ਜਗਤਾਰ ਲਾਂਬਾ
ਅੰਮ੍ਰਿਤਸਰ, 25 ਅਗਸਤ
ਦਲਿਤਾਂ ’ਤੇ ਹੋ ਰਹੇ ਅੱਤਿਆਚਾਰ ਅਤੇ ਰਾਜਸਥਾਨ ਦੇ ਜਾਲੌਰ ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਿਤ ਤੀਜੀ ਕਲਾਸ ਦੇ ਵਿਦਿਆਰਥੀ ਵੱਲੋਂ ਘੜੇ ਵਿੱਚੋਂ ਪਾਣੀ ਪੀਣ ਕਰਕੇ ਉਸ ਦੇ ਹੈੱਡਮਾਸਟਰ ਵੱਲੋਂ ਕੁੱਟਮਾਰ ਕੀਤੇ ਜਾਣ ਨਾਲ ਉਸ ਦੀ ਮੌਤ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਬਸਪਾ ਆਗੂਆਂ ਵੱਲੋਂ ਅੱਜ ਰੋਸ ਮਾਰਚ ਕੀਤਾ ਗਿਆ। ਜ਼ਿਲਾ ਪ੍ਰਧਾਨ ਮੰਗਲ ਸਿੰਘ ਸਹੋਤਾ ਦੀ ਅਗਵਾਈ ਵਿੱਚ ਕਚਿਹਰੀ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਬਾਅਦ ਵਿੱਚ ਪ੍ਰਦਰਸ਼ਨਕਾਰੀ ਰੋਸ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਦਫਤਰ ਪੁੱਜੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਦਫਤਰ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ। ਪ੍ਰਦਰਸ਼ਨ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਸ਼ਾਮਲ ਹੋਏ।
ਸ੍ਰੀ ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ ਵਿੱਚ ਵੀ ਸਰਕਾਰਾਂ ਵੱਲੋਂ ਦਲਿਤ ਸਮਾਜ ਦੇ ਲੋਕਾਂ ਨੂੰ ਬਣਦਾ ਮਾਨ-ਸਨਮਾਨ ਨਹੀਂ ਦਿੱਤਾ ਜਾਂਦਾ ਹੈ। ਆਏ ਦਿਨ ਦਲਿਤਾਂ ’ਤੇ ਹੋ ਰਹੇ ਅੱਤਿਆਚਾਰ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਨੂੰ ਉਨ੍ਹਾਂ ਦੇ ਬਣਦੇ ਹੱਕ ਦਵਾਉਣ ਲਈ ਲਗਾਤਾਰ ਬਹੁਜਨ ਸਮਾਜ ਪਾਰਟੀ ਵਲੋਂ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਨਿਰਦੇਸ਼ਾਂ ’ਤੇ ਸਰਕਾਰਾਂ ਖਿਲਾਫ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਨਾਲ ਹੋ ਰਹੇ ਧੱਕੇ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਸਰਕਾਰਾਂ ਵੱਲੋਂ ਦਲਿਤ ਸਮਾਜ ਨੂੰ ਬਣਦੇ ਹੱਕ ਨਾ ਦਿੱਤੇ ਗਏ ਤਾਂ ਬਹੁਜਨ ਸਮਾਜ ਪਾਰਟੀ ਵੱਡੇ ਪੱਧਰ ਤੇ ਰੋਸ਼ ਪ੍ਰਦਰਸ਼ਨ ਕਰੇਗੀ। ਰਾਸ਼ਟਰਪਤੀ ਨੂੰ ਭੇਜੇ ਮੰਗ ਪੱਤਰ ਵਿੱਚ ਉਨ੍ਹਾਂ ਨੇ ਰਾਜਸਥਾਨ ਦੀ ਸਰਕਾਰ ਨੂੰ ਭੰਗ ਕਰਨ ਅਤੇ ਉੱਥੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ। ਮਾਰਚ ਵਿੱਚ ਸੂਬੇ ਦੇ ਜਨਰਲ ਸਕੱਤਰ ਤਾਰਾ ਚੰਦ ਭਗਤ, ਜਗਦੀਸ਼ ਦੁੱਗਲ, ਵਿਸ਼ਾਲ ਸਿੱਧੂ, ਸੁਰਜੀਤ ਸਿੰਘ, ਸੁਖਵੰਤਜੀਤ ਕੌਰ, ਗੁਰਬਖਸ਼ ਮਹੇ, ਇੰਜੀ.ਅਮਰੀਕ ਸਿੰਘ ਸਿੱਧੂ, ਸੁਰਜੀਤ ਬਹਿਲ, ਕਮਲ ਭਗਤ, ਰਤਨ ਚਵਿੰਡਾ, ਹਰਜੀਤ ਸਿੰਘ ਅਬਦਾਲ ,ਬੌਬੀ ਗਿੱਲ, ਵਿਕਰਮ ਲੁਕੇਸ਼, ਬਲਵੰਤ ਕਹਿਰਾ, ਬਲਜੀਤ ਸਿੰਘ, ਵੱਸਣ ਸਿੰਘ ਕਾਲਾ ਆਦਿ ਹਾਜ਼ਰ ਸਨ।