ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਮਈ
ਨੈਸ਼ਨਲ ਰੂਰਲ ਹੈਲਥ ਮਿਸ਼ਨ ਐਂਪਲਾਈਜ਼ ਐਸੋਸੀਏਸ਼ਨ ਵੱਲੋਂ ਅੱਜ ਮੰਗਾਂ ਮੰਨਵਾਉਣ ਲਈ ਕੀਤੀ ਗਈ ਹੜਤਾਲ ਕਾਰਨ ਸਮੁੱਚੇ ਪੰਜਾਬ ਵਿੱਚ ਕਰੋਨਾ ਸੈਂਪਲਿੰਗ, ਟੀਕਾਕਰਨ ਅਤੇ ਓਪੀਡੀ ਸੇਵਾਵਾਂ ਠੱਪ ਰਹੀਆਂ। ਜਥੇਬੰਦੀ ਦੇ ਸੂਬਾਈ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਨੇ ਦੱਸਿਆ ਕਿ ਐੱਨਆਰਐੱਚਐੱਮ ਹੇਠ ਕੰਮ ਕਰ ਰਹੇ ਪੰਜਾਬ ਦੇ ਲਗਪਗ ਨੌਂ ਹਜ਼ਾਰ ਸਿਹਤ ਕਾਮੇ ਉਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਸਬੰਧੀ 27 ਅਪਰੈਲ ਨੂੰ ਸੰਕੇਤਕ ਹੜਤਾਲ ਵੀ ਕੀਤੀ ਗਈ ਸੀ ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਦੇ ਰੋਸ ਵਜੋਂ ਅੱਜ ਉਨ੍ਹਾਂ ਵੱਲੋਂ ਪੰਜਾਬ ਭਰ ਦੇ ਸਿਹਤ ਕੇਂਦਰਾਂ ’ਚ ਸਿਹਤ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਅੱਜ ਦੀ ਹੜਤਾਲ ਦੌਰਾਨ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਭੇਜਿਆ ਹੈ ਜਿਸ ਕਰ ਕੇ ਪੰਜ ਮਈ ਦੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।