ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਗਸਤ
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਇਸ ਵਾਰ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰਕਾਸ਼ ਦਿਹਾੜਾ 19 ਅਗਸਤ ਨੂੰ ਆ ਰਿਹਾ ਹੈ। ਕਰੋਨਾ ਕਾਰਨ ਹੁਣ ਇਸ ਮੌਕੇ ਇਕੱਠ ਨਹੀਂ ਕੀਤਾ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ ਡੀਸੀ ਅਤੇ ਪੁਲੀਸ ਕਮਿਸ਼ਨਰ ਨਾਲ ਮੀਟਿੰਗ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਹ ਰਵਾਇਤ ਗੁਰੂ ਕਾਲ ਤੋਂ ਹੀ ਚਲਦੀ ਆ ਰਹੀ ਹੈ। ਇਸ ਵਾਰ ਕਰੋਨਾ ਕਾਰਨ ਕੇਵਲ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ।