Punjab Bandh: 15 ਅਕਤੂਬਰ ਦੇ ਬੰਦ ਕਾਰਨ ‘ਆਪ’ ਵਿਧਾਇਕਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ੀ ਦਾ ਸਮਾਂ ਬਦਲਿਆ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ’ਤੇ ਹੁਣ 16 ਅਕਤੂਬਰ ਨੂੰ ਹੋਵੇਗੀ ਪੇਸ਼ੀ; ਘੋਖ ਕਮੇਟੀ ਦੀ ਬੈਠਕ ਵੀ ਕੀਤੀ ਗਈ ਮੁਲਤਵੀ
ਪਰਵਿੰਦਰ ਸਿੰਘ ਦੇ ਕਤਲ ਦੇ ਰੋਸ ਵਜੋਂ ਉਸ ਦੇ ਪਰਿਵਾਰ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦਾ ਦਿਨ ਅਤੇ ਸਮਾਂ ਤਬਦੀਲ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਾਇਲ (ਲੁਧਿਆਣਾ) ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਮ ਆਦਮੀ ਪਾਰਟੀ ਨਾਲ ਸੰਬੰਧਤ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ।
ਇਸ ਦੌਰਾਨ ਬੀਤੇ ਕੱਲ੍ਹ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਦੇ ਕਤਲ ਦੇ ਰੋਸ ਵਜੋਂ ਉਨ੍ਹਾਂ ਦੇ ਪਰਿਵਾਰ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਇਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ 15 ਅਕਤੂਬਰ ਨੂੰ ਸੱਦੇ ਗਏ ਵਿਧਾਇਕਾਂ ਨੂੰ ਹੁਣ 16 ਅਕਤੂਬਰ ਸਵੇਰੇ 11:00 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋਣ ਲਈ ਪੱਤਰ ਜਾਰੀ ਕੀਤੇ ਗਏ ਹਨ।
ਸਕੱਤਰੇਤ ਇੰਚਾਰਜ ਨੇ ਕਿਹਾ ਕਿ 15 ਅਕਤੂਬਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੋਖ ਕਮੇਟੀ ਦੀ ਇਕੱਤਰਤਾ ਵੀ ਰੱਖੀ ਗਈ ਸੀ, ਜਿਸ ਤਹਿਤ ਵੱਖ-ਵੱਖ ਮਾਮਲਿਆਂ ਨਾਲ ਸੰਬੰਧਤ ਧਿਰਾਂ ਨੂੰ ਸੱਦਿਆ ਗਿਆ ਸੀ; ਪਰੰਤੂ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਇਹ ਇਕੱਤਰਤਾ ਫ਼ਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਸ ਸੰਬੰਧੀ ਅਗਲੀ ਤਾਰੀਖ਼ ਸੰਬੰਧਤ ਧਿਰਾਂ ਨੂੰ ਦੱਸ ਦਿੱਤੀ ਜਾਵੇਗੀ।

