ਜੱਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਰੋਸ ਧਰਨਾ

ਦੇਸ਼ ਭਗਤ ਯਾਦਗਾਰ ਕਮੇਟੀ ਦੀ ਅਗਵਾਈ ਹੇਠ ਜਨਤਕ ਜਥੇਬੰਦੀਆਂ ਨੇ ਕੀਤਾ ਪ੍ਰਦਰਸ਼ਨ

ਜੱਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਰੋਸ ਧਰਨਾ

ਅੰਮ੍ਰਿਤਸਰ ਵਿੱਚ ਜੱਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਮਾਰਚ ਕਰਦੇ ਹੋਏ ਜਥੇਬੰਦੀਆਂ ਦੇ ਕਾਰਕੁਨ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 23 ਅਕਤੂਬਰ

ਇਤਿਹਾਸਕ ਜੱਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਅੱਜ ਦੇਸ਼ ਭਗਤ ਯਾਦਗਾਰ ਕਮੇਟੀ ਦੀ ਅਗਵਾਈ ਹੇਠ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਜੱਲ੍ਹਿਆਂਵਾਲਾ ਬਾਗ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਭੰਡਾਰੀ ਪੁਲ ਤੋਂ ਇਤਿਹਾਸਕ ਸਥਾਨ ਤੱਕ ਰੋਸ ਮਾਰਚ ਵੀ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਗ਼ਦਰ ਪਾਰਟੀ, ਕਿਸਾਨੀ ਅਤੇ ਹੋਰ ਜਥੇਬੰਦੀਆਂ ਦੇ ਝੰਡੇ ਹੱਥ ਵਿੱਚ ਫੜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਇਸ ਧਰਨੇ ਨੂੰ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਮੀਤ ਪ੍ਰਧਾਨ ਸ਼ੀਤਲ ਸਿੰਘ ਸੰਘਾ, ਕਮੇਟੀ ਮੈਂਬਰ ਮੰਗਤ ਰਾਮ ਪਾਸਲਾ, ਅਮੋਲਕ ਸਿੰਘ, ਦਰਸ਼ਨ ਖਟਕੜ, ਹਰਦੇਵ ਅਰਸ਼ੀ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਗਿਣੀ ਮਿੱਥੀ ਸਾਜ਼ਿਸ਼ ਹੇਠ ਕਰੋਨਾ ਦੀ ਆੜ ਥੱਲੇ ਇਸ ਇਤਿਹਾਸਕ ਯਾਦਗਾਰ ਨਾਲ ਛੇੜਛਾੜ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਕਾਰਨ ਇੱਥੇ ਦਾਖਲਾ ਬੰਦ ਕਰ ਦਿੱਤਾ ਗਿਆ ਅਤੇ ਆਜ਼ਾਦੀ ਸੰਘਰਸ਼ ਨਾਲ ਜੁੜੇ ਜੱਲ੍ਹਿਆਂਵਾਲਾ ਬਾਗ ਕਾਂਡ ਦੇ ਇਤਿਹਾਸ ਨਾਲ ਛੇੜਛਾੜ ਕੀਤੀ, ਜਿਸ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਸਿਰਫ ਯਾਦਗਾਰਾਂ ਨਾਲ ਹੀ ਛੇੜਛਾੜ ਨਹੀਂ ਕੀਤੀ ਜਾ ਰਹੀ ਸਗੋਂ ਇਤਿਹਾਸਕ ਸਿਲੇਬਸ, ਸਾਹਿਤ, ਕਲਾਕ੍ਰਿਤੀਆਂ ਨਾਲ ਵੀ ਛੇੜਛਾੜ ਕੀਤੀ ਜਾ ਰਹੀ ਹੈ।

ਧਰਨੇ ’ਚ ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕੁੱਲ੍ਹ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਬੀਕੇਯੂ ਰਾਜੇਵਾਲ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਜਮਹੂਰੀ ਅਧਿਕਾਰ ਸਭਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਤਰਕਸ਼ੀਲ ਸੁਸਾਇਟੀ, ਦਿਹਾਤੀ ਮਜ਼ਦੂਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਸੀਟੂ, ਏਟਕ, ਟੈਕਨੀਕਲ ਸਰਵਿਸ ਯੂਨੀਅਨ, ਪੀਐੱਸਯੂ ਲਲਕਾਰ, ਪੀਐੱਸਯੂ ਸ਼ਹੀਦ ਰੰਧਾਵਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਪੰਜਾਬ ਇਸਤਰੀ ਸਭਾ, ਫੋਕਲੋਰ ਰਿਸਰਚ ਅਕੈਡਮੀ, ਪੰਜਾਬ ਸਟੂਡੈਂਟਸ ਯੂਨੀਅਨ, ਜੱਲ੍ਹਿਆਂਵਾਲਾ ਬਾਗ ਸੰਘਰਸ਼ ਕਮੇਟੀ, ਡੀਟੀਐੱਫ, ਡੀਐਮਐੱਫ, ਗੌਰਮਿੰਟ ਟੀਚਰ ਯੂਨੀਅਨ ਤੇ ਹੋਰ ਜਥੇਬੰਦੀਆਂ ਦੇ ਕਾਰਕੁਨ ਸ਼ਾਮਲ ਸਨ।

ਲੋਕਾਂ ਨੇ ਹੱਥ ਖੜ੍ਹੇ ਕਰ ਕੇ ਦਿੱਤੀ ਮਤਿਆਂ ਨੂੰ ਪ੍ਰਵਾਨਗੀ

ਕਮੇਟੀ ਆਗੂ ਰਣਜੀਤ ਸਿੰਘ ਔਲਖ ਨੇ ਮਤੇ ਪੜ੍ਹੇ ਅਤੇ ਲੋਕਾਂ ਨੇ ਹੱਥ ਖੜ੍ਹੇ ਕਰ ਕੇ ਇਨ੍ਹਾਂ ਨੂੰ ਪ੍ਰਵਾਨਗੀ ਦਿੱਤੀ। ਇੱਕ ਮਤੇ ਰਾਹੀਂ ਜੱਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ, ਬੀਐੱਸਐੱਫ ਦਾ ਅਧਿਕਾਰ ਖੇਤਰ 50 ਕਿਲੋਮੀਟਰ ਤਕ ਵਧਾਉਣ ਦਾ ਫ਼ੈਸਲਾ ਨੂੰ ਰੱਦ ਕਰਨ, ਲਖੀਮਪੁਰ ਖੀਰੀ ਘਟਨਾ ਵਿੱਚ ਕੇਂਦਰੀ ਰਾਜ ਮੰਤਰੀ ਅਤੇ ਉਸ ਦੇ ਪੁੱਤਰ ਸਮੇਤ ਹੋਰਨਾਂ ਖ਼ਿਲਾਫ਼ ਕਾਰਵਾਈ ਕਰਨ, ਕਿਸਾਨਾਂ ਦੇ ਦਿੱਲੀ ਮੋਰਚੇ ਵਿੱਚ ਸਰਕਾਰ ਦੇ ਇਸ਼ਾਰੇ ’ਤੇ ਹੋ ਰਹੀਆਂ ਫਿਰਕੂ ਕਾਰਵਾਈਆਂ ਬੰਦ ਕਰਨ ਦੀ ਮੰਗ ਕੀਤੀ ਗਈ। ਇਸੇ ਤਰ੍ਹਾਂ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਜੱਲ੍ਹਿਆਂਵਾਲਾ ਬਾਗ ਦਾ ਮੂਲ ਸਰੂਪ ਬਹਾਲ ਨਾ ਕੀਤਾ ਗਿਆ ਤਾਂ ਪਹਿਲੀ ਨਵੰਬਰ ਨੂੰ ਗ਼ਦਰੀ ਬਾਬਿਆਂ ਦੇ ਮੇਲੇ ਮੌਕੇ ਇਸ ਸਬੰਧੀ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।

ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਅਸਥੀ ਯਾਤਰਾ ਵੀ ਇੱਥੇ ਪੁੱਜੀ। ਰੋਸ ਧਰਨੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਇਹ ਅਸਥੀਆਂ ਲੈ ਕੇ ਮਾਰਚ ਕਰਦੇ ਹੋਏ ਧਰਨੇ ਵਿੱਚ ਸ਼ਾਮਲ ਹੋਏ। ਇਸ ਦੌਰਾਨ ਨਾਅਰਿਆਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਡੀਆਈਜੀ ਅਗਰਵਾਲ ਦਾ ਤਬਾਦਲਾ ਅਚਨਚੇਤ ਚੁੱਕਿਆ ਕਦਮ: ਕਿਸਾਨ ਆਗੂ

ਨਵੀਂ ਦਿੱਲੀ (ਪੱਤਰ ਪ੍ਰੇਰਕ): ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਡੀਆਈਜੀ ਉਪੇਂਦਰ ਕੁਮਾਰ ਅਗਰਵਾਲ ਦੇ ਕੀਤੇ ਤਬਾਦਲੇ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਚਨਚੇਤ ਤੇ ਅਸਾਧਾਰਨ ਕਾਰਵਾਈ ਕਰਾਰ ਦਿੱਤਾ ਗਿਆ ਹੈ। ਹਾਲਾਂਕਿ ਉੱਤਰ ਪ੍ਰਦੇਸ਼ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਤਬਾਦਲੇ ਦੇ ਬਾਵਜੂਦ ਡੀਆਈਜੀ ਅਗਰਵਾਲ ਐੱਸਆਈਟੀ ਦੇ ਮੁਖੀ ਬਣੇ ਰਹਿਣਗੇ। ਕਿਸਾਨ ਮੋਰਚੇ ਦੇ ਆਗੂਆਂ ਦੀ ਮੰਗ ਹੈ ਕਿ ਜਾਂਚ ਪੂਰੀ ਹੋਣ ਤੱਕ ਸਿੱਧੀ ਨਿਗਰਾਨੀ ਸੁਪਰੀਮ ਕੋਰਟ ਵੱਲੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖਾਸਤਗੀ ਤੇ ਗ੍ਰਿਫ਼ਤਾਰੀ ਲਈ ਵਿਰੋਧ ਪ੍ਰਦਰਸ਼ਨ ਜਾਰੀ ਰੱਖੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All