ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਅਕਤੂਬਰ
ਸ਼੍ਰੋਮਣੀ ਕਮੇਟੀ ਨੇ ਮੰਗ ਕੀਤੀ ਹੈ ਕਿ ਸੀਬੀਐੱਸਈ ਵੱਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਭਾਸ਼ਾ ਦਾ ਦਰਜਾ ਦਿੱਤਾ ਜਾਵੇ ਅਤੇ ਇਸ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਨਾ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਅਲਪ ਵਿਸ਼ਾ ਨਹੀਂ ਹੈ, ਸਗੋਂ ਇਹ ਵਿਸ਼ਵ ਭਰ ਵਿੱਚ ਪੜ੍ਹੀ ਤੇ ਬੋਲੀ ਜਾਣ ਵਾਲੀ ਭਾਸ਼ਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮੁਖੀ ਵਿੱਚ ਹੈ ਅਤੇ ਜੇਕਰ ਬੱਚਿਆਂ ਨੂੰ ਪੰਜਾਬੀ ਭਾਸ਼ਾ ਨੂੰ ਪੜ੍ਹਨ-ਲਿਖਣ ਦਾ ਗਿਆਨ ਨਹੀਂ ਹੋਵੇਗਾ ਤਾਂ ਉਹ ਆਪਣੇ ਧਰਮ ਨਾਲ ਕਿਵੇਂ ਜੁੜ ਸਕਣਗੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਸ਼ਾਵਾਂ ਸਬੰਧੀ ਅਜਿਹੇ ਵਿਤਕਰੇ ਨੂੰ ਛੱਡ ਕੇ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ਵਿੱਚ ਮੁੜ ਸ਼ਾਮਲ ਕੀਤਾ ਜਾਵੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਨੂੰ ਸੌ ਸਾਲ ਪੂਰੇ ਹੋ ਚੁੱਕੇ ਹਨ। ਇਹ ਪੂਰਾ ਸਾਲ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਵਰ੍ਹੇ ਨੂੰ ਸਮਰਪਿਤ ਸੀ, ਜਿਸ ਤਹਿਤ ਵੱਖ-ਵੱਖ ਗੁਰਮਤਿ ਸਮਾਗਮ ਕਰਵਾਏ ਗਏ। ਇਸੇ ਲੜੀ ਤਹਿਤ ਗੁਰਦੁਆਰਾ ਸੁਧਾਰ ਲਹਿਰ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਿੱਖ ਮਿਸ਼ਨਰੀ ਕਾਲਜਾਂ ਦਾ ਗੁਰਮਤਿ ਸਮਾਗਮ ਭਲਕੇ 26 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਨੇ ਕਰੋਨਾ ਮਹਾਮਾਰੀ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਗੁਰੂ ਰਾਮਦਾਸ ਹਸਪਤਾਲ ਦੇ ਮੁਲਾਜ਼ਮਾਂ ਨੂੰ ਇਕ ਵਿਸ਼ੇਸ਼ ਤਰੱਕੀ ਦੇਣ ਦਾ ਫ਼ੈਸਲਾ ਲਿਆ ਹੈ, ਜਿਸ ਤਹਿਤ ਹਸਪਤਾਲ ਪ੍ਰਸ਼ਾਸਨ ਕੋਲੋਂ ਮੁਲਾਜ਼ਮਾਂ ਦੀਆਂ ਸੂਚੀਆਂ ਮੰਗੀਆਂ ਗਈਆਂ ਹਨ।