ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
ਨਿਊਜ਼ੀਲੈਂਡ ਦੇ ਵਿਕਾਸ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ ਲਈ ਸਿੱਖਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਕੀਤੀ ਚਰਚਾ
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਅੱਜ ਆਕਲੈਂਡ ਦੇ ਓਟਾਹੂਹੂ ਵਿਖੇ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਐਤਵਾਰ ਨੂੰ ਅਕਾਲ ਤਖ਼ਤ ਸਕੱਤਰੇਤ ਵੱਲੋਂ ਜਾਰੀ ਇੱਕ ਬਿਆਨ ਵਿੱਚ ਦੱਸਿਆ ਗਿਆ ਕਿ ਦੋਵਾਂ ਆਗੂਆਂ ਨੇ ਨਿਊਜ਼ੀਲੈਂਡ ਵਿੱਚ ਰਹਿ ਰਹੇ ਸਿੱਖ ਭਾਈਚਾਰੇ ਅਤੇ ਹੋਰਨਾਂ ਭਾਈਚਾਰਿਆਂ ਵਿਚਕਾਰ ਆਪਸੀ ਸਮਝ ਤੇ ਇਤਫ਼ਾਕ ਸਬੰਧੀ ਵਿਚਾਰਾਂ ਹੋਈਆਂ। ਉਨ੍ਹਾਂ ਨੇ ਨਿਊਜ਼ੀਲੈਂਡ ਦੇ ਵਿਕਾਸ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ ਲਈ ਸਿੱਖਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।
ਜਥੇਦਾਰ ਗੜਗੱਜ ਨੇ ਨਿਊਜ਼ੀਲੈਂਡ ਵਿੱਚ ਸਿੱਖਾਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਨੂੰ ਮਾਣ-ਸਨਮਾਨ ਦੇਣ ਲਈ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦਾ ਧੰਨਵਾਦ ਕੀਤਾ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਸੰਸਾਰ ਦੇ ਸਭ ਤੋਂ ਪਵਿੱਤਰ ਸਿੱਖ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੱਦਾ ਦਿੱਤਾ, ਜਿਸ ਨੂੰ ਉਨ੍ਹਾਂ ਨੇ ਖੁਸ਼ੀ-ਖੁਸ਼ੀ ਸਵੀਕਾਰ ਕਰ ਲਿਆ।
ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕੀਤਾ। ਪ੍ਰਧਾਨ ਮੰਤਰੀ ਨੇ ਵੀ ਜਥੇਦਾਰ ਨੂੰ ਤੋਹਫ਼ੇ ਵਜੋਂ ਇੱਕ ਘੜੀ ਭੇਟ ਕੀਤੀ। ਇਸ ਮੌਕੇ ਟਾਕਾਨਿਨੀ ਤੋਂ ਐੱਮ ਪੀ ਰੀਮਾ ਨਾਖਲੇ, ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜ਼ੀਲੈਂਡ ਦੇ ਬੁਲਾਰੇ ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਜਿੰਝਰ ਅਤੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਹਾਜ਼ਰ ਸਨ।

