ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਅਕਤੂਬਰ
ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਸਾਂਝੀਆਂ/ਜੁਮਲਾ ਮੁਸ਼ਤਰਕਾ ਮਾਲਕਾਨਾ ਜ਼ਮੀਨਾਂ ਦੇ ਮਾਲਕੀ ਹੱਕ ਪੰਚਾਇਤਾਂ ਨੂੰ ਦੇਣ ਦਾ ਬਿੱਲ ਵਿਧਾਨ ਸਭਾ ਵਿੱਚ ਪਾਸ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਗਰੀਬ ਆਬਾਦਕਾਰਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਬਿੱਲ ’ਤੇ ਦਸਤਖਤ ਨਾ ਕਰਨ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਸਮੇਤ ਸੂਬਾਈ ਆਗੂਆਂ ਸਤਬਿੀਰ ਸਿੰਘ ਸੁਲਤਾਨੀ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਜਤਿੰਦਰ ਸਿੰਘ ਛੀਨਾ ਤੇ ਹਰਮੇਸ਼ ਸਿੰਘ ਢੇਸੀ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਦੌਰਾਨ 30 ਸਤੰਬਰ ਨੂੰ ਸਦਨ ਵੱਲੋਂ ਸੋਧ ਕੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ ਦੀ ਮਾਲਕੀ ਦੇ ਹੱਕ ਗਰਾਮ ਪੰਚਾਇਤ ਨੂੰ ਦੇਣ ਦਾ ਬਿੱਲ ਪਾਸ ਕਰ ਦਿੱਤਾ ਗਿਆ ਹੈ। ਕਿਰਤੀ ਕਿਸਾਨ ਯੂਨੀਅਨ ਨੇ ਕਿਹਾ ਕਿ ਇਸ ਬਿੱਲ ਦੇ ਕਾਨੂੰਨ ਬਣ ਜਾਣ ਨਾਲ ਲੱਖਾਂ ਏਕੜ ਜ਼ਮੀਨ ਸਰਕਾਰ ਵੱਲੋਂ ਆਬਾਦਕਾਰ ਕਿਸਾਨਾਂ ਕੋਲੋਂ ਖੋਹ ਲਈ ਜਾਵੇਗੀ ਤੇ ਲੱਖਾਂ ਆਬਾਦਕਾਰ ਕਿਸਾਨਾਂ ਦੀ ਰੋਜ਼ੀ ਰੋਟੀ ਖੁੱਸ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਬਿੱਲ ਨੂੰ ਵਾਪਸ ਲਿਆ ਜਾਵੇ ਤੇ ਪਿੰਡਾਂ ਦੀਆਂ ਸਾਂਝੀਆਂ ਜ਼ਮੀਨਾਂ ਦੇ ਆਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਜਾਣ ਤੇ ਇਹ ਜ਼ਮੀਨ ਬੇਜ਼ਮੀਨੇ ਤੇ ਛੋਟੇ ਕਿਸਾਨਾਂ ਵਿੱਚ ਵੰਡੀ ਜਾਵੇ ਕਿਉਂਕਿ ਇਹ ਸਾਂਝੀਆਂ ਜ਼ਮੀਨਾਂ ਕਿਸਾਨਾਂ ਨੇ ਆਬਾਦ ਕੀਤੀਆਂ ਹਨ।