DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ

ਅਦਾਲਤ ਦੇ ਅੰਤਿਮ ਫ਼ੈਸਲੇ ਤੱਕ ਸ਼੍ਰੋਮਣੀ ਕਮੇਟੀ ਆਪਣੇ ਫ਼ਰਜ਼ ਪਹਿਲਾਂ ਵਾਂਗ ਨਿਭਾਏਗੀ: SGPC ਪ੍ਰਧਾਨ

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ, ਸ਼ਾਹਬਾਦ ਮਾਰਕੰਡਾ ਵਿਖੇ ਪਹੁੰਚ ਕੇ ਟਰੱਸਟ ਮੈਂਬਰਾਂ, ਹਸਪਤਾਲ ਦੇ ਸਟਾਫ਼ ਅਤੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਹਸਪਤਾਲ ਸਬੰਧੀ ਅਦਾਲਤੀ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਸ਼੍ਰੋਮਣੀ ਕਮੇਟੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟੇਗੀ ਅਤੇ ਸਟਾਫ਼ ਦੀਆਂ ਤਨਖ਼ਾਹਾਂ ਸਮੇਤ ਮਰੀਜ਼ਾਂ ਨੂੰ ਮਿਲ ਰਹੀਆਂ ਸਾਰੀਆਂ ਮੈਡੀਕਲ ਸਹੂਲਤਾਂ ਨੂੰ ਨਿਰਵਿਘਨ ਜਾਰੀ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ਨੂੰ ਚਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖਰਾ ਟਰੱਸਟ ਬਣਾਇਆ ਗਿਆ ਹੈ ਅਤੇ ਇਸ ਟਰੱਸਟ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਲ 2006 ਤੋਂ ਹੋਂਦ ਵਿੱਚ ਆਇਆ ਇਹ ਹਸਪਤਾਲ ਅੱਜ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਖ਼ੁਸ਼ੀ ਹੈ ਕਿ ਹਸਪਤਾਲ ਦੀ ਓ ਪੀ ਡੀ ਤੋਂ ਇਲਾਵਾ ਕੈਥ ਲੈਬ, ਗੋਡਿਆਂ ਤੇ ਹੋਰ ਮੈਡੀਕਲ ਸੇਵਾਵਾਂ ਦਾ ਵੱਡੀ ਗਿਣਤੀ ਵਿੱਚ ਲੋਕ ਲਾਭ ਲੈ ਰਹੇ ਹਨ ਅਤੇ ਖ਼ਾਸ ਤੌਰ ’ਤੇ ਤਿੰਨ ਸਾਲ ਪਹਿਲਾਂ ਸ਼ੁਰੂ ਕੀਤੀ ਗਈ ਕੈਥ ਲੈਬ ਬਹੁਤ ਸਫ਼ਲਤਾ ਨਾਲ ਚੱਲ ਰਹੀ ਹੈ।

Advertisement

ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੀਰੀ-ਪੀਰੀ ਮੈਡੀਕਲ ਸੰਸਥਾ ਨੂੰ ਲਗਪਗ 142 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਹਰ ਸਾਲ ਬਜਟ ਵਿੱਚ ਕਰੀਬ 8 ਕਰੋੜ ਰੁਪਏ ਦੀ ਵਿਵਸਥਾ ਰੱਖੀ ਜਾਂਦੀ ਹੈ ਅਤੇ ਬੀਤੇ ਸਮੇਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵੀ ਲਗਪਗ 25 ਕਰੋੜ ਰੁਪਏ ਦੀ ਅਮਾਨਤ ਇਸ ਸੰਸਥਾ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਨੂੰ ਭਵਿੱਖ ਵਿੱਚ ਮੈਡੀਕਲ ਕਾਲਜ ਦੇ ਰੂਪ ਵਿੱਚ ਵਿਕਸਤ ਕਰਨ ਦਾ ਵੀ ਸ਼੍ਰੋਮਣੀ ਕਮੇਟੀ ਦਾ ਮਕਸਦ ਹੈ, ਜਿਸ ਲਈ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ।

Advertisement

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਅਦਾਲਤਾਂ ਦੇ ਫ਼ੈਸਲਿਆਂ ਦਾ ਸਤਿਕਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਵੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 12 ਮਈ ਨੂੰ ਆਏ ਫ਼ੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਅਧਿਕਾਰ ਅਨੁਸਾਰ ਐੱਲ ਪੀ ਏ  (LPA) ਦਾਇਰ ਕੀਤੀ ਗਈ ਸੀ, ਜਿਸ ’ਤੇ ਹਾਈ ਕੋਰਟ ਦੇ ਡਬਲ ਬੈਂਚ ਵੱਲੋਂ ਸੁਣਵਾਈ ਕੀਤੀ ਗਈ ਅਤੇ ਨਵੇਂ ਬਣੇ ਮੈਡੀਕਲ ਬੋਰਡ ਸਬੰਧੀ ਕਾਰਵਾਈ ’ਤੇ ਰੋਕ ਲਗਾਈ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਲਈ ਹੁਣ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਇੱਥੇ ਮਸਲਾ ਕਿਸੇ ਤਰ੍ਹਾਂ ਦੇ ਕਬਜ਼ੇ ਦਾ ਨਹੀਂ, ਸਗੋਂ ਲੋਕਾਂ ਨੂੰ ਮੈਡੀਕਲ ਸੇਵਾਵਾਂ ਦੇਣ ਅਤੇ ਸੰਸਥਾ ਦੇ ਫ਼ਰਜ਼ ਨਿਭਾਉਣ ਦਾ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਸਪਤਾਲ ਦੇ ਸਟਾਫ਼ ਦੀਆਂ ਤਨਖ਼ਾਹਾਂ ਲਈ 1 ਕਰੋੜ 40 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਤਨਖ਼ਾਹਾਂ ਵੀ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੁਝ ਡਾਕਟਰ ਅਤੇ ਹੋਰ ਸਟਾਫ਼ ਮੈਂਬਰ ਪਿਛਲੇ ਸਮੇਂ ਵਿੱਚ ਹਸਪਤਾਲ ਛੱਡ ਕੇ ਚਲੇ ਗਏ ਸਨ, ਉਨ੍ਹਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਿੰਨਾ ਚਿਰ ਅਦਾਲਤ ਦਾ ਅੰਤਿਮ ਫ਼ੈਸਲਾ ਨਹੀਂ ਆਉਂਦਾ, ਸ਼੍ਰੋਮਣੀ ਕਮੇਟੀ ਆਪਣੇ ਪਹਿਲਾਂ ਵਾਲੇ ਫ਼ਰਜ਼ ਪੂਰੀ ਤਰ੍ਹਾਂ ਨਿਭਾਏਗੀ।

Advertisement
×