Punjab News: ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ
ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿਚ ਭਰਤੀ ਮੁਹਿੰਮ ਸਣੇ ਹੋਰ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਜਨਵਰੀ
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਇੱਕ ਮੀਟਿੰਗ ਭਲਕੇ 31 ਜਨਵਰੀ ਨੂੰ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਸੱਦੀ ਹੈ, ਜਿਸ ਵਿੱਚ ਚੱਲ ਰਹੀ ਭਰਤੀ ਮੁਹਿੰਮ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਇਹ ਖੁਲਾਸਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਮੰਚ ’ਤੇ ਕੀਤਾ ਹੈ।
ਸੋਸ਼ਲ ਮੀਡੀਆ ਪਲੈਟਫਾਰਮ ਐਕਸ (X) ਉਤੇ ਅੰਗਰੇਜ਼ੀ ਵਿਚ ਕੀਤੀ ਟਵੀਟ ’ਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਰਕਿੰਗ ਕਮੇਟੀ ਦੀ ਮੀਟਿੰਗ ਬਾਅਦ ਦੁਪਹਿਰ 2.30 ਵਜੇ ਪਾਰਟੀ ਦਫਤਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਵੇਗੀ।
ਮਿਲੀ ਜਾਣਕਾਰੀ ਦੇ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ 22 ਲੱਖ ਮੈਂਬਰਾਂ ਦੀ ਭਰਤੀ ਸਬੰਧੀ ਬਣਾਈਆਂ ਰਸੀਦ ਬੁੱਕਾਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਪਾਰਟੀ ਵੱਲੋਂ ਹੋਰ ਭਰਤੀ ਸਬੰਧੀ ਨਵੀਆਂ ਕਾਪੀਆਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਚੱਲ ਰਹੀ ਭਰਤੀ ਮੁਹਿੰਮ ਦੀ ਸਮੀਖਿਆ ਸਬੰਧੀ ਸਮੁੱਚੇ ਮਾਮਲੇ ਨੂੰ ਵਿਚਾਰਿਆ ਜਾਵੇਗਾ।
ਗ਼ੌਰਤਲਬ ਹੈ ਕਿ ਹਾਲ ਹੀ ਵਿੱਚ ਪਾਰਟੀ ਵੱਲੋਂ ਭਰਤੀ ਮੁਹਿੰਮ ਦੇ ਨਿਗਰਾਨ ਅਧਿਕਾਰੀਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਵਿੱਚ ਨਾਰਾਜ਼ ਧੜੇ ਦੇ ਆਗੂ ਨੂੰ ਵੀ ਸ਼ਾਮਿਲ ਕੀਤਾ ਗਿਆ ਪਰ ਭਰਤੀ ਮੁਹਿੰਮ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਨੂੰ ਲੈ ਕੇ ਵਿਵਾਦ ਅਜੇ ਵੀ ਬਣਿਆ ਹੋਇਆ ਹੈ।
ਅਕਾਲੀ ਆਗੂ ਨੇ ਆਖਿਆ ਕਿ ਭਲਕੇ ਹੋਣ ਵਾਲੀ ਮੀਟਿੰਗ ਵਿੱਚ ਇਸ ਮਾਮਲੇ ’ਤੇ ਵੀ ਵਿਚਾਰ ਕੀਤਾ ਜਾਵੇਗਾ। ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬਣੀਆਂ ਬੋਗਸ ਵੋਟਾਂ ਸਬੰਧੀ ਵੀ ਵਿਚਾਰ ਚਰਚਾ ਹੋਵੇਗੀ।
ਮੀਟਿੰਗ ਵਿੱਚ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਮੌਕੇ ਡਾਕਟਰ ਬੀ.ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਵਾਪਰੀ ਘਟਨਾ, ਜਿਸ ਨਾਲ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਸਥਿਤੀ ਖਰਾਬ ਹੋ ਸਕਦੀ ਹੈ, ਬਾਰੇ ਵੀ ਵਿਚਾਰ ਹੋਵੇਗਾ। ਉਨ੍ਹਾਂ ਆਖਿਆ ਕਿ ਇਸ ਤੋਂ ਇਲਾਵਾ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਵੀ ਵਿਚਾਰੀ ਜਾਵੇਗੀ।