ਪੱਤਰ ਪ੍ਰੇਰਕ
ਅੰਮ੍ਰਿਤਸਰ, 16 ਦਸੰਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੂਬਾ ਕਮੇਟੀ ਦੇ ਫੈਸਲੇ ਤਹਿਤ ਮਨਿਸਟੀਰੀਅਲ ਕਾਮਿਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਜ਼ਿਲ੍ਹਾ ਇਕਾਈ ਅੰਮ੍ਰਿਤਸਰ ਵੱਲੋਂ ਮਨਜਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜ਼ਿਲ੍ਹਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਦੀ ਅਗਵਾਈ ਹੇਠ ਅੱਜ ਸਿਵਲ ਸਰਜਨ ਦਫਤਰ ਦੇ ਬਾਹਰ ਰੋਸ ਰੈਲੀ ਕਰਕੇ ਸਰਕਾਰ ਵੱਲੋਂ ਜਾਰੀ ਮੁਲਾਜ਼ਮ ਮਾਰੂ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ । ਰੈਲੀ ਵਿੱਚ ਹਾਜ਼ਰ ਨੁਮਾਇੰਦਿਆਂ ਨੇ ਕਿਹਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਾਹੀਦਾ ਹੈ ਕਿ ਮਨਿਸਟੀਰੀਅਲ ਕੇਡਰ ਦੀਆਂ ਪੈਂਡਿੰਗ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦਿਆਂ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਫੀਸਦ ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20 ਫੀਸਦ ਲਾਭ ਦਿੱਤਾ ਜਾਵੇ। ਹੁਸ਼ਿਆਰਪੁਰ(ਪੱਤਰ ਪ੍ਰੇਰਕ): ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਨੇ ਅੱਜ ਇੱਥੇ ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪੇਂਡੂ ਭੱਤਾ ਬੰਦ ਕਰਨ, ਪਰਖ ਕਾਲ ਸਮੇਂ ਘੱਟ ਤਨਖਾਹ ਦੇਣ, ਬੱਝਵਾਂ ਸਫਰੀ ਭੱਤਾ ਅਤੇ ਤਰੱਕੀਆਂ ’ਤੇ ਲਗਾਈ ਰੋਕ ਸਬੰਧੀ ਪੱਤਰਾਂ ਦੀਆਂ ਕਾਪੀਆਂ ਨਿਗਰਾਨ ਇੰਜੀਨੀਅਰ ਦੇ ਦਫ਼ਤਰ ਅੱਗੇ ਫ਼ੂਕੀਆਂ ਗਈਆਂ। ਸਾਂਝਾ ਫ਼ਰੰਟ ਦੇ ਕਨਵੀਨਰ ਸਤੀਸ਼ ਰਾਣਾ ਨੇ ਸੰਬੋਧਨ ਕੀਤਾ।ਇਸ ਦੌਰਾਨ ਮੁਲਾਜ਼ਮਾਂ ਨੇ 19 ਦਸੰਬਰ ਨੂੰ ਸਾਂਜ ਫ਼ਰੰਟ ਵਲੋਂ ਖਰੜ ਵਿਖੇ ਕੀਤੀ ਜਾਣ ਵਾਲੀ ਰੈਲੀ ਵਿਚ ਸ਼ਾਮਿਲ ਹੋਣ ਦਾ ਵੀ ਐਲਾਨ ਕੀਤਾ। ਇਸ ਦੌਰਾਨ ਹੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਮਨਿਸਟਰੀਅਲ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਸਿੰਚਾਈ ਵਿਭਾਗ ਦੇ ਦਫ਼ਤਰ ਬਾਹਰ ਪੰਜਾਬ ਸਰਕਾਰ ਦੇ ਮੁਲਾਜ਼ਮ ਮਾਰੂ ਫ਼ੈਸਲਿਆਂ ਦੀਆਂ ਕਾਪੀਆਂ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ। ਜਥੇਬੰਦੀ ਦੇ ਜ਼ਿਲ੍ਹਾ ਪਰਧਾਨ ਅਨੀਰੁੱਧ ਮੌਦਗਿੱਲ ਅਤੇ ਜਨਰਲ ਸਕੱਤਰ ਜਸਬੀਰ ਸਿੰਘ ਧਾਮੀ ਨੇ ਸੰਬੋਧਨ ਕੀਤਾ।