Punjab News: ਪੰਜਾਬੀ ਸੂਬਾ ਮੋਰਚੇ ਸਮੇਂ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸਮਾਗਮ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਜੁਲਾਈ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੋਸ਼ ਲਾਇਆ ਕਿ ਸਮੇਂ ਦੀਆਂ ਸਰਕਾਰਾਂ ਨੇ ਸਿੱਖਾਂ ਨਾਲ ਹਮੇਸ਼ਾ ਨਾਇਨਸਾਫ਼ੀ ਕੀਤੀ ਹੈ ਅਤੇ ਪੰਜਾਬੀਆਂ ਨਾਲ ਵਿਤਕਰਾ ਕੀਤਾ ਹੈ। ਉਹ ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਵਿਚ ਸੰਗਤ ਨੂੰ ਸੰਬੋਧਨ ਕਰ ਰਹੇ ਸਨ।
ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ, 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਗਿਆ, ਜਿਸ ਤਹਿਤ ਗੁਰਮਤਿ ਸਮਾਗਮ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਮੇਂ ਸਮੇਂ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਅਵਾਜ਼ ਨੂੰ ਦਬਾਉਣ ਲਈ ਵੀ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ 4 ਜੁਲਾਈ, 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ, ਜਿਸ ਨੂੰ ਕੌਮ ਭੁਲਾ ਨਹੀਂ ਸਕਦੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਿੱਖਾਂ ਨਾਲ ਸਰਕਾਰਾਂ ਵੱਲੋਂ ਹਮੇਸ਼ਾ ਨਾਇਨਸਾਫ਼ੀ ਕੀਤੀ ਜਾਂਦੀ ਰਹੀ ਹੈ। ਭਾਸ਼ਾ ਦੇ ਅਧਾਰ ’ਤੇ ਬਣੇ ਸੂਬਿਆਂ ਸਮੇਂ ਵੀ ਪੰਜਾਬੀਆਂ ਨਾਲ ਵਿਤਕਰਾ ਕੀਤਾ ਗਿਆ। ਇਸ ਦੇ ਵਿਰੋਧ ਵਿਚ ਜਦੋਂ ਸਿੱਖ ਕੌਮ ਨੇ ਪੰਜਾਬੀ ਸੂਬਾ ਮੋਰਚਾ ਲਗਾਇਆ ਤਾਂ ਸਰਕਾਰ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰ ਕੇ ਅਕਾਲੀ ਯੋਧਿਆਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ।
ਇਸੇ ਤਹਿਤ ਹੀ ਸਰਕਾਰ ਨੇ ਪੁਲੀਸ ਫੋਰਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜੋ ਅਜ਼ਾਦ ਭਾਰਤ ਵਿਚ ਸਿੱਖਾਂ ਨੂੰ ਵਿਤਕਰੇ ਅਤੇ ਵਖਰੇਵੇਂ ਦਾ ਅਹਿਸਾਸ ਕਰਵਾਉਣ ਵਾਲੀ ਸੀ।
ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ।