DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab DA Arrears: ਡੀ ਏ ਜਾਰੀ ਨਾ ਕਰਨ ’ਤੇ ਪੰਜਾਬ ਸਰਕਾਰ ਖ਼ਿਲਾਫ਼ ਮਾਣਹਾਨੀ ਪਟੀਸ਼ਨ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਬਕਾਇਆ ਕਿਸ਼ਤਾਂ ਨਾ ਮਿਲੀਆਂ

  • fb
  • twitter
  • whatsapp
  • whatsapp
Advertisement

Punjab DA Arrears: ਪੰਜਾਬ ਸਰਕਾਰ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਸਰਕਾਰ ’ਤੇ ਦੋਸ਼ ਲਾਇਆ ਗਿਆ ਹੈ ਕਿ ਉਸ ਨੇ ਪੰਜਾਬ ਵਿੱਚ ਤਾਇਨਾਤ ਆਲ ਇੰਡੀਆ ਸਰਵਿਸਿਜ਼ ਦੇ ਅਧਿਕਾਰੀਆਂ ਨੂੰ ਮਿਲ ਰਹੀਆਂ ਦਰਾਂ ਦੇ ਅਨੁਸਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੇ ਹਾਈ ਕੋਰਟ ਦੇ ਹੁਕਮ ਦੀ ਜਾਣਬੁੱਝ ਕੇ ਉਲੰਘਣਾ ਕੀਤੀ ਗਈ ਹੈ।

ਇਹ ਮਾਣਹਾਨੀ ਪਟੀਸ਼ਨ ਸੇਵਾਮੁਕਤ ਮੁਲਾਜ਼ਮਾਂ ਵੱਲੋਂ ਭਾਰਤ ਦੇ ਸੰਵਿਧਾਨ ਦੀ ਧਾਰਾ 215 ਅਤੇ ਕੰਟੈਂਪਟ ਆਫ ਕੋਰਟਸ ਐਕਟ ਦੀ ਧਾਰਾ 12 ਤਹਿਤ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਸੂਬਾ ਸਰਕਾਰ ਦੇ ਅਧਿਕਾਰੀਆਂ ਖ਼ਿਲਾਫ਼ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਲਈ ਕਾਰਵਾਈ ਅਤੇ ਸਜ਼ਾ ਦੀ ਮੰਗ ਕੀਤੀ ਗਈ ਹੈ।

Advertisement

Advertisement

ਸੂਬਾ ਸਰਕਾਰ ਦੀ ਅਪੀਲ ਹਾਈ ਕੋਰਟ ਨੇ ਕੀਤੀ ਸੀ ਖਾਰਜ

ਇਹ ਪਟੀਸ਼ਨ ਹਾਈ ਕੋਰਟ ਦੀ ਡਿਵੀਜ਼ਨ ਬੈਂਚ ਵੱਲੋਂ 3 ਅਗਸਤ ਨੂੰ ਸੁਣਾਏ ਗਏ ਫ਼ੈਸਲੇ ਨਾਲ ਸਬੰਧਤ ਹੈ। ਇਹ ਫ਼ੈਸਲਾ ‘ਐਡੀਸ਼ਨਲ ਚੀਫ਼ ਸੈਕਟਰੀ ਟੂ ਗਵਰਨਮੈਂਟ ਆਫ਼ ਪੰਜਾਬ ਬਨਾਮ ਨਿਰਮਲ ਸਿੰਘ ਧਨੋਆ ਤੇ ਹੋਰ’ ਮਾਮਲੇ ਵਿੱਚ ਸੁਣਾਇਆ ਗਿਆ ਸੀ।

ਪੰਜਾਬ ਸਰਕਾਰ ਨੇ ਸਿੰਗਲ ਜੱਜ ਵੱਲੋਂ 8 ਅਪਰੈਲ ਨੂੰ ਦਿੱਤੇ ਹੁਕਮਾਂ ਖ਼ਿਲਾਫ਼ ਅਪੀਲ ਦਾਇਰ ਕੀਤੀ ਸੀ। ਡਿਵੀਜ਼ਨ ਬੈਂਚ ਨੇ ਸਰਕਾਰ ਦੀਆਂ ਅਪੀਲਾਂ ਖਾਰਜ ਕਰਦਿਆਂ ਸਿੰਗਲ ਜੱਜ ਵੱਲੋਂ ਦਿੱਤੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਸੀ। ਇਸ ਤਰ੍ਹਾਂ ਸਰਕਾਰ ਦੀ ਅਪੀਲ ਖਾਰਜ ਹੋਣ ਤੋਂ ਬਾਅਦ ਵੀ ਮੂਲ ਹੁਕਮ ਲਾਗੂ ਰਿਹਾ। ਇਸ ਹੁਕਮ ਵਿੱਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਆਪਣੇ ਸਾਰੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ/ਡੀਆਰ ਦੀਆਂ ਹੁਣ ਤੱਕ ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ। ਇਹ ਭੁਗਤਾਨ ਪੰਜਾਬ ਵਿੱਚ ਸੇਵਾ ਨਿਭਾਅ ਰਹੇ ਆਲ ਇੰਡੀਆ ਸਰਵਿਸਿਜ਼ ਦੇ ਮੈਂਬਰਾਂ ਨੂੰ ਮਿਲ ਰਹੀਆਂ ਦਰਾਂ ਦੇ ਬਰਾਬਰ ਅਤੇ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ ਕਰਨ ਲਈ ਕਿਹਾ ਗਿਆ ਸੀ।

