DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਥੇਦਾਰ ਦਾ ਚਾਰਜ ਲੈਣ ਮੌਕੇ ਸਿੱਖ ਮਰਿਆਦਾ ਦਾ ਘਾਣ ਹੋਇਆ: ਗਿਆਨੀ ਰਘਬੀਰ ਸਿੰਘ

ਸਾਬਕਾ ਜਥੇਦਾਰ ਨੇ ਦੇਸ਼ ਵਿਦੇਸ਼ ਦੀ ਸੰਗਤ ਤੋਂ ਫੋਨ ਸੁਨੇਹੇ ਆਉਣ ਦਾ ਕੀਤਾ ਦਾਅਵਾ

  • fb
  • twitter
  • whatsapp
  • whatsapp
featured-img featured-img
ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਜਥੇਦਾਰ ਗਿਆਨੀ ਰਘਬੀਰ ਸਿੰਘ ਮੀਡੀਆ ਨਾਲ ਗੱਲ ਕਰਦੇ ਹੋਏ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 11 ਮਾਰਚ

Advertisement

ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਅਤੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਵਜੋਂ ਹੋਈ ਨਿਯੁਕਤੀ ਅਤੇ ਸੇਵਾ ਸੰਭਾਲ ਦੇ ਮਾਮਲੇ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਮਰਿਆਦਾ ਦਾ ਵੱਡਾ ਘਾਣ ਕੀਤਾ ਗਿਆ ਹੈ। ਉਹ ਅੱਜ ਇਥੇ ਮੀਡੀਆ ਨਾਲ ਗੱਲ ਕਰ ਰਹੇ ਸਨ। ਇਸ ਤੋਂ ਪਹਿਲਾਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਮਾਮਲੇ ਵਿੱਚ ਮਰਿਆਦਾ ਦੀ ਉਲੰਘਣਾ ਤੇ ਘਾਣ ਹੋਣ ਦਾ ਦੋਸ਼ ਲਾਇਆ ਸੀ। ਉਨ੍ਹਾਂ ਤੋਂ ਇਲਾਵਾ ਚੀਫ ਖਾਲਸਾ ਦੀਵਾਨ ਅਤੇ ਹੋਰ ਵੀ ਕਈ ਜਥੇਬੰਦੀਆਂ ਵੱਲੋਂ ਮਰਿਆਦਾ ਦੀ ਉਲੰਘਣਾ ਦੇ ਦੋਸ਼ ਲਾਏ ਗਏ ਹਨ।

Advertisement

ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਦੇਸ਼ ਵਿਦੇਸ਼ ਦੀ ਸੰਗਤ ਤੋਂ ਵੀ ਫੋਨ ਸੁਨੇਹੇ ਆਏ ਹਨ ਅਤੇ ਸੰਗਤ ਵੱਲੋਂ ਮਰਿਆਦਾ ਦਾ ਘਾਣ ਕੀਤੇ ਜਾਣ ਖਿਲਾਫ ਰੋਸ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਅਹੁਦੇ ਦੀ ਸੇਵਾ ਸੰਭਾਲ ਰਹੇ ਹਨ ਅਤੇ ਉਹ ਕਿਸੇ ਵੀ ਢੰਗ ਨਾਲ ਇਸ ਅਹੁਦੇ ਦਾ ਅਪਮਾਨ ਨਹੀਂ ਕਰਨਾ ਚਾਹੁੰਦੇ ਪਰ ਸੰਗਤ ਵੱਲੋਂ ਇਸ ਸਬੰਧ ਵਿੱਚ ਮਾਣ ਮਰਿਆਦਾ ਬਾਰੇ ਪੁੱਛਿਆ ਜਾ ਰਿਹਾ ਹੈ। ਇਸ ਲਈ ਉਹ ਸੰਗਤ ਨੂੰ ਇਸ ਬਾਰੇ ਜਾਣਕਾਰੀ ਦੇਣਾ ਚਾਹੁੰਦੇ ਹਨ।

ਸ੍ਰੀ ਅਕਾਲ ਤਖਤ ਦੇ ਜਥੇਦਾਰ ਜਾਂ ਕਾਰਜਕਾਰੀ ਜਥੇਦਾਰ ਦੀ ਨਿਯੁਕਤੀ ਅਤੇ ਸੇਵਾ ਸੰਭਾਲ ਦੀ ਵਿਧੀ ਵਿਧਾਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਨੂੰ ਪੱਤਰ ਭੇਜ ਕੇ ਸਮਾਗਮ ਕਰਨ ਬਾਰੇ ਸੂਚਿਤ ਕੀਤਾ ਜਾਂਦਾ ਹੈ। ਇਸ਼ਤਿਹਾਰਾਂ ਰਾਹੀ ਸੰਗਤ ਨੂੰ ਸੂਚਿਤ ਕੀਤਾ ਜਾਂਦਾ ਹੈ। ਸ੍ਰੀ ਅਕਾਲ ਤਖਤ ਵਿਖੇ ਸਮਾਗਮ ਕੀਤਾ ਜਾਂਦਾ ਹੈ, ਜਿੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਇਸ ਨਿਯੁਕਤੀ ਦਾ ਐਲਾਨ ਕਰਦੇ ਹਨ। ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵੱਲੋਂ ਨਵ ਨਿਯੁਕਤ ਕੀਤੇ ਗਏ ਜਥੇਦਾਰ ਨੂੰ ਦਸਤਾਰ ਭੇਟ ਕੀਤੀ ਜਾਂਦੀ ਹੈ। ਉਪਰੰਤ ਬਾਕੀ ਤਖਤਾਂ ਦੇ ਜਥੇਦਾਰਾਂ ਵੱਲੋਂ ਦਸਤਾਰਾਂ ਦਿੱਤੀਆਂ ਜਾਂਦੀਆਂ ਹਨ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਉਸ ਤੋਂ ਬਾਅਦ ਬਾਕੀ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਦੇ ਨੁਮਾਇੰਦੇ ਦਸਤਾਰਾਂ ਭੇਟ ਕਰਦੇ ਹਨ ਅਤੇ ਨਵ ਨਿਯੁਕਤ ਜਥੇਦਾਰ ਨੂੰ ਮਾਨਤਾ ਦਿੰਦੇ ਹਨ।

