ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 19 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਕਾਮਿਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਰੈਲੀ ਕੀਤੀ ਗਈ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਰੋਸ ਰੈਲੀ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਸੰਧੂ, ਜਗਦੀਸ਼ ਠਾਕੁਰ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ, ਤੇਜਿੰਦਰ ਸਿੰਘ ਢਿਲੋਂ, ਅਸ਼ਨੀਲ ਸ਼ਰਮਾ, ਗੁਰਵੇਲ ਸਿੰਘ ਸੇਖੋਂ, ਅਮਨ ਥਰੀਏਵਾਲ, ਮੁਨੀਸ਼ ਕੁਮਾਰ ਸੂਦ ਆਦਿ ਨੇ ਕੀਤੀ। ਯੂਨੀਅਨ ਆਗੂਆਂ ਮਨਜਿੰਦਰ ਸਿੰਘ ਸੰਧੂ ਅਤੇ ਜਗਦੀਸ਼ ਠਾਕੁਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਮਨਿਸਟੀਰੀਅਲ ਕਾਮਿਆਂ ਵੱਲੋਂ ਪੰਜਾਬ ਵਿੱਚ ਪੰਜ ਜ਼ੋਨਲ ਰੈਲੀਆਂ ਅਤੇ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਮੁੱਖ ਮੰਤਰੀ ਵੱਲੋਂ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਧ ਰਹੀ ਮਹਿੰਗਾਈ ਅਤੇ ਸਰਕਾਰ ਦੀ ਬੇਰੁਖੀ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ।
ਬੁਲਾਰਿਆਂ ਨੇ ਇਸ ਮੌਕੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਮਿਤੀ 01/04/2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦਿਆਂ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ, ਪੈਂਡਿੰਗ ਡੀ.ਏ ਦੀਆਂ ਕਿਸ਼ਤਾਂ ਕੇਂਦਰ ਪੱਧਰ ’ਤੇ ਤੁਰੰਤ ਜਾਰੀ ਕੀਤੀਆਂ ਜਾਣ, ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ ‘ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਦੀ ਪੂਰਤੀ ਤਕ ਸੰਘਰਸ਼ ਜਾਰੀ ਰਹੇਗਾ