ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News: SGPC ਵੱਲੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਦਾ ਆਪਣਾ ਮਤਾ ਰੱਦ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਲਿਆ ਫ਼ੈਸਲਾ; ਸ਼੍ਰੋਮਣੀ ਕਮੇਟੀ ਨੇ ਪੀਲੀਭੀਤ ਪੁਲੀਸ ਮੁਕਾਬਲੇ ਉਤੇ ਸਵਾਲ ਚੁੱਕਦਿਆਂ ਇਸ ਦੀ ਨਿਆਇਕ ਜਾਂਚ ਦੀ ਕੀਤੀ ਮੰਗ; ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 31 ਦਸੰਬਰ

Advertisement

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਨੇ ਖਾਲਿਸਤਾਨੀ ਸਮਰਥਕ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਦਾ ਆਪਣਾ ਹੀ ਪਾਸ ਕੀਤਾ ਹੋਇਆ ਮਤਾ ਅੱਜ ਰੱਦ ਕਰ ਦਿੱਤਾ ਹੈ। ਨਰਾਇਣ ਸਿੰਘ ਚੌੜਾ ਨੂੰ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਤਹਿਤ ਪੁਲੀਸ ਨੇ ਗ੍ਰਿਫਤਾਰ ਕੀਤਾ ਸੀ।

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਇਸ ਮਾਮਲੇ ਵਿੱਚ ਇੱਕ ਮਤਾ ਪਾਸ ਕਰ ਕੇ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਸੀ। ਅੱਜ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਮਤੇ ਨੂੰ ਰੱਦ ਕਰ ਦਿੱਤਾ ਗਿਆ ਹੈ। ਮੀਟਿੰਗ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਆਈ ਸ਼ਿਕਾਇਤ ਦੇ ਮਾਮਲੇ ਦੀ ਜਾਂਚ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਜਾਂਚ ਦਾ ਸਮਾਂ ਵੀ ਵਧਾ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਬੀਤੇ ਦਿਨੀਂ ਯੂਪੀ ਦੇ ਪੀਲੀਭੀਤ ਜ਼ਿਲ੍ਹੇ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ‘ਮੁਕਾਬਲਾ ਬਣਾ ਕੇ’ ਮਾਰੇ ਜਾਣ ਦੀ ਕਰੜੀ ਨਿੰਦਾ ਕਰਦਿਆਂ ਕਮੇਟੀ ਨੇ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਦੌਰਾਨ ਯੂਪੀ ’ਚ ਪੁਲੀਸ ਮੁਕਾਬਲੇ ਸਬੰਧੀ ਇਕ ਮਤਾ ਪਾਸ ਕਰਦਿਆਂ ਇਸ ’ਤੇ ਤਿੱਖੇ ਸਵਾਲ ਚੁੱਕੇ ਗਏ ਹਨ।

ਮਤੇ ਵਿਚ ਕਿਹਾ ਗਿਆ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਇਹ ਬਹੁਤ ਨੌਜਵਾਨ ਉਮਰ ਦੇ ਪੰਜਾਬ ਦੇ ਨੌਜੁਆਨਾਂ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਅੰਤਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਇਕ ਮਤਾ ਪਾਸ ਕਰ ਕੇ 19 ਦਸੰਬਰ ਦੀ ਅੰਤਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ ਨਿਰਪੱਖ ਹੋਵੇਗੀ।

ਅੰਤਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਚਲਾਣੇ ’ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਅੰਤਰਿੰਗ ਕਮੇਟੀ ਦੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤਰਿੰਗ ਕਮੇਟੀ ਮੈਂਬਰਾ ਸਮੇਤ ਅਧਿਕਾਰੀ ਹਾਜ਼ਰ ਸਨ।

Advertisement
Show comments