Pakistan: Gurdwara Dera Sahib ’ਚ ਦੋ ਵਾਰ ਮਨਾਇਆ ਸ਼ਹੀਦੀ ਪੁਰਬ
ਪੀ ਐੱਸ ਜੀ ਪੀ ਸੀ ਨੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 16 ਨੂੰ ਮਨਾਇਆ ਸੀ ਸ਼ਹੀਦੀ ਦਿਹਾੜਾ; ਗੁਰਦੁਆਰਾ ਸਾਹਿਬ ਅੰਦਰ ਛਬੀਲ ਵੀ ਲਾਈ
ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਪਾਕਿਸਤਾਨ ਸਥਿਤ ਗੁਰੂ ਧਾਮ ਵਿਖੇ ਮਨਾਉਣ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਅੱਜ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਸ਼ਹੀਦੀ ਦਿਵਸ ਮਨਾਇਆ। ਉਂਝ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਦਿਵਸ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 16 ਜੂਨ ਨੂੰ ਵੀ ਮਨਾਇਆ ਗਿਆ ਹੈ। ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵੱਲੋਂ 16 ਜੂਨ ਨੂੰ ਰੱਖੇ ਅਖੰਡ ਪਾਠ ਦੇ ਅੱਜ ਭੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ। ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬ ਦੇ ਅੰਦਰ ਛਬੀਲ ਵੀ ਲਾਈ ਗਈ।
ਮਿਲੀ ਜਾਣਕਾਰੀ ਮੁਤਾਬਕ ਐਤਕੀਂ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਦੋ ਵਾਰ 16 ਜੂਨ ਅਤੇ 18 ਜੂਨ ਨੂੰ ਮਨਾਇਆ ਗਿਆ। 16 ਜੂਨ ਨੂੰ ਸ਼ਹੀਦੀ ਸਮਾਗਮ ਪੀ ਐੱਸ ਜੀ ਪੀ ਸੀ ਵੱਲੋਂ ਵੱਡੇ ਪੱਧਰ ’ਤੇ ਮਨਾਇਆ ਗਿਆ ਸੀ, ਜਿਸ ਵਿੱਚ ਔਕਾਫ਼ ਬੋਰਡ ਦੇ ਅਧਿਕਾਰੀ ਤੇ ਹੋਰ ਪਾਕਿਸਤਾਨੀ ਸਿੱਖ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ ਸੀ।
ਦੱਸਣਯੋਗ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਹੋਈ ਹੈ ਅਤੇ ਉਸ ਮੁਤਾਬਕ ਹੀ ਗੁਰਪੁਰਬ ਮਨਾਏ ਜਾਂਦੇ ਹਨ। ਕੈਲੰਡਰ ਮੁਤਾਬਕ ਇਹ ਸ਼ਹੀਦੀ ਪੁਰਬ 16 ਜੂਨ ਨੂੰ ਸੀ। ਉੱਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਹੋਈ ਅਤੇ ਉਸੇ ਮੁਤਾਬਕ ਸ਼ਹੀਦੀ ਪੁਰਬ ਅੱਜ 18 ਜੂਨ ਨੂੰ ਸੀ। ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੀ ਯਾਤਰਾ ਵਾਸਤੇ ਲਗਪਗ 514 ਸਿੱਖ ਯਾਤਰੂਆਂ ਦਾ ਜਥਾ ਪਾਕਿਸਤਾਨ ਗਿਆ ਸੀ, ਜੋ ਭਲਕੇ 19 ਜੂਨ ਨੂੰ ਵਤਨ ਪਰਤ ਆਵੇਗਾ।
