DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

ਗੁਰੂ ਸਾਹਿਬ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਹੱਕ, ਸੱਚ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜੂਝਣ ਦੀ ਪ੍ਰੇਰਨਾ ਦਿੱਤੀ: ਐਡਵੋਕੇਟ ਧਾਮੀ ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 30 ਮਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ...
  • fb
  • twitter
  • whatsapp
  • whatsapp
Advertisement

ਗੁਰੂ ਸਾਹਿਬ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਹੱਕ, ਸੱਚ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜੂਝਣ ਦੀ ਪ੍ਰੇਰਨਾ ਦਿੱਤੀ: ਐਡਵੋਕੇਟ ਧਾਮੀ

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 30 ਮਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।

ਅਰਦਾਸ ਉਪਰੰਤ ਕਥਾਵਾਚਕ ਗਿਆਨੀ ਜਸਵੰਤ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ । ਉਨ੍ਹਾਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਤੇ ਸਿੱਖ ਇਤਿਹਾਸ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਸਮਾਗਮ ਸਮੇਂ ਢਾਡੀ, ਕਵੀਸ਼ਰ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ ਅਤੇ ਕਵੀਆਂ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ’ਤੇ ਸ਼ਰਧਾ ਨਾਲ ਮਥਾ ਟੇਕਿਆ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ’ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਮਨਜੀਤ ਸਿੰਘ, ਮੈਨੇਜਰ ਜੇਪੀ ਸਿੰਘ, ਜਸਬੀਰ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਖੋਦੇਬੇਟ ਸਮੇਤ ਸੰਗਤਾਂ ਹਾਜ਼ਰ ਸਨ।

‘ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ’

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ।

ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਨੇ ਜਿਥੇ ਵੱਡਾ ਪਰਉਪਕਾਰ ਕਰਦਿਆਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਨਾਲ ਜੋੜਿਆ। ਗੁਰੂ ਸਾਹਿਬ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਹੱਕ, ਸੱਚ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜੂਝਣ ਦੀ ਅਜਿਹੀ ਪ੍ਰੇਰਨਾ ਦਿੱਤੀ, ਜਿਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਹੋਰ ਨਹੀਂ ਮਿਲਦੀ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਬਰ, ਸੰਤੋਖ ਅਤੇ ਨਿਮਰਤਾ ਨਾਲ ਸੱਚ ਦਾ ਰਾਹ ਚੁਣਿਆ ਅਤੇ ਸਿੱਖੀ ਦੀਆਂ ਨੀਹਾਂ ਨੂੰ ਅਟੱਲ ਕੀਤਾ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ।

Advertisement
×