Punjab News - Gangster Held: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਛੇ ਪਿਸਤੌਲਾਂ ਸਣੇ ਕਾਬੂ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਮਾਰਚ
Punjab News - Gangster Held: ਪੰਜਾਬ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਪੁਆਇੰਟ 32 ਬੋਰ ਦੇ ਛੇ ਪਿਸਤੌਲ ਅਤੇ 10 ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਦਾ ਖੁਲਾਸਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਕੀਤਾ ਗਿਆ ਹੈ।
ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਗੁਰਬਾਜ਼ ਸਿੰਘ ਵਾਸੀ ਪਿੰਡ ਵੜਿੰਗ ਸੂਬਾ ਸਿੰਘ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੇ ਖਿਲਾਫ ਪਹਿਲਾਂ ਵੀ ਅੱਠ ਅਪਰਾਧਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਲੁੱਟਖੋਹ ਅਤੇ ਐਨਡੀਪੀਐਸ ਐਕਟ ਤੇ ਅਸਲਾ ਐਕਟ ਦੇ ਮਾਮਲੇ ਸ਼ਾਮਿਲ ਹਨ।
In a swift intelligence-led operation, Counter Intelligence, #Amritsar, successfully busts an illegal weapon smuggling module and apprehends Gurbaaz Singh, an associate of the Jaggu Bhagwanpuria Gang and recovers six .32 bore pistols along with ten rounds of ammunition… pic.twitter.com/0COCIXOVB4
— DGP Punjab Police (@DGPPunjabPolice) March 1, 2025
ਡੀਜੀਪੀ ਨੇ ਦੱਸਿਆ ਕਿ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੂੰ ਇਸ ਸਬੰਧੀ ਖੁਫੀਆ ਸੂਚਨਾ ਮਿਲੀ ਸੀ ਕਿ ਗੁਰਬਾਜ਼ ਸਿੰਘ ਅਤੇ ਉਸਦੇ ਸਾਥੀ, ਜੋ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਹਨ, ਕੋਲ ਨਜਾਇਜ਼ ਹਥਿਆਰ ਹਨ, ਜਿਨ੍ਹਾਂ ਨੂੰ ਉਹ ਸਰਹੱਦੀ ਇਲਾਕੇ ਵਿੱਚ ਅਪਰਾਧਕ ਗਤੀਵਿਧੀਆਂ ਵਾਸਤੇ ਵਰਤਦੇ ਹਨ।ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਇਹ ਵੀ ਜਾਣਕਾਰੀ ਮਿਲੀ ਸੀ ਕਿ ਗੁਰਬਾਜ਼ ਸਿੰਘ ਇਹ ਹਥਿਆਰ ਕਿਸੇ ਹੋਰ ਨੂੰ ਸਪਲਾਈ ਕਰਨ ਵਾਸਤੇ ਜਾ ਰਿਹਾ ਹੈ। ਇਸ ਤਹਿਤ ਪੁਲੀਸ ਵੱਲੋਂ ਅੰਮ੍ਰਿਤਸਰ ਤਰਨ ਤਾਰਨ ਬਾਈਪਾਸ ਵਿਖੇ IIM ਨੇੜੇ ਨਾਕੇਬੰਦੀ ਕਰਕੇ ਕਾਰਵਾਈ ਕੀਤੀ ਗਈ। ਪੁਲੀਸ ਨੇ ਕਾਰਵਾਈ ਕਰਦਿਆਂ ਇਸ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਉਸਦੇ ਕੋਲੋਂ ਇਹ ਅਸਲਾ ਬਰਾਮਦ ਕੀਤਾ ਹੈ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿਛ ਦੌਰਾਨ ਖੁਲਾਸਾ ਹੋਇਆ ਹੈ ਕਿ ਇਹ ਹਥਿਆਰ ਉਸ ਨੇ ਮੱਧ ਪ੍ਰਦੇਸ਼ ਤੋਂ ਪ੍ਰਾਪਤ ਕੀਤੇ ਸਨ, ਜਿਨ੍ਹਾਂ ਨੂੰ ਪੰਜਾਬ ਵਿੱਚ ਜੁਰਮਾਂ ਲਈ ਵਰਤਿਆ ਜਾਣਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮ ਵੱਲੋਂ ਇਸ ਦੇ ਹੋਰ ਸਾਥੀਆਂ ਦੀ ਵੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੇ ਅੰਮ੍ਰਿਤਸਰ ਸਥਿਤ ਥਾਣੇ ਵਿਖੇ ਕੇਸ ਦਰਜ ਕੀਤਾ ਗਿਆ ਹੈ।