17 ਅਗਸਤ ਨੂੰ ਪੂਰਾ ਹੋ ਗਿਆ ਸੀ ਦੋ ਹਫ਼ਤਿਆਂ ਦਾ ਸਮਾਂ

ਅਦਾਲਤ ਨੇ ਇਹ ਹੁਕਮ ਲਾਗੂ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਸੀ। ਮਾਣਹਾਨੀ ਪਟੀਸ਼ਨ ਮੁਤਾਬਕ ਪਟੀਸ਼ਨਰਾਂ ਅਤੇ ਹੋਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਯੂਨੀਅਨਾਂ ਨੇ ਇਸ ਤੋਂ ਬਾਅਦ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਅਤੇ ਹਾਈ ਕੋਰਟ ਦੇ ਹੁਕਮਾਂ ਦੀਆਂ ਕਾਪੀਆਂ ਮੁਹੱਈਆ ਕਰਵਾਉਂਦਿਆਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਮੰਗ ਕੀਤੀ।

ਅਦਾਲਤ ਵੱਲੋਂ ਦਿੱਤਾ ਗਿਆ ਦੋ ਹਫ਼ਤਿਆਂ ਦਾ ਸਮਾਂ 17 ਅਗਸਤ ਨੂੰ ਖ਼ਤਮ ਹੋ ਗਿਆ। ਹਾਲਾਂਕਿ, ਪਟੀਸ਼ਨਰਾਂ ਮੁਤਾਬਕ ਬਕਾਇਆ ਡੀਏ ਅਤੇ ਡੀਆਰ ਜਾਰੀ ਕਰਨ ਦੀ ਬਜਾਏ ਪੰਜਾਬ ਸਿਵਲ ਸਕੱਤਰੇਤ ਦੇ ਵਿੱਤ ਵਿਭਾਗ ਦੀ ਅੰਡਰ ਸੈਕਟਰੀ ਸਰੋਜ ਨੇ 17 ਅਗਸਤ ਨੂੰ ਸਾਰੇ ਸਕੱਤਰਾਂ ਨੂੰ ਇੱਕ ਪੱਤਰ ਜਾਰੀ ਕੀਤਾ।

ਪੱਤਰ ਵਿੱਚ ਕਿਹਾ ਗਿਆ ਕਿ ਵਿੱਤ ਵਿਭਾਗ ਦੀ ਪਹਿਲਾਂ ਸਹਿਮਤੀ ਲਏ ਬਿਨਾਂ ਜਾਂ ਆਮ ਹਦਾਇਤਾਂ ਜਾਰੀ ਕੀਤੇ ਜਾਣ ਤੋਂ ਬਿਨਾਂ ਅਜਿਹੇ ਹੁਕਮ ਲਾਗੂ ਨਾ ਕੀਤੇ ਜਾਣ।

ਪਟੀਸ਼ਨਰਾਂ ਨੇ ਹੁਕਮਾਂ ਦੀ ਜਾਣਬੁੱਝ ਕੇ ਉਲੰਘਣਾ ਦਾ ਲਾਇਆ ਦੋਸ਼

ਪਟੀਸ਼ਨਰਾਂ ਦਾ ਦੋਸ਼ ਹੈ ਕਿ 17 ਅਗਸਤ ਨੂੰ ਜਾਰੀ ਕੀਤਾ ਗਿਆ ਇਹ ਪੱਤਰ ਹਾਈ ਕੋਰਟ ਦੀ ਡਿਵੀਜ਼ਨ ਬੈਂਚ ਵੱਲੋਂ 3 ਅਗਸਤ ਨੂੰ ਦਿੱਤੇ ਹੁਕਮ ਦੀ “ਜਾਣਬੁੱਝ ਕੇ, ਇਰਾਦਤਨ ਅਤੇ ਜਾਣਕਾਰੀ ਹੋਣ ਦੇ ਬਾਵਜੂਦ” ਕੀਤੀ ਗਈ ਉਲੰਘਣਾ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਦਾਲਤ ਵੱਲੋਂ ਡੀਏ ਅਤੇ ਡੀਆਰ ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਲਈ ਸਪੱਸ਼ਟ ਸਮਾਂ ਸੀਮਾ ਤੈਅ ਕੀਤੀ ਗਈ ਸੀ। ਇਸ ਦੇ ਬਾਵਜੂਦ ਵਿੱਤ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਅਦਾਲਤੀ ਹੁਕਮ ਨੂੰ ਲਾਗੂ ਕਰਨ ਲਈ ਪਹਿਲਾਂ ਵਿਭਾਗੀ ਸਹਿਮਤੀ ਦੀ ਸ਼ਰਤ ਰੱਖੀ ਗਈ, ਜਿਸ ਨੂੰ ਪਟੀਸ਼ਨਰਾਂ ਨੇ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: Punjab DA Case: ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

Advertisement
×