Punjab News ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ 30 ਕਿਲੋ ਹੈਰੋਇਨ ਬਰਾਮਦ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 14 ਫਰਵਰੀ
ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਸਰਹੱਦੀ ਖੇਤਰ ਵਿੱਚੋਂ ਕਰੀਬ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਵੱਲੋਂ ਇਸ ਸਬੰਧ ਵਿੱਚ ਇੱਕ ਵਿਅਕਤੀ ਨੂੰ ਕਾਰ ਸਮੇਤ ਕਾਬੂ ਕੀਤਾ ਗਿਆ, ਜਿਸ ਕੋਲੋਂ ਇਹ 30 ਕਿਲੋ ਹੈਰੋਇਨ ਬਰਾਮਦ ਹੋਈ ਹੈ।
ਵੇਰਵਿਆਂ ਮੁਤਾਬਕ ਹੈਰੋਇਨ ਦੀ ਇਹ ਖੇਪ ਸਰਹੱਦ ਪਾਰ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਆਈ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਦਿਹਾਤੀ ਪੁਲੀਸ ਦੇ ਐੱਸਐੱਸਪੀ ਵੱਲੋਂ ਦੁਪਹਿਰ ਵੇਲੇ ਇੱਕ ਪ੍ਰੈਸ ਕਾਨਫਰੰਸ ਕਰਕੇ ਸਮੁੱਚੇ ਘਟਨਾਕ੍ਰਮ ਦਾ ਖੁਲਾਸਾ ਕੀਤੇ ਜਾਣ ਦੀ ਸੰਭਾਵਨਾ ਹੈ।
ਇਸ ਪੂਰੇ ਨੈੱਟਵਰਕ ਨੂੰ ਫੜਨ ਲਈ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ ਹੈ। ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਕੌਮਾਂਤਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸੀ ਅਤੇ ਉਸ ਨੇ ਹਾਲ ਹੀ ਵਿੱਚ ਡਰੋਨ ਰਾਹੀਂ ਪਾਕਿਸਤਾਨ ਤੋਂ ਵੱਡੀ ਖੇਪ ਮੰਗਵਾਈ ਸੀ।
ਇਸ ਮਾਮਲੇ ਵਿੱਚ ਐੱਨਡੀਪੀਐੱਸ ਐਕਟ ਤਹਿਤ ਘਰੀਂਡਾ ਪੁਲੀਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਹੁਣ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਅਤੇ ਇਸ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਪੰਜਾਬ ਪੁਲੀਸ ਨੇ ਕਿਹਾ ਕਿ ਉਹ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਅਜਿਹੇ ਅਪਰਾਧਾਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ।