ਨਾਜਾਇਜ਼ ਅਸਲ੍ਹੇ ਸਮੇਤ ਇੱਕ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਜੂਨ
ਸਾਕਾ ਨੀਲਾ ਤਾਰਾ ਦੀ ਵਰੇਗੰਢ ਤੋਂ ਇੱਕ ਦਿਨ ਪਹਿਲਾਂ ਅੱਜ ਥਾਣਾ ਘਰਿੰਡਾ ਦੀ ਪੁਲੀਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਦਿਆਂ ਦੋ ਪਿਸਤੌਲ ਬਰਾਮਦ ਕੀਤੇ ਹਨ। ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐਸਐਸਪੀ ਮਨਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਅਜੇ ਸਿੰਘ ਉਰਫ ਕਰਨ ਵਾਸੀ ਪਿੰਡ ਡਲ ਥਾਣਾ ਖਾਲੜਾ ਵਜੋਂ ਹੋਈ ਹੈ।
ਪੁਲੀਸ ਨੇ ਇਸ ਦੇ ਕੋਲੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਜਿਨਾਂ ਵਿੱਚ ਇੱਕ ਪਿਸਤੌਲ 30 ਬੋਰ ਦਾ ਜਿਗਾਨਾ ਸਮੇਤ ਮੈਗਜ਼ੀਨ ਅਤੇ ਇੱਕ ਗਲੋਕ ਪਿਸਤੌਲ ਨੌ ਐਮਐਮ ਸਮੇਤ ਮੈਗਜ਼ੀਨ ਸ਼ਾਮਿਲ ਹਨ। ਇੱਕ ਛੋਟਾ ਹਾਥੀ (ਆਟੋ) ਵੀ ਬਰਾਮਦ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਤੇ ਕਾਰਵਾਈ ਕਰਦਿਆਂ ਪੁਲੀਸ ਪਾਰਟੀ ਨੇ ਅਜੇ ਸਿੰਘ ਨੂੰ ਪਿੰਡ ਹੁਸ਼ਿਆਰ ਨਗਰ ਦੇ ਕੋਲੋਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿੱਚ ਅਸਲਾ ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿਅਕਤੀ ਦੇ ਹੋਰ ਸੰਪਰਕ ਸੂਤਰਾਂ ਦੀ ਜਾਂਚ ਕੀਤੀ ਜਾ ਰਹੀ ਹੈ।