ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਸਤੰਬਰ
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਨੂੰ ਲੰਬੇ ਹੱਥੀਂ ਲੈਂਦਿਆਂ ਆਮ ਲੋਕਾਂ ਨੂੰ ਵਾਜਬ ਰੇਟਾਂ ’ਤੇ ਰੇਤਾ ਮੁਹੱਈਆ ਕਰਵਾਉਣ ਲਈ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਕ ਮਹੀਨੇ ਵਿੱਚ-ਵਿੱਚ ਇਸ ਦਾ ਹੱਲ ਕਰਨ ਵਿੱਚ ਨਾਕਾਮ ਸਿੱਧ ਹੋਈ ਤਾਂ ਉਹ ਇਸ ਪਾਰਟੀ ਦੇ ਵਿਧਾਇਕਾਂ ਦਾ ਘਿਰਾਓ ਕਰਨਗੇ। ਉਨ੍ਹਾਂ ਆਖਿਆ ਕਿ ਰੇਤਾ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋਣ ਕਾਰਨ ਇੱਕ ਗਰੀਬ ਦਾ ਘਰ ਬਣਾਉਣ ਦਾ ਸੁਪਨਾ ਹਕੀਕਤ ਤੋਂ ਕੋਹਾਂ ਦੂਰ ਹੋ ਗਿਆ ਹੈ। ਰੇਤਾ ਨਾ ਮਿਲਣ ਕਾਰਨ ਬਾਰਡਰ ਏਰੀਏ ਦੇ ਕਈ ਪ੍ਰਾਜੈਕਟ ਅਤੇ ਨੈਸ਼ਨਲ ਹਾਈਵੇ ਦੇ ਕੰਮਾਂ ਵਿੱਚ ਵਿਘਨ ਪੈ ਰਿਹਾ ਹੈ। ਕਿਰਤ ਅਤੇ ਉਸਾਰੀ ਨਾਲ ਜੁੜੇ ਲੱਖਾਂ ਲੋਕ ਬੇਰੁਜ਼ਗਾਰ ਹੋ ਗਏ ਹਨ। ਰੇਤਾ ਨਾ ਮਿਲਣ ਕਾਰਨ ਲਗਭਗ 31 ਹੋਰ ਸਬੰਧਤ ਕਿੱਤਿਆਂ ਨੂੰ ਵੀ ਮੰਦੀ ਦੇ ਦੌਰ ਵਿੱਚੋਂ ਲੰਘਣਾ ਪੈ ਰਿਹਾ ਹੈ। ਉਸਾਰੀ ਦੇ ਕੰਮ ਬੰਦ ਹੋਣ ਕਾਰਨ ਇਕ ਮਜ਼ਦੂਰ ਲਈ ਦੋ ਵਕਤ ਦੀ ਰੋਟੀ ਦਾ ਪ੍ਰਬੰਧ ਕਰਨਾ ਮੁਹਾਲ ਹੋ ਗਿਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਧਾਰਨ ਲੋਕਾਂ ਨਾਲ ਜੁੜੇ ਇਸ ਮੁੱਦੇ ਨੂੰ ਆਪਣੀ ਪਾਰਟੀ ਅਤੇ ਮੁੱਖ ਮੰਤਰੀ ਕੋਲ ਉਠਾਉਣ ਨਹੀਂ ਤਾਂ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਸ ਦੇ ਨਾਲ ਹੀ ਬੰਦ ਹੋਈਆਂ ਰਜਿਸਟਰੀਆਂ ਦਾ ਮੁੱਦਾ ਵੀ ਉਠਾਇਆ ਅਤੇ ਐਨ.ਓ.ਸੀ ਕਾਰਨ ਘਰਾਂ ਤੇ ਪਲਾਟਾਂ ਨੂੰ ਵੇਚਣ- ਖਰੀਦਣ ਵੇਚਣ ਆ ਰਹੀਆਂ ਦਿੱਕਤਾਂ ਬਾਰੇ ਵੀ ਸਰਕਾਰ ’ਤੇ ਸਵਾਲ ਚੁੱਕੇ।