ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News: ਮੌਤ ਤੋਂ 2 ਮਹੀਨਿਆਂ ਬਾਅਦ ਭਾਰਤ ਪੁੱਜੀ ਬਟਾਲਾ ਦੇ ਗੁਰਪ੍ਰੀਤ ਦੀ ਮ੍ਰਿਤਕ ਦੇਹ

Punjab News:
Advertisement

ਦੁਬਈ ਵਿਚ 2 ਮਾਰਚ ਨੂੰ ਕਰ ਲਈ ਸੀ ਗੁਰਪ੍ਰੀਤ ਸਿੰਘ ਨੇ ਖ਼ੁਦਕੁਸ਼ੀ

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 29 ਅਪਰੈਲ

ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਅੰਮੋ ਨੰਗਲ ਨਾਲ ਸਬੰਧਤ 49 ਸਾਲਾ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ। ਮ੍ਰਿਤਕ ਦੇਹ ਵਾਪਸ ਲਿਆਉਣ ਵਾਸਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸਪੀ ਸਿੰਘ ਓਬਰਾਏ ਨੇ ਮਦਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦੇਂਦਿਆਂ ਡਾ. ਓਬਰਾਏ ਨੇ ਦੱਸਿਆ ਗੁਰਪ੍ਰੀਤ ਸਿੰਘ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕੁਝ ਸਾਲਾਂ ਤੋਂ ਦੁਬਈ ਵਿਚ ਸੀ। ਪਰਿਵਾਰਕ ਮੈਂਬਰਾਂ ਮੁਤਾਬਿਕ ਬੀਤੀ ਪਹਿਲੀ ਮਾਰਚ ਤੋਂ ਗੁਰਪ੍ਰੀਤ ਨਾਲ ਉਨ੍ਹਾਂ ਦਾ ਸੰਪਰਕ ਟੁੱਟ ਗਿਆ ਸੀ ਅਤੇ ਉਨ੍ਹਾਂ ਨੇ ਦੁਬਈ ਵਿਖੇ ਰਹਿੰਦੇ ਆਪਣੇ ਰਿਸ਼ਤੇਦਾਰਾਂ ਤੋਂ ਇਲਾਵਾ ਉਸਦੇ ਦੋਸਤਾਂ ਰਾਹੀਂ ਉਸਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਸ ਦਾ ਪਤਾ ਨਹੀ ਲਗਾ।

ਆਖ਼ਰ ਬੀਤੀ 23 ਅਪਰੈਲ ਨੂੰ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਨੇ ਗੁੰਮ ਹੋਣ ਤੋਂ ਅਗਲੇ ਹੀ ਦਿਨ 2 ਮਾਰਚ ਨੂੰ ਆਤਮਹੱਤਿਆ ਕਰ ਲਈ ਸੀ। ਡਾ. ਓਬਰਾਏ ਨੇ ਦੱਸਿਆ ਕਿ ਪਰਿਵਾਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਨੇ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ 'ਚ ਪਰਿਵਾਰ ਦੀ ਮਦਦ ਕੀਤੀ ਅਤੇ ਬੀਤੀ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੇ ਉਸ ਦੀ ਮ੍ਰਿਤਕ ਦੇਹ ਪਹੁੰਚਣ ਉਪਰੰਤ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ ਹੈ।

ਹਵਾਈ ਅੱਡੇ ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸੰਧੂ ਚਮਿਆਰੀ ਤੇ ਨਵਜੀਤ ਘਈ ਨੇ ਦਸਿਆ ਕਿ ਪੀੜਤ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਨੂੰ ਧਿਆਨ ਵਿਚ ਰਖਦੇ ਹੋਏ ਟਰੱਸਟ ਵੱਲੋਂ ਮ੍ਰਿਤਕ ਦੀ ਪਤਨੀ ਅਤੇ ਬਜ਼ੁਰਗ ਵਿਧਵਾ ਮਾਤਾ ਨੂੰ ਘਰ ਦੇ ਗੁਜ਼ਾਰੇ ਲਈ ਕ੍ਰਮਵਾਰ 2500-2500 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਆਇਆ ਖ਼ਰਚ ਉਸ ਦੀ ਕੰਪਨੀ ਵੱਲੋਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਟਰੱਸਟ ਵੱਲੋਂ ਹੁਣ ਤੱਕ 410 ਵਿਅਕਤੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ’ਤੇ ਮ੍ਰਿਤਕ ਦੇਹ ਨਾਲ ਦੁਬਈ ਤੋਂ ਪਹੁੰਚੇ ਗੁਰਪ੍ਰੀਤ ਸਿੰਘ ਦੇ ਜੀਜਾ ਨਰਿੰਦਰ ਸਿੰਘ ਤੋਂ ਇਲਾਵਾ ਉਸ ਦੇ ਭਰਾ ਸ਼ੁਭਪ੍ਰੀਤ ਸਿੰਘ, ਰਾਣਾ ਪ੍ਰਤਾਪ ਸਿੰਘ, ਤੇਜਿੰਦਰ ਸਿੰਘ, ਅਮਰਦੀਪ ਸਿੰਘ ਤੇ ਜ਼ੋਰਾਵਰ ਸਿੰਘ ਨੇ ਡਾ. ਓਬਰਾਏ ਦਾ ਸ਼ੁਕਰਾਨਾ ਕੀਤਾ ਹੈ।

Advertisement