ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 21 ਜੂਨ
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਕਿਹਾ ਕਿ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ‘ਆਪ’ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਕਿਸੇ ਸਿੱਖ ਸ਼ਖਸੀਅਤ ਨੂੰ ਹੀ ਉਮੀਦਵਾਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ‘ਆਪ’ ਦੀ ਸਰਕਾਰ ਬਣਨ ਮਗਰੋਂ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਕਚਹਿਰੀ ਵਿੱਚ ਖੜ੍ਹਾ ਕਰਕੇ ਸੂਬੇ ਦੇ ਲੋਕਾਂ ਨੂੰ ਇਨਸਾਫ ਦਿੱਤਾ ਜਾਵੇਗਾ। ਉਨ੍ਹਾਂ ਅੱਜ ਇੱਥੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ‘ਆਪ’ ਵਿੱਚ ਰਸਮੀ ਤੌਰ ’ਤੇ ਸ਼ਾਮਲ ਕਰਦਿਆਂ ‘ਜੀ ਆਇਆਂ’ ਆਖਿਆ।
ਇੱਥੇ ਸਰਕਟ ਹਾਊਸ ’ਚ ਸੰਖੇਪ ਸਮਾਗਮ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਵਾਅਦਾ ਕੀਤਾ ਕਿ 2022 ’ਚ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਸਾਜ਼ਿਸ਼ਘਾੜਿਆਂ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾ ਕੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿੱਤਾ ਜਾਵੇਗਾ। ਮੀਡੀਆ ਵੱਲੋਂ ਕੀਤੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਚੋਣਾਂ ਵੇਲੇ ‘ਆਪ’ ਵੱਲੋਂ ਸੂਬੇ ਦੇ ਮੁੱਖ ਮੰਤਰੀ ਲਈ ਆਪਣਾ ਉਮੀਦਵਾਰ ਸਿੱਖ ਭਾਈਚਾਰੇ ਵਿੱਚੋਂ ਹੀ ਬਣਾਇਆ ਜਾਵੇਗਾ ਅਤੇ ਇਹ ਪੰਜਾਬ ਦਾ ਵਾਸੀ ਹੋਵੇਗਾ ਤੇ ਇਹ ਪੰਜਾਬੀਆਂ ਦਾ ਹੱਕ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਜਲਦੀ ਇਸ ਵਾਸਤੇ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਉਨ੍ਹਾਂ ਦੇ ਇਸ ਐਲਾਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਇਸ ਅਹੁਦੇ ਲਈ ਉਮੀਦਵਾਰ ਨਹੀਂ ਹੋਣਗੇ। ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਰਾਜਨੀਤੀ ਕਰਨ ਨਹੀਂ ਆਏ, ਸਗੋਂ ਪੰਜਾਬ ਦੇ ਲੋਕਾਂ ਨੂੰ ਬਾਕੀ ਸਫਾ ਇਨਸਾਫ਼ ਦਿਵਾਉਣ ਤੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਇਸ ਅਧਿਕਾਰੀ ਦੀ ਇਮਾਨਦਾਰੀ ਅਤੇ ਸੇਵਾ ਭਾਵਨਾ ਨੂੰ ਪੰਜਾਬ ਵਾਸੀ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਨੂੰ ਬਰਗਾੜੀ ਕਾਂਡ ਦੀ ਜਾਂਚ ਕਾਰਨ ਆਪਣੀ ਨੌਕਰੀ ਤੋਂ ਅਸਤੀਫ਼ਾ ਦੇਣਾ ਪਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਬਹੁਤ ਬੁਰੇ ਦੌਰ ਵਿੱਚੋਂ ਲੰਘ ਰਿਹਾ ਹੈ ਕਿਉਂਕਿ ਕਰੋਨਾ ਦੇ ਦੌਰ ’ਚ ਸੱਤਾਧਾਰੀ ਆਪੋ ਆਪਣੀਆਂ ਕੁਰਸੀਆਂ ਬਚਾਉਣ ਲਈ ਲੜ ਰਹੇ ਹਨ ਅਤੇ ਇਨ੍ਹਾਂ ਨੂੰ ਪੰਜਾਬ ਵਾਸੀਆਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ, ਕਾਂਗਰਸ ਤੇ ਭਾਜਪਾ ਨੂੰ ਰਾਜ ਕਰਨ ਦੇ ਮੌਕੇ ਦਿੱਤੇ ਪਰ ਇਹ ਪਾਰਟੀਆਂ ਲੋਕਾਂ ਦੀਆਂ ਉਮੀਦਾਂ ’ਤੇ ਖਰੀਆਂ ਨਹੀਂ ਉਤਰੀਆਂ। ਹੁਣ ਲੋਕ ਪੰਜਾਬ ਦੀ ਸੇਵਾ ਅਤੇ ਸਿਆਸੀ ਤਬਦੀਲੀ ਲਿਆਉਣ ਲਈ ‘ਆਪ’ ਨੂੰ ਵੀ ਇਕ ਮੌਕਾ ਜ਼ਰੂਰ ਦੇਣ।
ਇਸ ਮੌਕੇ ਸਾਬਕਾ ਆਈਜੀ ਨੇ ਕਿਹਾ ਕਿ ਉਹ ‘ਆਪ’ ਰਾਹੀਂ ਸੂਬੇ ਵਿੱਚ ਰਾਜਨੀਤੀ ਨੂੰ ਇਕ ਨਵੀਂ ਦਿਸ਼ਾ ਦੇਣਾ ਚਾਹੁੰਦੇ ਹਨ। ਉਹ ਅਜਿਹੀ ਰਾਜਨੀਤੀ ਦਾ ਦੌਰ ਲਿਆਉਣਾ ਚਾਹੁੰਦੇ ਹਨ, ਜਿਸ ਵਿਚ ਹਰ ਪੰਜਾਬੀ ਦੀ ਭਾਗੀਦਾਰੀ ਹੋਵੇ ਅਤੇ ਸਰਬੱਤ ਦੇ ਭਲੇ ਲਈ ਕੰਮ ਕੀਤਾ ਜਾਵੇ। ਸੂਬੇ ਦੀ ਖੁਸ਼ਹਾਲੀ ਲਈ ਇਕ ਨਵੀਂ ਤੇ ਚੰਗੀ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਬਰਗਾੜੀ ਕਾਂਡ ਦੀ ਜਾਂਚ ਵਿੱਚ ਸਾਹਮਣੇ ਆਏ ਅੜਿੱਕਿਆਂ ਦਾ ਜ਼ਿਕਰ ਕੀਤਾ। ਇਸ ਮੌਕੇ ਭਗਵੰਤ ਮਾਨ ਨੇ ਵੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਸਰਬਜੀਤ ਕੌਰ ਮਾਣੂੰਕੇ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਸਮੇਤ ਹੋਰ ਸੀਨੀਅਰ ਆਗੂ ਹਾਜ਼ਰ ਸਨ। ਇਸ ਦੌਰਾਨ ਸ੍ਰੀ ਕੇਜਰੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਵੀ ਟੇਕਿਆ।
ਲਕਸ਼ਮੀ ਕਾਂਤਾ ਚਾਵਲਾ ਵੀ ਦੁਰਗਿਆਨਾ ਮੰਦਰ ਪੁੱਜੇ
ਅਰਵਿੰਦ ਕੇਜਰੀਵਾਲ ਦੁਰਗਿਆਨਾ ਮੰਦਰ ਵੀ ਮੱਥਾ ਟੇਕਣ ਵਾਸਤੇ ਗਏ। ਇਸ ਦੌਰਾਨ ਉੱਥੇ ਭਾਜਪਾ ਆਗੂ ਲਕਸ਼ਮੀ ਕਾਂਤਾ ਚਾਵਲਾ ਵੀ ਪੁੱਜੇ ਹੋਏ ਸਨ। ਮੰਦਰ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਨੇ ਆਖਿਆ ਕਿ ਪ੍ਰੋ. ਚਾਵਲਾ ਮੰਦਰ ਕਮੇਟੀ ਦੀ ਸਰਪ੍ਰਸਤ ਵੀ ਹਨ। ਇੱਥੇ ਦੱਸਣਯੋਗ ਹੈ ਕਿ ਪ੍ਰੋ. ਚਾਵਲਾ ਪਹਿਲਾਂ ਵੀ ਪਿਛਲੇ ਦੌਰੇ ਸਮੇਂ ਸਰਕਟ ਹਾਊਸ ਵਿੱਚ ਸ੍ਰੀ ਕੇਜਰੀਵਾਲ ਨੂੰ ਮਿਲ ਚੁੱਕੇ ਹਨ।
ਯੂਥ ਕਾਂਗਰਸ ਵੱਲੋਂ ਕੇਜਰੀਵਾਲ ਦੀ ਫੇਰੀ ਦਾ ਵਿਰੋਧ
ਯੂਥ ਕਾਂਗਰਸ ਦੇ ਕਾਰਕੁਨਾਂ ਨੇ ਕੇਜਰੀਵਾਲ ਦੀ ਆਮਦ ਦਾ ਵਿਰੋਧ ਕੀਤਾ। ਸ੍ਰੀ ਕੇਜਰੀਵਾਲ ਦੀ ਆਮਦ ’ਤੇ ਯੂਥ ਕਾਂਗਰਸ ਨੇ ਸ਼ਹਿਰ ਵਿਚ ਵੱਖ ਵੱਖ ਥਾਵਾਂ ’ਤੇ ਵਿਰੋਧ ਦਰਸਾਉਂਦੇ ਹੋਰਡਿੰਗ ਲਾਏ। ਉਨ੍ਹਾਂ ਸਰਕਟ ਹਾਊਸ ਨੇੜੇ ਕੇਜਰੀਵਾਲ ਦਾ ਕਾਫਲਾ ਆਉਣ ’ਤੇ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਵੀ ਦਿਖਾਏ। ਪ੍ਰਦਰਸ਼ਨਕਾਰੀ ‘ਕੇਜਰੀਵਾਲ ਵਾਪਸ ਜਾਓ’ ਦੇ ਨਾਅਰੇ ਲਾ ਰਹੇ ਸਨ।