ਪੱਤਰ ਪ੍ਰੇਰਕ
ਅੰਮ੍ਰਿਤਸਰ, 23 ਸਤੰਬਰ
ਸ਼ਹੀਦ- ਏ- ਆਜ਼ਮ ਭਗਤ ਸਿੰਘ ਦਾ 125ਵਾਂ ਜਨਮ ਦਿਹਾੜਾ ਜ਼ਿਲ੍ਹੇ ਭਰ ਵਿਚ 28 ਸਤੰਬਰ ਨੂੰ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਹਰੇਕ ਪਿੰਡ ਤੇ ਸ਼ਹਿਰ ਵਿਚ ਇਸ ਸਬੰਧੀ ਸਮਾਗਮ ਕਰਵਾ ਕੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਸ਼ਹੀਦ ਦੇ ਪਿੰਡ ਖਟਕੜ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਕੂਲਾਂ ਵਿੱਚ ਸ਼ਹੀਦ ਦੇ ਜੀਵਨ ਉਤੇ ਨਾਟਕ, ਭਾਸ਼ਣ ਤੇ ਲੇਖ ਮੁਕਾਬਲੇ ਕਰਵਾਏ ਜਾਣ ਤੋਂ ਇਲਾਵਾ ਐੱਸਡੀਐਮ ਅੰਮ੍ਰਿਤਸਰ ਅਤੇ ਬੀਡੀਪੀਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ।