ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਅਕਤੂਬਰ
ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਦੇ ਝੰਡੇ ਹੇਠ ਅੱਜ ਬੀਬੀਕੇਡੀਏਵੀ ਕਾਲਜ ਦੇ ਨਾਨ-ਟੀਚਿੰਗ ਅਮਲੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਜਥੇਬੰਦੀ ਦੇ ਪ੍ਰਧਾਨ ਰਮਨ ਕੁਮਾਰ ਅਤੇ ਜਨਰਲ ਸਕੱਤਰ ਸੁਖਬੀਰ ਕੌਰ ਨੇ ਦੱਸਿਆ ਕਿ ਨਾਨ-ਟੀਚਿੰਗ ਐਂਪਲਾਈਜ਼ ਯੂਨੀਅਨ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕਾਲਜਾਂ ਦੇ ਨਾਨ ਟੀਚਿੰਗ ਅਮਲੇ ਨੂੰ ਛੇਵਾਂ ਤਨਖਾਹ ਕਮਿਸ਼ਨ ਜਾਰੀ ਕੀਤਾ ਜਾਵੇ , ਦਸੰਬਰ 2011 ਤੋਂ ਸੋਧੇ ਹੋਏ ਤਨਖਾਹ ਗ੍ਰੇਡ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ , ਏਡਿਡ ਕਾਲਜਾਂ ਵਿਚ ਨਾਨ ਟੀਚਿੰਗ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਤੇ ਲਾਈ ਗਈ ਰੋਕ ਹਟਾਈ ਜਾਵੇ, ਏਡਿਡ ਕਾਲਜਾਂ ਵਿਚ ਠੇਕੇ ਦੇ ਆਧਾਰ ਤੇ ਤਿੰਨ ਸਾਲ ਪੂਰੇ ਕਰ ਚੁੱਕੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਆਦਿ ਹੋਰ ਮੰਗਾਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਦਿਸ਼ਾ ਨਿਰਦੇਸ਼ ਮੁਤਾਬਕ ਲੜੀਵਾਰ ਅਣਮਿੱਥੇ ਸਮੇਂ ਤੱਕ ਧਰਨੇ ਦਿੱਤੇ ਜਾ ਰਹੇ ਹਨ।
ਗੜ੍ਹਸ਼ੰਕਰ (ਪੱਤਰ ਪ੍ਰੇਰਕ) ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਵੱਲੋਂ ਸਥਾਨਕ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਹਾਜ਼ਰ ਬੁਲਾਰਿਆਂ ਨੇ ਪੰਜਾਬ ਸਰਕਾਰ ’ਤੇ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦੇਣ ਦਾ ਦੋਸ਼ ਲਗਾਇਆ।