ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 14 ਅਗਸਤ
ਖਾਣ-ਪੀਣ ਦੀਆਂ ਵਸਤਾਂ ਤੋਂ ਜੀਐੱਸਟੀ ਖਤਮ ਕਰਨ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਅਤੇ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਕਰਨ ਆਦਿ ਦੀ ਮੰਗ ਲਈ ਅੱਜ ਇੱਥੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ ਅਤੇ ਮਾਰਚ ਵੀ ਕੱਢਿਆ ਗਿਆ। ਸਥਾਨਕ ਕੰਪਨੀ ਬਾਗ ਵਿੱਚ ਕੀਤੀ ਗਈ ਰੈਲੀ ਸਮੇਂ ਪ੍ਰਧਾਨਗੀ ਮੰਡਲ ਵਿੱਚ ਅਮਰਜੀਤ ਕੌਰ, ਪਲਵਿੰਦਰ ਸਿੰਘ ਜੇਠੂਨੰਗਲ ,ਹਰਪਾਲ ਸਿੰਘ ਛੀਨਾ ਤੇ ਡਾ. ਕੁਲਵੰਤ ਸਿੰਘ ਛੱਜਲਵੱਡੀ ਸ਼ਾਮਲ ਸਨ। ਇਸ ਮੌਕੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ, ਸੂੁਬਾਈ ਸਕੱਤਰ ਰਸ਼ਪਾਲ ਸਿੰਘ ਕਪੂਰਥਲਾ, ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏਂ ਕਲਾਂ ਨੇ ਸੰਬੋਧਨ ਕੀਤਾ।
ਬੁਲਾਰਿਆਂ ਆਖਿਆ ਕਿ ਖਾਣ-ਪੀਣ ਦੀਆਂ ਵਸਤੂਆਂ ਉੱਪਰ ਜੀਐੱਸਟੀ ਲਾਉਣਾ ਗ਼ਰੀਬ ਲੋਕਾਂ ਦੇ ਮੂੰਹ ’ਚੋਂ ਰੋਟੀ ਖੋਹ ਕੇ ਸਰਮਾਏਦਾਰਾਂ ਦੇ ਮੁਨਾਫ਼ੇ ਵਿੱਚ ਵਾਧਾ ਕਰਨਾ ਹੈ। ਇਨ੍ਹਾਂ ਨੀਤੀਆਂ ਨਾਲ ਸਰਕਾਰ ਲੋਕਾਂ ਦਾ ਗਲਾ ਘੁੱਟ ਰਹੀ ਹੈ। ਐੱਮਐੱਸਪੀ ਬਾਰੇ ਗੱਲ ਕਰਦਿਆਂ ਬੁਲਾਰਿਆਂ ਆਖਿਆ ਕਿ ਭਾਜਪਾ ਸਰਕਾਰ ਦਿੱਲੀ ਧਰਨੇ ਵੇਲੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਇਸ ਸਬੰਧੀ ਬਣਾਈ ਕਮੇਟੀ ਦੀ ਬਣਤਰ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿੱਚ ਕਾਲੇ ਕਾਨੂੰਨਾਂ ਨੂੰ ਬਣਾਉਣ ਅਤੇ ਉਸ ਦੀ ਹਮਾਇਤ ਕਰਨ ਵਾਲੇ ਮੈਂਬਰ ਸ਼ਾਮਲ ਕੀਤੇ ਗਏ ਹਨ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖਾਣ ਪੀਣ ਦੀਆਂ ਵਸਤੂਆਂ ਤੋਂ ਜੀਐੱਸਟੀ ਖਤਮ ਕੀਤੀ ਜਾਵੇ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਕੀਤਾ ਜਾਵੇ, ਬਿਜਲੀ ਸੋਧ ਬਿੱਲ ਵਾਪਸ ਲਿਆ ਜਾਵੇ, ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਹੋਰ ਵਾਅਦੇ ਪੂਰੇ ਕੀਤੇ ਜਾਣ। ਬੁਲਾਰਿਆਂ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਮੁੜ ਮੋਰਚਾ ਖੋਲ੍ਹਿਆ ਜਾਵੇਗਾ। ਇਸ ਰੋਸ ਰੈਲੀ ਮਗਰੋਂ ਕਿਸਾਨ ਕਾਰਕੁਨਾਂ ਨੇ ਬਾਜ਼ਾਰਾਂ ਵਿੱਚ ਰੋਸ ਮਾਰਚ ਵੀ ਕੱਢਿਆ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।