ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਅਗਸਤ
ਤਰਕਸ਼ੀਲ ਸੁਸਾਇਟੀ ਨੇ ਮੋਦੀ ਸਰਕਾਰ ਵਲੋਂ ਦੇਸ਼ ਵਿਚ ਲਈ ਗਈ ਅਣਐਲਾਨੀ ਐਮਰਜੈਂਸੀ ਤੇ ਅਖੌਤੀ ਰਾਸ਼ਟਰਵਾਦ ਖ਼ਿਲਾਫ਼ ਸਥਾਨਕ ਕੰਪਨੀ ਬਾਗ਼ ਵਿੱਚ ਰੋਸ ਪ੍ਰਦਰਸ਼ਨ ਕੀਤਾ। ਜਥੇਬੰਦੀ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਕਿ ਭੀਮਾ ਕੋਰੇਗਾਓਂ ਦੇ ਝੂਠੇ ਕੇਸ ਵਿੱਚ ਪਿਛਲੇ ਚਾਰ ਸਾਲ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੁੱਧੀਜੀਵੀਆਂ, ਵਕੀਲਾਂ ਤੇ ਸਮਾਜਿਕ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਅੰਮ੍ਰਿਤਸਰ ਇਕਾਈ ਦੇ ਆਗੂ ਰਮੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਪ੍ਰਦਰਸ਼ਨ ਮੌਕੇ ਤਰਕਸ਼ੀਲ ਆਗੂਆਂ ਜਸਪਾਲ ਬਾਸਰਕੇ ਅਤੇ ਸੁਮੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲੋਕਾਂ ਦਾ ਧਿਆਨ ਸਿੱਖਿਆ, ਸਿਹਤ, ਰੁਜ਼ਗਾਰ, ਮਕਾਨ ਆਦਿ ਦੀਆਂ ਬੁਨਿਆਦੀ ਲੋੜਾਂ ਤੇ ਆਜ਼ਾਦੀ, ਬਰਾਬਰੀ, ਸਮਾਜਿਕ ਨਿਆਂ ਅਤੇ ਵਿਕਾਸ ਦੇ ਜਮਹੂਰੀ ਹੱਕਾਂ ਤੋਂ ਪਾਸੇ ਹਟਾਉਣ ਲਈ ਹਿੰਦੂ ਰਾਸ਼ਟਰ ਦੇ ਏਜੰਡੇ ਹੇਠ ਵੱਖ-ਵੱਖ ਮੁਹਿੰਮਾਂ ਤਹਿਤ ਅੰਧ-ਰਾਸ਼ਟਰਵਾਦ ਫੈਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਦੇ ਹਮਲਿਆਂ ਖਿਲਾਫ਼ ਡਟਣ ਦਾ ਸੱਦਾ ਵੀ ਦਿੱਤਾ।