Parvinder Jhota ਨੂੰ ਇਨਸਾਫ ਦਿਵਾਉਣ ਲਈ 28 ਅਕਤੂਬਰ ਨੂੰ ਵਿਸ਼ਵ ਭਰ ’ਚ ਕੀਤੀ ਜਾਵੇ ਅਰਦਾਸ: ਜਥੇਦਾਰ
ਨਸ਼ਾ ਤਸਕਰਾਂ ਦਾ ਬਾਈਕਾਟ ਕਰਨ ਤੇ ਪਰਵਿੰਦਰ ਦੇ ਪਰਿਵਾਰ ਨਾਲ ਖੜ੍ਹਨ ਦੀ ਕੀਤੀ ਅਪੀਲ
ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ 28 ਅਕਤੂਬਰ ਨੂੰ ਦੇਸ਼-ਵਿਦੇਸ਼ ਦੇ ਗੁਰਦੁਆਰਾ ਸਾਹਿਬਾਨ ਅੰਦਰ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਰਤਾਰਾ ਘੁਣ ਵਾਂਗ ਪੰਜਾਬ ਦੀ ਜਵਾਨੀ ਨੂੰ ਖਾ ਰਿਹਾ ਹੈ। ਜੇਕਰ ਮੈਡੀਕਲ ਨਸ਼ਿਆਂ ਦੀ ਲੜੀ ਅਤੇ ਸਿੰਥੈਟਿਕ ਨਸ਼ਿਆਂ ਦਾ ਨੈੱਟਵਰਕ ਸਰਕਾਰਾਂ ਨੇ ਨਾ ਤੋੜਿਆ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਜਵਾਨੀ ਲਈ ਬਹੁਤ ਭੈੜੇ ਨਤੀਜੇ ਹੋ ਸਕਦੇ ਹਨ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਇਨਸਾਫ਼ ਦੀ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਆਖਿਆ।
ਜਥੇਦਾਰ ਨੇ ਕਿਹਾ ਕਿ ਭਾਵੇਂ ਨਸ਼ੇ ਦੀ ਸਮੱਸਿਆ ਵਿਸ਼ਵ ਪੱਧਰ ਦੀ ਹੈ, ਪਰ ਗੁਰੂ ਸਾਹਿਬਾਨ ਨੇ ਸਿੱਖ ਨੂੰ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਤੋਂ ਵਰਜਿਆ ਹੈ ਅਤੇ ਗੁਰਮਤਿ ਅਨੁਸਾਰ ਇੱਕ ਸੱਚਾ ਤੇ ਸੁੱਚਾ ਜੀਵਨ ਬਤੀਤ ਕਰਨ ਦੀ ਸਿੱਖਿਆ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਵੀ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ ਹਨ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਬਾਣੀ ਨਾਲ ਜੁੜ ਕੇ ਆਪਣੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਨਸ਼ੇ ਨੂੰ ਛੱਡ ਸਕਦੇ ਹਨ ਅਤੇ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਅਤੇ ਮੁੱਖ ਧਾਰਾ ਵਿੱਚ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਜਿਹੜੇ ਲੋਕ ਸਮਾਜ ਅੰਦਰ ਨਸ਼ਾ ਵੇਚ ਰਹੇ ਹਨ, ਉਨ੍ਹਾਂ ਦਾ ਪੂਰਨ ਬਾਈਕਾਟ ਕੀਤਾ ਜਾਵੇ ਅਤੇ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਹੋਵੇ।

