ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਅਪਰੈਲ
ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਪੰਜਵੇਂ ਗੁਰੂ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਗੁਰੂ ਸਾਹਿਬ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਨਾਲ ਜੋੜਿਆ। ਉਨ੍ਹਾਂ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਗੁਰਬਾਣੀ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰਾਮਸਰ ਅਤੇ ਗੁਰਦੁਆਰਾ ਸ੍ਰੀ ਸੰਤੋਖਸਰ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਇਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕਾਂ ਨੇ ਸੰਗਤ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਹਰਪਾਲ ਸਿੰਘ ਜੱਲਾ, ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਓਐੱਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਕਰਮਚਾਰੀ ਹਾਜ਼ਰ ਸਨ।