ਪਾਕਿਸਤਾਨੀ ਆਈ ਐੱਸ ਆਈ ਏਜੰਟਾਂ ਦੇ ਸੰਪਰਕ ਵਿੱਚ ਪੰਜਾਬੀ ਵਿਅਕਤੀ, 2 ਹੈਂਡ ਗਰਨੇਡ ਸਮੇਤ ਗ੍ਰਿਫ਼ਤਾਰ
ਪੰਜਾਬ ਪੁਲੀਸ ਦੇ ਇੱਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇੱਕ ਵਿਅਕਤੀ, ਜਿਸ ਦੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐੱਸ.ਆਈ.) ਦੇ ਏਜੰਟਾਂ ਨਾਲ ਸੰਪਰਕ ਹੋਣ ਦਾ ਦੋਸ਼ ਹੈ, ਨੂੰ ਦੋ ਹੈਂਡ ਗਰਨੇਡ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਗੌਰਵ ਯਾਦਵ ਨੇ ‘X’ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਇੱਕ ਵੱਡੀ ਸਫ਼ਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਤਰਨ ਤਾਰਨ ਦੇ ਰਹਿਣ ਵਾਲੇ ਰਵਿੰਦਰ ਸਿੰਘ ਉਰਫ਼ ਰਵੀ ਨੂੰ ਫੜਿਆ ਅਤੇ ਉਸ ਕੋਲੋਂ 2 ਹੈਂਡ ਗਰਨੇਡ ਬਰਾਮਦ ਕੀਤੇ।’’
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਦੇ ਆਈ.ਐੱਸ.ਆਈ. ਏਜੰਟਾਂ ਦੇ ਸੰਪਰਕ ਵਿੱਚ ਸੀ ਅਤੇ ਉਸ ਨੇ ਇਹ ਖੇਪ ਸਰਹੱਦ ਪਾਰੋਂ ਪ੍ਰਾਪਤ ਕੀਤੀ ਸੀ। ਡੀਜੀਪੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਘਰਿੰਡਾ ਥਾਣੇ ਵਿੱਚ ਇੱਕ ਐੱਫਆਈਆਰ ਦਰਜ ਕੀਤੀ ਗਈ ਹੈ।
ਯਾਦਵ ਨੇ ਕਿਹਾ, ‘‘ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।" ਉਨ੍ਹਾਂ ਕਿਹਾ, "ਪੰਜਾਬ ਪੁਲੀਸ ਅਤਿਵਾਦੀ ਨੈੱਟਵਰਕਾਂ ਨੂੰ ਬੇਅਸਰ ਕਰਨ, ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਸੂਬੇ ਭਰ ਵਿੱਚ ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।’’