Punjab News: ਮਜੀਠਾ ’ਚ ਬਿਕਰਮ ਮਜੀਠੀਆ ਦੀ ਰਿਹਾਇਸ਼ ’ਤੇ ਵਿਜੀਲੈਂਸ ਵਲੋਂ ਜਾਂਚ
ਲਖਨਪਾਲ ਸਿੰਘ
ਮਜੀਠਾ, 1 ਜੁਲਾਈ
ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਮਜੀਠਾ ਸਥਿਤ ਰਿਹਾਇਸ਼ ਕਮ ਦਫਤਰ ’ਤੇ ਪੰਜਾਬ ਵਿਜੀਲੈਂਸ ਬਿਊਰੋ ਨੇ 540 ਕਰੋੜ ਰੁਪਏ ਦੇ ਕਥਿਤ ਮਾਮਲੇ ਵਿੱਚ ਜਾਂਚ ਕੀਤੀ ਜਿਥੇ ਵਿਜੀਲੈਂਸ ਵਲੋਂ ਮਜੀਠੀਆ ਨੂੰ ਵੀ ਲਿਆਂਦਾ ਗਿਆ। ਵਿਜੀਲੈਂਸ ਵਲੋਂ ਮਜੀਠੀਆ ਨੂੰ ਸੱਤ ਦਿਨ ਦੇ ਰਿਮਾਂਡ ’ਤੇ ਲੈ ਕੇ ਉਨ੍ਹਾਂ ਦੀ ਜਾਇਦਾਦ ਅਤੇ ਦਸਤਾਵੇਜ਼ਾਂ ਨਾਲ ਸਬੰਧਤ ਸਬੂਤਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਜਿਸ ਤਹਿਤ ਹੀ ਮਜੀਠੀਆ ਨੂੰ ਅੱਜ ਮਜੀਠਾ ਸਥਿਤ ਉਨ੍ਹਾਂ ਦੀ ਰਿਹਾਇਸ਼ ਦਫਤਰ ਲਿਆਂਦਾ ਗਿਆ। ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਹ ਸਾਰੀ ਕਾਰਵਾਈ ਚੱਲੀ। ਪੁਲੀਸ ਨੇ ਮੀਡੀਆ ਅਤੇ ਆਮ ਲੋਕਾਂ ਨੂੰ ਇਸ ਸਾਰੇ ਮਾਮਲੇ ਤੋਂ ਦੂਰ ਰੱਖਿਆ, ਜਦਕਿ ਮਜੀਠੀਆ ਦੀ ਪਤਨੀ ਤੇ ਹਲਕਾ ਮਜੀਠਾ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੂੰ ਵੀ ਦਫਤਰ ਨੇੜੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਕਾਰਵਾਈ ਦੇ ਵਿਰੋਧ ਵਿੱਚ ਗਨੀਵ ਕੌਰ ਮਜੀਠੀਆ ਨੇ ਆਪਣੇ ਸਮਰਥਕਾਂ ਸਮੇਤ ਪੁਲੀਸ ਖਿਲਾਫ ਧਰਨਾ ਸ਼ੁਰੂ ਕਰ ਦਿੱਤਾ। ਪੁਲੀਸ ਨੇ ਬੈਰੀਕੇਡ ਲਗਾ ਕੇ ਬੀਬਾ ਮਜੀਠੀਆ ਸਮੇਤ ਸਮਰਥਕਾਂ ਨੂੰ 100 ਗਜ਼ ਦੀ ਦੂਰੀ ’ਤੇ ਰੋਕਿਆ, ਜਿਸ ਕਾਰਨ ਬੀਬਾ ਗਨੀਵ ਕੌਰ ਅਤੇ ਪੁਲੀਸ ਵਿਚਕਾਰ ਬਹਿਸਬਾਜ਼ੀ ਵੀ ਹੋਈ। ਗਨੀਵ ਕੌਰ ਨੇ ਇਸ ਜਾਂਚ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਸਰਕਾਰ ’ਤੇ ਸੱਚ ਅਤੇ ਅਕਾਲੀ ਦਲ ਦੀ ਆਵਾਜ਼ ਨੂੰ ਦਬਾਉਣ ਦਾ ਇਲਜ਼ਾਮ ਲਾਇਆ। ਉਨ੍ਹਾਂ ਨੇ ਪੁਲੀਸ ਦੀ ਕਾਰਵਾਈ ਨੂੰ ਵੀ ਮਨੁੱਖੀ ਅਧਿਕਾਰਾਂ ਦਾ ਉਲੰਘਣਾ ਦੱਸਿਆ। ਸਮਰਥਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਅਮਨ-ਕਾਨੂੰਨ ਬਣਾਈ ਰੱਖਣ ਲਈ ਵੱਡੀ ਗਿਣਤੀ ’ਚ ਪੁਲੀਸ ਮੁਲਾਜਮ ਤਾਇਨਾਤ ਕੀਤੇ ਗਏ ਸਨ। ਵਿਜੀਲੈਂਸ ਤੇ ਪੁਲੀਸ ਦੀ ਇਸ ਕਾਰਵਾਈ ਨਾਲ ਰਿਹਾਇਸ਼ੀ ਦਫਤਰ ਨੂੰ ਜਾਣ ਵਾਲੇ ਰਸਤੇ ਕਰੀਬ 6 ਘੰਟੇ ਬੰਦ ਰੱਖਣ ਨਾਲ ਸਥਾਨਕ ਲੋਕਾਂ ਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।