ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਅਗਸਤ
ਇੱਥੇ ਹੋਲੀ ਸਿਟੀ ਕਲੋਨੀ ਵਿੱਚ ਕਤਲ ਦੀ ਵਾਰਦਾਤ ਤੋਂ ਬਾਅਦ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹੁਣ ਕਲੋਨੀ ਦੇ ਗੁਰਦੁਆਰੇ ਦੀ ਕੰਧ ’ਚ ਪਾੜ ਲਾ ਕੇ ਕੋਈ ਹੋਰ ਘਟਨਾ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਤਿੰਨ ਨਕਾਬਪੋਸ਼ ਅਣਪਛਾਤੇ ਵਿਅਕਤੀ ਗੁਰਦੁਆਰੇ ਦੀ ਕੰਧ ’ਚ ਪਾੜ ਲਾ ਕੇ ਦਾਖਲ ਹੋਏ। ਉਨ੍ਹਾਂ ਨੇ ਗੁਰਦੁਆਰੇ ਦੇ ਉਸ ਕਮਰੇ ਦਾ ਦਰਵਾਜ਼ਾ ਤੋੜਨ ਦੀ ਕੋਸ਼ਿਸ਼ ਕੀਤੀ ਜਿਥੇ ਪਾਵਨ ਸਰੂਪ ਦਾ ਸੁਖ ਆਸਨ ਕੀਤਾ ਗਿਆ ਸੀ। ਕਮਰੇ ਅੰਦਰ ਸੁੱਤੇ ਗ੍ਰੰਥੀ ਦੀ ਜਾਗ ਖੁੱਲ੍ਹਣ ਕਾਰਨ ਇਹ ਵਿਅਕਤੀ ਭੱਜ ਗਏ। ਗੁਰਦੁਆਰੇ ਵਿਖੇ ਲੱਗੇ ਸੀਸੀਟੀ ਵੀ ਕੈਮਰਿਆਂ ਵਿੱਚ ਇਨ੍ਹਾਂ ਵਿਅਕਤੀਆਂ ਦੀਆਂ ਤਸਵੀਰਾਂ ਆ ਗਈਆਂ ਪਰ ਉਹ ਕੈਮਰਾ ਵੀ ਤੋੜ ਗਏ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲੀਸ ਵਲੋਂ ਮੌਕੇ ’ਤੇ ਆ ਕੇ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ ਹੈ। ਪੁਲੀਸ ਨੇ ਕੈਮਰਿਆਂ ਦੀ ਫੁਟੇਜ ਵੀ ਲੈ ਲਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇੱਥੇ ਵਰਣਨਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਕਲੋਨੀ ਵਿੱਚ ਕੁਝ ਹਥਿਆਰਬੰਦ ਵਿਅਕਤੀਆਂ ਵੱਲੋਂ ਇਕ ਪੈਟਰੋਲ ਪੰਪ ਦੇ ਮਾਲਕ ਦੀ ਉਸ ਦੇ ਘਰ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਲੋਨੀ ਵਾਸੀਆਂ ਵੱਲੋਂ ਆਪਣੀ ਸੁਰੱਖਿਆ ਖੁਦ ਕਰਨ ਦੇ ਮਕਸਦ ਨਾਲ ਆਪਣੇ ਪੱਧਰ ’ਤੇ ਸੁਰੱਖਿਆ ਕਰਮਚਾਰੀ ਰੱਖਣ ਦਾ ਫੈਸਲਾ ਕੀਤਾ ਗਿਆ। ਹੋਲੀ ਸਿਟੀ ਟਾਊਨਸ਼ਿਪ ਐਸੋਸੀੲਏਸ਼ਨ ਦੇ ਚੀਫ ਪੈਟਰਨ ਐੱਚ.ਐੱਸ. ਘੁੰਮਣ, ਰਾਜਨ ਮਾਨ, ਗੁਰਦੇਵ ਸਿੰਘ ਮਾਹਲ, ਗੁਰਪ੍ਰੀਤ ਸਿੰਘ ਸਿੱਧੂ, ਸਾਬਕਾ ਰਜਿਸਟਰਾਰ ਡਾ ਸ਼ਰਨਜੀਤ ਸਿੰਘ ਢਿੱਲੋਂ, ਵਿਜੇ ਸ਼ਰਮਾ ਅਤੇ ਰਣਜੀਤ ਸਿੰਘ ਰਾਣਾ ਨੇ ਦੋਸ਼ ਲਾਇਆ ਕਿ ਕਤਲ ਦੀ ਵਾਰਦਾਤ ਤੋਂ ਬਾਅਦ ਕਲੋਨੀ ਵਾਸੀਆਂ ਵੱਲੋਂ ਆਪਣੀ ਸੁਰੱਖਿਆ ਖੁਦ ਕਰਨ ਲਈ ਚੁੱਕੇ ਗਏ ਕਦਮਾਂ ਤਹਿਤ ਕਲੋਨਾਈਜ਼ਰ ਵੱਲੋਂ ਉਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਮਿਸ਼ਨਰ ਪੁਲੀਸ ਨੂੰ ਪੱਤਰ ਵੀ ਦਿੱਤਾ ਗਿਆ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕਲੋਨੀ ਦੀ ਸੁਰੱਖਿਆ ’ਤੇ ਹੋਰ ਕਈ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਉਹ ਕਲੋਨਾਈਜ਼ਰ ਵਿਰੁੱਧ ਪ੍ਰਸ਼ਾਸ਼ਨ ਨੂੰ ਪਹਿਲਾਂ ਵੀ ਕਈ ਵਾਰ ਲਿਖ ਕੇ ਦੇ ਚੁੱਕੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਅਜਿਹੇ ਕਲੋਨਾਈਜ਼ਰਾਂ ਵਿਰੁੱਧ ਸਖਤ ਐਕਸ਼ਨ ਲਿਆ ਜਾਵੇ ਜੋ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾ ਰਹੇ ਹਨ।