ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਬਰਨਾਲਾ ਲਾਠੀਚਾਰਜ ਮਾਮਲੇ ਸਬੰਧੀ ਪੰਜਾਬ ਸਰਕਾਰ ਕੋਲੋਂ ਰਿਪੋਰਟ ਮੰਗੀ: ਪ੍ਰਿਯੰਕ ਕਾਨੂੰਨਗੋ
ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ਉੱਤੇ ਹੋਇਆ ਲਾਠੀਚਾਰਜ ਗੰਭੀਰ ਮਾਮਲਾ: ਕਾਨੂੰਨਗੋ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਇਹ ਜਾਣਕਾਰੀ ਦਿੱਤੀ ਹੈ। ਉਹ ਅੱਜ ਅੰਮ੍ਰਿਤਸਰ ਦੇ ਦੌਰੇ 'ਤੇ ਆਏ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਿਯੰਕ ਕਾਨੂੰਨਗੋ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਾਜੇਸ਼ ਬਾਘਾ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉੱਤੇ ਹੋਏ ਲਾਠੀਚਾਰਜ ਸਬੰਧੀ ਸ਼ਿਕਾਇਤ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜੀ ਗਈ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਮਿਸ਼ਨ ਨੇ ਪੰਜਾਬ ਸਰਕਾਰ ਕੋਲੋਂ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ।
ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਉਹ ਖ਼ੁਦ ਵੀ ਬਰਨਾਲਾ ਦਾ ਦੌਰਾ ਕਰਕੇ ਪੀੜਤ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਘਟਨਾ ਦੀ ਹਕੀਕਤ ਦਾ ਜਾਇਜ਼ਾ ਲੈਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ਉੱਪਰ ਹੋਇਆ ਲਾਠੀਚਾਰਜ ਬਹੁਤ ਗੰਭੀਰ ਮਾਮਲਾ ਹੈ। ਕਮਿਸ਼ਨ ਮੈਂਬਰ ਮੁਤਾਬਕ ਜੇਕਰ ਜਾਂਚ ਦੌਰਾਨ ਕਿਸੇ ਵੀ ਅਧਿਕਾਰੀ ਜਾਂ ਹੋਰ ਵਿਅਕਤੀ ਦੀ ਜਵਾਬਦੇਹੀ ਸਾਹਮਣੇ ਆਉਂਦੀ ਹੈ, ਤਾਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

