ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਅਗਸਤ
ਰੈਵੇਨਿਊ ਪਟਵਾਰ ਯੂਨੀਅਨ ਦੇ ਮੈਂਬਰਾਂ ਨੇ ਸੂਬੇ ਵਿੱਚੋਂ 1056 ਪਟਵਾਰ ਹਲਕੇ ਖ਼ਤਮ ਕਰਨ ਦੇ ਫੈਸਲੇ ਦਾ ਵਿਰੋਧ ਕਰਦਿਆ ਇਨ੍ਹਾਂ ਹਲਕਿਆਂ ਦੀ ਬਹਾਲੀ ਦੀ ਮੰਗ ਕੀਤੀ। ਇਸ ਮੰਗ ਨੂੰ ਲੈ ਕੇ ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਤੋਂ ਪਹਿਲਾਂ ਉਹ ਕੁਝ ਸਮਾਂ ਧਰਨੇ ’ਤੇ ਬੈਠੇ। ਕੈਬਨਿਟ ਮੰਤਰੀ ਡਾ. ਨਿੱਝਰ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਇਹ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣਗੇ।
ਪਟਵਾਰ ਯੂਨੀਅਨ ਦੀ ਸਥਾਨਕ ਇਕਾਈ ਦੇ ਆਗੂ ਕੁਲਵੰਤ ਸਿੰਘ ਡੇਅਰੀਵਾਲ ਨੇ ਦੱਸਿਆ ਕਿ ਇਸ ਵੇਲੇ ਪਟਵਾਰੀਆਂ ’ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 4716 ਪਟਵਾਰ ਸਰਕਲ ਸਨ ਪਰ ਮੌਜੂਦਾ ਸਰਕਾਰ ਨੇ ਇਨ੍ਹਾਂ ਦੀ ਗਿਣਤੀ ਘਟਾ ਕੇ 3660 ਕਰ ਦਿੱਤੀ ਹੈ ਜਦੋਂ ਕਿ ਪਹਿਲਾਂ ਜ਼ਿਲ੍ਹਿਆਂ ਤੇ ਤਹਿਸੀਲਾਂ ਦੀ ਗਿਣਤੀ ਵਧਾਈ ਗਈ ਸੀ। ਇਸੇ ਤਰ੍ਹਾਂ ਪੁਲੀਸ ਕਮਿਸ਼ਨਰੇਟ ਦੇ ਇਲਾਕੇ ਵੀ ਵਧਾਏ ਗਏ ਹਨ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਟਵਾਰ ਸਰਕਲਾਂ ਦਾ ਖੇਤਰ ਵਧਾਇਆ ਜਾ ਰਿਹਾ ਹੈ ਜਿਸ ਨਾਲ ਪਟਵਾਰੀਆਂ ’ਤੇ ਵਾਧੂ ਬੋਝ ਪਵੇਗਾ। ਉਨ੍ਹਾਂ ਮੰਗ ਕੀਤੀ ਕਿ 1056 ਪਟਵਾਰ ਸਰਕਲ ਖ਼ਤਮ ਕਰਨ ਦੇ ਫ਼ੈਸਲੇ ਨੂੰ ਵਾਪਸ ਲਿਆ ਜਾਵੇ।
ਤਰਨ ਤਾਰਨ (ਗੁਰਬਖਸ਼ਪੁਰੀ): ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਪਟਵਾਰੀਆਂ ਦੀਆਂ 1056 ਅਸਾਮੀਆਂ ਖਤਮ ਕਰ ਦੇਣ ਖ਼ਿਲਾਫ਼ ਜ਼ਿਲ੍ਹੇ ਭਰ ਦੇ ਪਟਵਾਰੀਆਂ ਵੱਲੋਂ ਅੱਜ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ) ਅੰਦਰ ਧਰਨਾ ਦਿੱਤਾ। ਇਸ ਸਬੰਧੀ ਉਨ੍ਹਾਂ ਪੰਜਾਬ ਸਰਕਾਰ ਦੇ ਨਾਂ ’ਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ| ‘ਦਿ ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ’ ਦੇ ਝੰਡੇ ਹੇਠ ਧਰਨਾਕਾਰੀਆਂ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸੰਧੂ ਅਤੇ ਪਟਵਾਰੀਆਂ ਦੇ ਕੌਮੀ ਪੱਧਰ ਦੇ ਆਗੂ ਸੁਖਪ੍ਰੀਤ ਸਿੰਘ ਪੰਨੂੰ ਨੇ ਕੀਤੀ| ਇਸ ਮੌਕੇ ਜਥੇਬੰਦੀ ਦੇ ਆਗੂ ਰਮਨਦੀਪ ਸਿੰਘ ਪੰਨੂੰ , ਰਵਿੰਦਰਪਾਲ ਸਿੰਘ,ਅੰਮ੍ਰਿਤਪਾਲ ਸਿੰਘ, ਸੁਰਿੰਦਰ ਸਿੰਘ ਦਿਉਲ ਆਦਿ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਆਲੋਚਨਾ ਕੀਤੀ। ਆਗੂਆਂ ਕਿਹਾ ਕਿ ਮਾਲ ਵਿਭਾਗ ਦਾ ਕੰਮ ਵੱਧ ਜਾਣ ਕਰਕੇ ਜਥੇਬੰਦੀ ਬੀਤੇ ਸਮੇਂ ਤੋਂ ਪਟਵਾਰੀਆਂ ਦੀਆਂ ਅਸਾਮੀਆਂ ਵਿੱਚ ਵਾਧਾ ਕੀਤੇ ਜਾਣ ਦੀ ਮੰਗ ਕਰਦੀ ਆ ਰਹੀ ਸੀ ਪਰ ਸਰਕਾਰ ਨੇ ਦਹਾਕਿਆਂ ਤੋਂ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 22% ਪੋਸਟਾਂ ਦਾ ਖਾਤਮਾ ਕਰਕੇ ਪਹਿਲਾਂ ਤੋਂ ਹੀ ਕੰਮ ਦੇ ਬੋਝ ਕਰਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਮੁਲਾਜ਼ਮਾਂ ਨੂੰ ਹੋਰ ਬੇਚੈਨ ਕਰਕੇ ਰੱਖ ਦਿੱਤਾ ਹੈ|