ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਮਈ
ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਵਿਚ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿੱਚ ਅੰਮ੍ਰਿਤਧਾਰੀ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਊ ਸਾਊਥ ਵੇਲਜ਼ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ਉੱਤੇ 19 ਮਈ ਤੋਂ ਪਾਬੰਦੀ ਲਾਈ ਗਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਾਵੇਂ ਇਹ ਪਾਬੰਦੀ ਸਿਡਨੀ ਦੇ ਇੱਕ ਸਕੂਲ ਵਿੱਚ ਵਾਪਰੀ ਇੱਕ ਘਟਨਾ ਉਪਰੰਤ ਲਾਗੂ ਕੀਤੀ ਗਈ ਹੈ, ਪ੍ਰੰਤੂ ਸਿੱਖਾਂ ਦੇ ਜੀਵਨ ਦਾ ਅਹਿਮ ਅੰਗ ਕਿਰਪਾਨ ’ਤੇ ਪਾਬੰਦੀ ਲਾਉਣਾ ਸਿੱਖ ਮਰਿਆਦਾ ਦੇ ਵਿਰੁੱਧ ਹੈ।
ਉਨ੍ਹਾਂ ਕਿਹਾ ਕਿ ਉੱਥੋਂ ਦੀ ਸਰਕਾਰ ਨੂੰ ਕਿਰਪਾਨ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕਰਨ ਤੋਂ ਪਹਿਲਾਂ ਸਿੱਖ ਕੌਮ ਦੀਆਂ ਪ੍ਰਤੀਨਿਧ ਸੰਸਥਾਵਾਂ ਤੋਂ ਸਲਾਹ ਲੈਣੀ ਚਾਹੀਦੀ ਸੀ, ਕਿਉਂਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਹੈ ਅਤੇ ਅੰਮ੍ਰਿਤਧਾਰੀ ਸਿੱਖ ਵਿਅਕਤੀ ਦੇ ਸ਼ਰੀਰ ਦਾ ਅਹਿਮ ਅੰਗ ਹੈ। ਇਹ ਕਕਾਰ ਸਿੱਖਾਂ ਵੱਲੋਂ 300 ਤੋਂ ਵੱਧ ਸਾਲਾਂ ਤੋਂ ਪਹਿਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਅਤੇ ਆਸਟਰੇਲੀਆ ਵਿਖੇ ਭਾਰਤੀ ਰਾਜਦੂਤ ਤੋਂ ਮੰਗ ਕਰਦੀ ਹੈ ਕਿ ਉਹ ਉੱਥੋਂ ਦੀ ਸਰਕਾਰ ਨਾਲ ਗੱਲਬਾਤ ਕਰਕੇ ਇਸ ਫ਼ੈਸਲੇ ਨੂੰ ਰੱਦ ਕਰਵਾਉਣ ਲਈ ਯਤਨ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦ ਹੀ ਇਸ ਮਾਮਲੇ ਵਿੱਚ ਭਾਰਤ ਅਤੇ ਆਸਟ੍ਰੇਲੀਆ ਸਰਕਾਰਾਂ ਨੂੰ ਪੱਤਰ ਲਿਖੇਗੀ।