ਪੰਜਾਬ ਦੇ ਰਾਜਪਾਲ ਨੇ ਸ਼ਾਮ ਵੇਲੇ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪੁੱਜੇ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸ਼ਾਮ ਜ਼ਿਲ੍ਹਾ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।
ਪਿੰਡ ਮਾਕੋਵਾਲ ਦੇ ਆਰਮੀ ਬੇਸ ਕੈਂਪ ਵਿਖੇ ਸੀਨੀਅਰ ਫੌਜੀ ਅਧਿਕਾਰੀਆਂ ਨੇ ਰਾਜਪਾਲ ਨੂੰ ਰਾਵੀ ਦਰਿਆ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਕੀਤੇ ਗਏ ਵੱਡੇ ਪੱਧਰ ’ਤੇ ਬਚਾਅ ਕਾਰਜਾਂ ਬਾਰੇ ਜਾਣੂ ਕਰਵਾਇਆ, ਜਿੱਥੇ ਕਈ ਪਿੰਡਾਂ ਵਿੱਚ ਪਾਣੀ ਦਾ ਪੱਧਰ 8-10 ਫੁੱਟ ਤੱਕ ਵੱਧ ਗਿਆ ਸੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਨਿਵਾਸੀਆਂ ਦੇ ਸਰਗਰਮ ਸਹਿਯੋਗ ਨਾਲ ਲਗਭਗ 4,000 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਗਿਆ ਹੈ, ਜਿਨ੍ਹਾਂ ਵਿਚੋਂ 250 ਲੋਕਾਂ ਨੂੰ ਹੈਲੀਕਾਪਟਰ ਰਾਹੀਂ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।
ਫੌਜ ਨੇ ਰਾਜਪਾਲ ਨੂੰ ਭਾਰੀ ਡਰੋਨ, ਏਆਈਟੀਓਆਰ ਵਾਹਨਾਂ ਅਤੇ ਕਿਸ਼ਤੀਆਂ ਦੀ ਤਾਇਨਾਤੀ ਬਾਰੇ ਜਾਣਕਾਰੀ ਦਿੱਤੀ, ਜੋ ਆਪਰੇਸ਼ਨ ਰਾਹਤ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਸਾਬਤ ਹੋਏ।
ਰਾਜਪਾਲ ਨੇ ਕਿਹਾ ਕਿ ਅਸਲ ਚੁਣੌਤੀ ਹੜ੍ਹਾਂ ਦੇ ਪਾਣੀ ਦੇ ਘੱਟਣ ਤੋਂ ਬਾਅਦ ਸ਼ੁਰੂ ਹੋਵੇਗੀ ਕਿਉਂਕਿ ਫਿਰ ਧਿਆਨ ਮੁੜ ਵਸੇਬੇ, ਫਸਲਾਂ ਅਤੇ ਜਾਇਦਾਦ ਦੇ ਨੁਕਸਾਨ ਦਾ ਮੁਲਾਂਕਣ ਅਤੇ ਸਮੇਂ ਸਿਰ ਮੁਆਵਜ਼ਾ ਦੇਣ ਵੱਲ ਕੇਂਦਰਿਤ ਹੋਵੇਗਾ।
ਉਨ੍ਹਾਂ ਨੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਵੱਧ ਤੋਂ ਵੱਧ ਥਾਵਾਂ ’ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੀ ਤੁਰੰਤ ਲੋੜ ’ਤੇ ਜ਼ੋਰ ਦਿੱਤਾ ਅਤੇ ਪ੍ਰਸ਼ਾਸਨ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਸੱਪ ਦੇ ਕੱਟਣ ਤੋਂ ਲੋਕਾਂ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ।
ਰਾਜਪਾਲ ਨੇ ਫੌਜ, ਸਿਵਲ ਪ੍ਰਸ਼ਾਸਨ, ਪੁਲੀਸ ਅਤੇ ਸਭ ਤੋਂ ਵੱਧ ਪੰਜਾਬ ਦੇ ਲੋਕਾਂ ਦੇ ਅਣਥੱਕ ਯਤਨਾਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਮੂਹਿਕ ਭਾਵਨਾ ਇਸ ਸੰਕਟ ਦੀ ਘੜੀ ਵਿੱਚ ਬਹੁਤ ਮਜ਼ਬੂਤ ਹੈ।
ਰਾਜਪਾਲ ਨੇ ਰਾਹਤ ਕਾਰਜਾਂ ਵਿੱਚ ਵਰਤੀ ਗਏ ਟੈਕਨੋਲੋਜੀ ਜਿਸ ਵਿੱਚ ਪਾਣੀ ਵਿੱਚ ਚੱਲਣ ਵਾਲੀਆਂ ਗੱਡੀਆਂ ਅਤੇ ਡਰੋਨ ਦੀ ਕੀਤੀ ਗਈ ਵਰਤੋਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਰਾਹਨਾ ਕੀਤੀ । ਉਹਨਾਂ ਕਿਹਾ ਕਿ ਉਹ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਪਸ਼ੂਆਂ ਦੇ ਬਚਾਅ ਲਈ ਲਗਾਏ ਗਏ ਕੈਂਪ ਦੇਖ ਰਹੇ ਹਨ ਅਤੇ ਇਹ ਜ਼ਿਲ੍ਹਾ ਪ੍ਰਸ਼ਾਸਨ ਦਾ ਬਹੁਤ ਵਧੀਆ ਉੱਦਮ ਹੈ ਕਿਉਂਕਿ ਇਹ ਲੋਕਾਂ ਦੀ ਆਮਦਨੀ ਦਾ ਵੱਡਾ ਸਾਧਨ ਹਨ।