ਇਸੇ ਤਰ੍ਹਾਂ ਹੋਰ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਸਮੇਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਇਸ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਜਾਂਦਾ ਹੈ ਅਤੇ ਦਸਤਾਰਾਂ ਭੇਟ ਕੀਤੀਆਂ ਜਾਂਦੀਆਂ ਹਨ। ਪਰ ਇਸ ਮਾਮਲੇ ਵਿੱਚ ਵਿਧੀ ਵਿਧਾਨ ਦੀ ਉਲੰਘਣਾ ਕਰਕੇ ਮਰਿਆਦਾ ਦਾ ਘਾਣ ਕੀਤਾ ਗਿਆ। ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਤੋਂ ਬਿਨਾਂ ਹੀ ਸੁੱਖ ਆਸਣ ਵਾਲੇ ਅਸਥਾਨ ’ਤੇ ਜਾ ਕੇ ਅਤੇ ਖਾਲੀ ਪਾਲਕੀ ਨੂੰ ਮੱਥਾ ਟੇਕ ਕੇ ਤਖਤ ਦੇ ਮੈਨੇਜਰ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਦਸਤਾਰ ਭੇਟ ਕਰਕੇ ਸੇਵਾ ਸੰਭਾਲ ਦੇ ਸਮਾਗਮ ਨੂੰ ਮੁਕੰਮਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਵੇਲੇ ਇਹ ਸਮਾਗਮ ਕੀਤਾ ਗਿਆ ਉਸ ਵੇਲੇ ਤਾਂ ਸ਼ਸਤਰ ਵੀ ਸੁਭਾਏਮਾਨ ਨਹੀਂ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਮਰਿਆਦਾ ਦੀ ਉਲੰਘਣਾ ਅਤੇ ਹੋਏ ਘਾਣ ਦੇ ਕਾਰਨ ਹੀ ਸਿੱਖ ਸੰਗਤਾਂ ਵਿੱਚ ਇਸ ਮਾਮਲੇ ਨੂੰ ਲੈ ਕੇ ਭਾਰੀ ਰੋਸ ਹੈ।

ਦੂਜੇ ਪਾਸੇ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਕੱਲ੍ਹ ਦਾਅਵਾ ਕੀਤਾ ਸੀ ਕਿ ਸੇਵਾ ਸੰਭਾਲ ਸਮਾਗਮ ਵਿੱਚ ਕਿਸੇ ਵੀ ਪੱਖ ਤੋਂ ਮਰਿਆਦਾ ਦੀ ਉਲੰਘਣਾ ਜਾਂ ਘਾਣ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਮੂੰਹ ਹਨੇਰੇ ਦੀ ਥਾਂ ਅੰਮ੍ਰਿਤ ਵੇਲੇ ਹੋਇਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਹੋਇਆ ਸੀ ਅਤੇ ਪੰਜ ਪਿਆਰਿਆਂ ਦੇ ਰੂਪ ਵਿੱਚ ਪੰਥ ਵੀ ਹਾਜ਼ਰ ਸੀ, ਜਿਨ੍ਹਾਂ ਨੇ ਦਸਤਾਰਾਂ ਭੇਟ ਕਰਕੇ ਇਸ ਨਿਯੁਕਤੀ ਦੀ ਪ੍ਰਵਾਨਗੀ ਤੇ ਮਾਨਤਾ ਦਿੱਤੀ। ਬੀਤੇ ਕੱਲ੍ਹ ਹੋਏ ਇਸ ਸਮਾਗਮ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਕਿਸੇ ਵੀ ਸਮਾਗਮ ਵਿੱਚ ਸ਼ਾਮਿਲ ਨਹੀਂ ਹੋਏ ਸਨ।

ਚੇਤੇ ਰਹੇ ਕਿ ਕੁਝ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਅਹੁਦੇ ਤੋਂ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਅਹੁਦੇ ਦੀ ਸੇਵਾ ਤੋਂ ਫਾਰਗ ਕਰ ਦਿੱਤਾ ਗਿਆ ਸੀ।

Advertisement
×