਰਾਜਾ ਰਾਮ ਅਤੇ ਗੁਰਦੁਆਰਾ ਬਾਬਾ ਬੀਰ ਸਿੰਘ ਤੋਂ ਅੱਜ ਹੋਲਾ ਮਹੱਲਾ ਦੇ ਸਮਾਗਮਾਂ ਨੂੰ ਸਮਰਪਿਤ ਅੱਜ ਇਲਾਕੇ ਅੰਦਰ ਮਨੋਹਰ ਨਗਰ ਕੀਰਤਨ ਸਜਾਇਆ ਗਿਆ| ਸ੍ਰੀ ਗੁਰੂ ਗਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਤਰਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ ਜਦੋਂਕਿ ਨਗਰ ਕੀਰਤਨ ਵਿੱਚ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ| ਨਗਰ ਕੀਰਤਨ ਪਿੰਡ ਦੇ ਵੱਖ ਵੱਖ ਵਾਰਡਾਂ ਤੋਂ ਹੁੰਦਾ ਹੋਇਆ ਆਸ ਪਾਸ ਦੇ ਪਿੰਡਾਂ ਤੱਕ ਵੀ ਗਿਆ ਜਿਥੇ ਸ਼ਰਧਾਲੂਆਂ ਵਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ|
ਪਿੰਡਾਂ ਅੰਦਰ ਸੰਗਤਾਂ ਦੀ ਸੇਵਾ ਲਈ ਲੰਗਰ ਆਦਿ ਲਗਾਏ ਹੋਏ ਸਨ| ਢੋਟੀਆਂ ਪਿੰਡ ਦੀ ਸ਼ਹੀਦ ਭਗਤ ਸਿੰਘ ਸਮਾਜ ਭਲਾਈ ਤੇ ਸਭਿਆਚਾਰਕ ਕਲੱਬ ਦੇ ਚੇਅਰਮੈਨ ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਨਗਰ ਕੀਰਤਨ ਦੇ ਪ੍ਰਬੰਧਾਂ ਵਿੱਚ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਤੋਂ ਇਲਾਵਾ ਢੋਟੀਆਂ ਦੇ ਸਰਪੰਚ ਅਜਮੇਰ ਸਿੰਘ, ਸਾਬਕ ਸਰਪੰਚ ਰਣਜੀਤ ਸਿੰਘ ਰਾਣਾ, ਪਰਮਜੀਤ ਸਿੰਘ, ਜਸਬੀਰ ਸਿੰਘ ਆਦਿ ਨੇ ਸਹਿਯੋਗ ਦਿੱਤਾ|