ਅਧਿਕਾਰੀ ਖੁਦਕੁਸ਼ੀ ਮਾਮਲਾ: ਕੇਸ ਨਾ ਦਰਜ ਕਰਨ ਦੀ ਸੂਰਤ ਵਿੱਚ ਅਕਾਲੀ ਦਲ ਵੱਲੋਂ ਧਰਨੇ ਦਾ ਐਲਾਨ
ਥਾਣੇ ਵਿੱਚ ਪਰਿਵਾਰ ਵੱਲੋਂ ਸ਼ਿਕਾਇਤ ਸੌਂਪੀ, ਡੀਜੀਪੀ ਨਾਲ ਗੱਲ ਕੀਤੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲਾ ਮੈਨੇਜਰ ਗਗਨਦੀਪ ਸਿੰਘ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਡੀਜੀਪੀ ਨਾਲ ਗੱਲਬਾਤ ਕੀਤੀ ਅਤੇ ਕੇਸ ਦਰਜ ਨਾ ਕਰਨ ਦੀ ਸੂਰਤ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਦੇਣ ਦੇਣ ਦੀ ਚੇਤਾਵਨੀ ਦਿੱਤੀ।
ਸ੍ਰੀ ਬਾਦਲ ਪੀੜਿਤ ਪਰਿਵਾਰ ਤੇ ਘਰ ਦੁੱਖ ਸਾਂਝਾ ਕਰਨ ਲਈ ਪੁੱਜੇ ਸਨ। ਉਨ੍ਹਾਂ ਦੇ ਨਾਲ ਡਾ ਦਲਜੀਤ ਸਿੰਘ ਚੀਮਾ ਤੇ ਹੋਰ ਵੀ ਹਾਜ਼ਰ ਸਨ। ਉਨ੍ਹਾਂ ਨੇ ਡੀਜੀਪੀ ਨੂੰ ਇਸ ਮਾਮਲੇ ਵਿੱਚ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਜੇ ਕੇਸ ਦਰਜ ਨਹੀਂ ਹੁੰਦਾ ਤਾਂ ਉਨ੍ਹਾਂ ਸਮੇਤ ਬਾਕੀ ਸਾਰੀਆਂ ਪਾਰਟੀਆਂ ਦੇ ਵੱਲੋਂ ਇਸ ਮਾਮਲੇ ਵਿੱਚ ਸੰਘਰਸ਼ ਕੀਤਾ ਜਾਵੇਗਾ।
ਸੁਖਬੀਰ ਬਾਦਲ ਨੇ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਪੀੜਿਤ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਦੁੱਖ ਦੀ ਇਸ ਘੜੀ ਵਿੱਚ ਪਾਰਟੀ ਨਾਲ ਖੜੀ ਹੈ ਅਤੇ ਇਨਸਾਫ ਮਿਲਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਕੀਤੀ।
ਇਸ ਦੌਰਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਨਿਆਂ ਦਵਾਉਣ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ, ਪ੍ਰਤਾਪ ਸਿੰਘ ਬਾਜਵਾ ਤੇ ਹੋਰ ਸਿਆਸੀ ਆਗੂ ਪਰਿਵਾਰ ਦੇ ਮੈਂਬਰਾਂ ਨੂੰ ਨਾਲ ਲੈ ਕੇ ਸਬੰਧਤ ਪੁਲੀਸ ਥਾਣੇ ਪੁੱਜੇ ਅਤੇ ਪਰਿਵਾਰ ਵੱਲੋਂ ਕੇਸ ਦਰਜ ਕਰਨ ਲਈ ਸ਼ਿਕਾਇਤ ਪੱਤਰ ਦਿੱਤਾ ਹੈ।
ਉਨ੍ਹਾਂ ਨੇ ਪਰਿਵਾਰ ਤੇ ਬਿਆਨਾਂ ਦੇ ਅਧਾਰ ’ਤੇ ਤੁਰੰਤ ਕੇਸ ਦਰਜ ਕਰਨ ਅਤੇ ਕੈਬਨਿਟ ਮੰਤਰੀ ਸਮੇਤ ਇਸ ਮਾਮਲੇ ਵਿੱਚ ਸ਼ਾਮਿਲ ਹੋਰਨਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ।

