Punjab News: ‘ਆਪ’ ਵਲੋਂ ਭਾਜਪਾ ਲੀਡਰਸ਼ਿਪ ਖ਼ਿਲਾਫ਼ ਪ੍ਰਦਰਸ਼ਨ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਜੁਲਾਈ
ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਤੇ ਗਏ ਇੱਕ ਬਿਆਨ ਦੇ ਰੋਸ ਵਜੋਂ ਅੱਜ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਅੰਮ੍ਰਿਤਸਰ ਦੇ ਹਲਕਾ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਆਗੂ ਤੇ ਵਰਕਰ ਸ਼ਾਮਲ ਹੋਏ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾਕਟਰ ਅਜੇ ਗੁਪਤਾ, ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ, ਵਿਧਾਇਕਾ ਜੀਵਨਜੋਤ ਕੌਰ, ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਕਿ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਦੇ ਬਿਆਨ ਨਾਲ ਭਾਜਪਾ ਦਾ ਵਪਾਰੀ ਵਿਰੋਧੀ ਅਤੇ ਆਮ ਜਨਤਾ ਵਿਰੋਧੀ ਚਿਹਰਾ ਲੋਕਾਂ ਦੇ ਸਾਹਮਣੇ ਆ ਗਿਆ ਹੈ। ਉਹਨਾਂ ਕਿਹਾ ਕਿ ਅਬੋਹਰ ਵਿੱਚ ਹੋਈ ਵਪਾਰੀ ਦੀ ਹੱਤਿਆ ਦੀ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨਾਲ ਖੜ੍ਹੇ ਹੋਣ ਦੇ ਬਜਾਏ ਭਾਜਪਾ ਨੇਤਾਵਾਂ ਦਾ ਹੱਤਿਆਰਿਆਂ ਦੇ ਪੁਲੀਸ ਮੁਕਾਬਲੇ ’ਤੇ ਸਵਾਲ ਚੁੱਕਣਾ ਪੀੜਤ ਪਰਿਵਾਰ ਦੇ ਜ਼ਖਮਾਂ ’ਤੇ ਲੂਣ ਪਾਉਣ ਵਰਗਾ ਹੈ। ਇਸ ਮੌਕੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਹਲਕਾ ਇੰਚਾਰਜ ਸੋਨੀਆ ਮਾਨ, ਡਾਇਰੈਕਟਰ ਰਵਿੰਦਰ ਹੰਸ, ਦਲਜੀਤ ਸਿੰਘ ਮਿਆਦੀਆਂ, ਚੇਅਰਮੈਨ ਜਸਪ੍ਰੀਤ ਸਿੰਘ, ਬਲਜੀਤ ਰਿੰਕੂ, ਜ਼ਿਲ੍ਹਾ ਸਕੱਤਰ ਮੁਖਵਿੰਦਰ ਸਿੰਘ ਵਿਰਦੀ, ਮਨਦੀਪ ਸਿੰਘ ਮੌਂਗਾ, ਡਾਕਟਰ ਇੰਦਰਪਾਲ, ਅਰਵਿੰਦਰ ਸਿੰਘ ਭੱਟੀ, ਵਰੁਣ ਰਾਣਾ, ਤ੍ਰਲੋਕੀਨਾਥ, ਸਰਬਜੀਤ ਸਿੰਘ ਬਿੱਟੂ, ਅਨਿਲ ਮਹਾਜਨ, ਸੰਗਠਣ ਇੰਚਾਰਜ ਹਰਪ੍ਰੀਤ ਸਿੰਘ ਬੇਦੀ,ਬੌਬੀ ਬਾਵਾ ਸਮੇਤ ਵਰਕਰ ਹਾਜ਼ਰ ਸਨ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕੀਤੀਆਂ ਗਈਆਂ ਟਿੱਪਣੀਆਂ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਗੁੱਸੇ ਦੀ ਲਹਿਰ ਹੈ, ਜਿਸ ਕਾਰਨ ਭਾਜਪਾ ਵਰਕਰ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵਿਰੁੱਧ ਸੜਕਾਂ 'ਤੇ ਉਤਰ ਆਏ ਹਨ। ਇਸੇ ਸਬੰਧ ਵਿੱਚ ਅੱਜ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਭਾਜਪਾ ਵਰਕਰਾਂ ਨੇ ਹਾਥੀ ਗੇਟ ਚੌਕ ਵਿਚ ਮੁੱਖ ਮੰਤਰੀ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲਾ ਸਾੜਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਿਲਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਆਮ ਆਦਮੀ ਪਾਰਟੀ ਨੇ ਆਪਣੀਆਂ ਅਸਫਲਤਾਵਾਂ ਲਈ ਕੇਂਦਰ ਦੀ ਮੋਦੀ ਸਰਕਾਰ ਜਾਂ ਭਾਰਤੀ ਜਨਤਾ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਹਿਲਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਮੰਤਰੀ ਆਪਣੀਆਂ ਸਾਰੀਆਂ ਅਸਫਲਤਾਵਾਂ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਸਨ ਅਤੇ ਹਮੇਸ਼ਾ ਕਹਿੰਦੇ ਸਨ ਕਿ ਕੇਂਦਰ ਸਰਕਾਰ ਉਨ੍ਹਾਂ ਨੂੰ ਕੰਮ ਨਹੀਂ ਕਰਨ ਦਿੰਦੀ। ਹੁਣ ਭਗਵੰਤ ਮਾਨ ਸਰਕਾਰ ਦਾ ਵੀ ਇਹੀ ਹਾਲ ਹੈ।