ਪੱਤਰ ਪ੍ਰੇਰਕ
ਅੰਮ੍ਰਿਤਸਰ, 7 ਅਕਤੂਬਰ
ਗੁਰੂ ਨਾਨਕ ਦੇਵ ਯੂਨੀਵਰਸਟੀ ਟੀਚਰਜ਼ ਐਸੋਸੀਏਸ਼ਨ ਨੇ ਪੰਜਾਬ ਦੇ ਗਵਰਨਰ, ਮੁੱਖ ਮੰਤਰੀ ਅਤੇ ਉਚੇਰੀ ਸਿੱਖਿਆ ਮੰਤਰੀ ਨੂੰ ਪੱਤਰ ਰਾਹੀਂ ਬੇਨਤੀ ਕੀਤੀ ਹੈ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੂੰ 10 ਅਕਤੂਬਰ ਦੀ ਕੀਤੀ ਜਾ ਰਹੀ ਸਿੰਡੀਕੇਟ ਦੀ ਮੀਟਿੰਗ ਕਰਨ ਤੋਂ ਰੋਕਿਆ ਜਾਵੇ।
ਉਨ੍ਹਾਂ ਕਿਹਾ ਕਿ ਯੂਨੀਵਰਸਟੀ ਦੇ ਵਾਈਸ-ਚਾਂਸਲਰ, ਰਜਿਸਟਰਾਰ ਅਤੇ ਡੀਨ ਅਕਾਦਿਕ ਮਾਮਲੇ ਦੀਆਂ ਨਿਯੁਕਤੀਆਂ, ਪ੍ਰਸ਼ਾਸਨਿਕ ਅਤੇ ਵਿੱਤੀ ਬੇਨਿਯਮੀਆਂ ਸਬੰਧੀ ਜਾਂਚ, ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਕੀਤੀ ਜਾ ਰਹੀ ਹੈ। ਵਾਈਸ-ਚਾਂਸਲਰ, ਯੂਨੀਵਰਸਟੀ ਦੀ ਸਿੰਡੀਕੇਟ ਦਾ ਚੇਅਰਮੈਨ, ਰਜਿਸਟਰਾਰ ਸੈਕਟਰੀ ਅਤੇ ਡੀਨ ਅਕਾਦਮਿਕ ਮਾਮਲੇ ਮੈਂਬਰ ਹੁੰਦੇ ਹਨ ਅਤੇ ਇਹ ਗ਼ੈਰ-ਸੰਵਿਧਾਨਕ ਹੈ ਕਿ ਜਿਸ ਵਾਈਸ-ਚਾਂਸਲਰ ਅਤੇ ਰਜਿਸਟਰਾਰ ਦੀ ਨਿਯੁਕਤੀ ਅਤੇ ਉਨ੍ਹਾਂ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਲਏ ਫ਼ੈਸਲਿਆਂ ਸਬੰਧੀ ਜਾਂਚ ਚੱਲ ਰਹੀ ਹੋਵੇ, ਉਨ੍ਹਾਂ ਵੱਲੋਂ ਫਿਰ ਸਿੰਡੀਕੇਟ ਦੀ ਮੀਟਿੰਗ ਕੀਤੀ ਜਾ ਰਹੀ ਹੈ।
ਐਸੋਸੀਏਸ਼ਨ ਪ੍ਰਧਾਨ ਪ੍ਰੋ. ਲਖਵਿੰਦਰ ਸਿੰਘ ਨੇ ਸਰਕਾਰ ਨੂੰ ਬੇਨਤੀ ਕੀਤੀ ਕਿ ਜਿੰਨਾ ਚਿਰ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਮੁਕੰਮਲ ਨਹੀਂ ਕੀਤੀ ਜਾਂਦੀ ਉਦੋਂ ਤਕ ਵਾਈਸ-ਚਾਂਸਲਰ ਵੱਲੋਂ ਮਹੱਤਵਪੂਰਨ ਫ਼ੈਸਲੇ ਲੈਣ ’ਤੇ ਪਾਬੰਦੀ ਲਾਈ ਜਾਵੇ।